HomePunjab Newsਭਾਜਪਾ 2027 ਲਈ ਐਕਸ਼ਨ ਮੋਡ ਵਿੱਚ, ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ...

ਭਾਜਪਾ 2027 ਲਈ ਐਕਸ਼ਨ ਮੋਡ ਵਿੱਚ, ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਇਕੱਲੇ ਚੋਣ ਲੜਨ ਦੀ ਤਿਆਰੀ

ਅਮਿਤ ਸ਼ਾਹ ਅਤੇ ਨਿਤਿਨ ਨਬੀਨ ਨਾਲ 4 ਘੰਟੇ ਦੀ ਮੀਟਿੰਗ; ਸੰਗਠਨ ਮਜ਼ਬੂਤ ਕਰਨ ਅਤੇ ਵਿਕਾਸ ਦੇ ਮੁੱਦੇ ‘ਤੇ ਚੋਣ ਲੜਨ ਦੇ ਨਿਰਦੇਸ਼

ਨਵੀਂ ਦਿੱਲੀ/ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲੇ ਚੋਣ ਲੜਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਹ ਫੈਸਲਾ ਸ਼ੁੱਕਰਵਾਰ ਰਾਤ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਅਗਵਾਈ ਹੇਠ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਹੋਈ ਅਹਿਮ ਮੀਟਿੰਗ ਦੌਰਾਨ ਲਿਆ ਗਿਆ।

ਕਰੀਬ ਚਾਰ ਘੰਟੇ ਚੱਲੀ ਇਸ ਮੀਟਿੰਗ ਵਿੱਚ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਸੰਗਠਨਕ ਢਾਂਚੇ, ਵਿਕਾਸ ਕਾਰਜਾਂ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਰਣਨੀਤੀ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਪਾਰਟੀ ਹਾਈਕਮਾਂਡ ਨੇ ਪੰਜਾਬ ਇਕਾਈ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ।

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਪਾਰਟੀ ਨੂੰ ਸੂਬੇ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣੀ ਤਿਆਰੀਆਂ ਤੇਜ਼ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਕਾਸ, ਸੁਸ਼ਾਸਨ ਅਤੇ ਲੋਕ ਭਲਾਈ ਦੇ ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ ਵਿੱਚ ਉਤਰੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕ ਸਥਿਤੀ ਲਗਾਤਾਰ ਚਿੰਤਾਜਨਕ ਬਣਦੀ ਜਾ ਰਹੀ ਹੈ, ਜਿਸ ਦਾ ਪ੍ਰਭਾਵ ਕਿਸਾਨਾਂ, ਵਪਾਰੀਆਂ, ਮੁਲਾਜ਼ਮਾਂ ਅਤੇ ਹੋਰ ਵਰਗਾਂ ‘ਤੇ ਪੈ ਰਿਹਾ ਹੈ। ਇਸ ਲਈ ਭਾਜਪਾ ਕੇਂਦਰ ਸਰਕਾਰ ਦੇ ਵਿਕਾਸ ਮਾਡਲ ਅਤੇ ਉਪਲਬਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਮੁਹਿੰਮ ਚਲਾਏਗੀ।

ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਨੂੰ ਮੌਜੂਦਾ ਹਾਲਾਤਾਂ ‘ਤੇ ਨਹੀਂ ਛੱਡਿਆ ਜਾ ਸਕਦਾ ਅਤੇ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਜਿਨ੍ਹਾਂ ਸੂਬਿਆਂ ਵਿੱਚ ਭਾਜਪਾ ਦੀ ਸਰਕਾਰ ਬਣੀ ਹੈ, ਉੱਥੇ ਆਰਥਿਕਤਾ ਅਤੇ ਕਾਨੂੰਨ-ਵਿਵਸਥਾ ਦੇ ਖੇਤਰ ਵਿੱਚ ਸੁਧਾਰ ਲਿਆਂਦੇ ਗਏ ਹਨ।

ਭਾਜਪਾ ਨੇ ਇਸ ਦੇ ਨਾਲ ਹੀ ਪੰਜਾਬ ਵਿੱਚ ਆਪਣੀ ਕੌਮੀ ਆਊਟਰੀਚ ਮੁਹਿੰਮ ਨੂੰ ਵੀ ਤੇਜ਼ ਕਰ ਦਿੱਤਾ ਹੈ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਅੰਮ੍ਰਿਤਸਰ ਦੇ ਦੌਰੇ ‘ਤੇ ਹਨ, ਜਦਕਿ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਵੀ ਜਲਦ ਪੰਜਾਬ ਪਹੁੰਚਣਗੇ। ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 20 ਤੋਂ 22 ਜੂਨ ਤੱਕ ਪੰਜਾਬ ਦੌਰੇ ‘ਤੇ ਰਹਿਣਗੇ ਅਤੇ ਲੁਧਿਆਣਾ ਤੇ ਅੰਮ੍ਰਿਤਸਰ ਵਿੱਚ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ।

ਮੀਟਿੰਗ ਵਿੱਚ ਕੇਵਲ ਸਿੰਘ ਢਿੱਲੋਂ ਤੋਂ ਇਲਾਵਾ ਸੁਨੀਲ ਜਾਖੜ, ਅਵਿਨਾਸ਼ ਰਾਏ ਖੰਨਾ, ਸ਼ਵੇਤ ਮਲਿਕ, ਅਸ਼ਵਨੀ ਸ਼ਰਮਾ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਮਨੋਰੰਜਨ ਕਾਲੀਆ, ਤਰੁਣ ਚੁੱਘ, ਇਕਬਾਲ ਸਿੰਘ ਲਾਲਪੁਰਾ, ਮਨਪ੍ਰੀਤ ਸਿੰਘ ਬਾਦਲ, ਫਤਿਹ ਸਿੰਘ ਬਾਜਵਾ, ਪਰਮਿੰਦਰ ਬਰਾੜ ਅਤੇ ਜੈ ਇੰਦਰ ਕੌਰ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments