Google search engine
Home Global ਸਲੋਵਾਕੀਆ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਸਰਵੋਚ ਸਨਮਾਨ

ਸਲੋਵਾਕੀਆ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਸਰਵੋਚ ਸਨਮਾਨ

ਸਲੋਵਾਕੀਆ ਦੀ ਰਾਜਧਾਨੀ ਬ੍ਰਾਤਿਸਲਾਵਾ ਵਿੱਚ ਦੌਰੇ ’ਤੇ ਮੌਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਜ ਸਲੋਵਾਕੀਆ ਦੇ ਸਰਵਉੱਚ ਨਾਗਰਿਕ ਸਨਮਾਨ ‘ਆਰਡਰ ਆਫ਼ ਦਿ ਵ੍ਹਾਈਟ ਡਬਲ ਕਰਾਸ’ (ਪਹਿਲਾ ਦਰਜਾ) ਨਾਲ ਨਿਵਾਜਿਆ ਗਿਆ। ਇਸ ਮੌਕੇ ਭਾਰਤ ਅਤੇ ਸਲੋਵਾਕੀਆ ਨੇ ਆਪਣੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਂਦੇ ਹੋਏ ਉਨ੍ਹਾਂ ਨੂੰ ‘ਵਿਆਪਕ ਭਾਈਵਾਲੀ’ ਦੇ ਪੱਧਰ ਤੱਕ ਉੱਚਾ ਚੁੱਕਣ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰੌਬਰਟ ਫਿਕੋ ਵਿਚਾਲੇ ਹੋਈਆਂ ਗੱਲਬਾਤਾਂ ਦੌਰਾਨ ਵਪਾਰ, ਰੱਖਿਆ ਅਤੇ ਹੋਰ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਉਤਸ਼ਾਹਿਤ ਕਰਨ ’ਤੇ ਸਹਿਮਤੀ ਬਣੀ। ਦੋਵਾਂ ਦੇਸ਼ਾਂ ਨੇ ਰੱਖਿਆ ਸਹਿਯੋਗ ਨਾਲ ਸਬੰਧਤ ਸਹਿਮਤੀ ਪੱਤਰ ਨੂੰ ਵੀ ਅੰਤਿਮ ਰੂਪ ਦਿੱਤਾ, ਜਿਸ ਬਾਰੇ ਮੋਦੀ ਨੇ ਕਿਹਾ ਕਿ ਇਸ ਨਾਲ ਦੋਵਾਂ ਦੇ ਰੱਖਿਆ ਉਦਯੋਗਾਂ ਨੂੰ ਨਵੀਂ ਰਫ਼ਤਾਰ ਮਿਲੇਗੀ।

ਦੋਵਾਂ ਆਗੂਆਂ ਨੇ ਭਾਰਤ-ਯੂਰੋਪੀਅਨ ਯੂਨੀਅਨ ਮੁਕਤ ਵਪਾਰ ਸਮਝੌਤੇ ਨੂੰ ਜਲਦ ਤੋਂ ਜਲਦ ਅੰਤਿਮ ਰੂਪ ਦੇਣ ਲਈ ਮਿਲ ਕੇ ਕੰਮ ਕਰਨ ’ਤੇ ਵੀ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਇਸ ਸਬੰਧੀ ਸਲੋਵਾਕੀਆ ਦੇ ਸਹਿਯੋਗ ਲਈ ਰੌਬਰਟ ਫਿਕੋ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ, ਜਿਸ ਨੂੰ ਫਿਕੋ ਨੇ ਜਨਤਕ ਤੌਰ ’ਤੇ ਸਵੀਕਾਰ ਕਰ ਲਿਆ।

ਆਪਣੀ ਹਫ਼ਤਾ ਭਰ ਦੀ ਯੂਰਪ ਯਾਤਰਾ ਦੇ ਹਿੱਸੇ ਵਜੋਂ ਬ੍ਰਾਤਿਸਲਾਵਾ ਪਹੁੰਚੇ ਮੋਦੀ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਬਣੀ ਇਹ ਵਿਆਪਕ ਭਾਈਵਾਲੀ ਸਾਂਝੇ ਭਰੋਸੇ, ਸਾਂਝੀਆਂ ਤਰਜੀਹਾਂ ਅਤੇ ਉਜਲੇ ਭਵਿੱਖ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਭਾਰਤ ਅਤੇ ਸਲੋਵਾਕੀਆ ਦੇ ਰਿਸ਼ਤਿਆਂ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਵੇਗਾ।

ਜ਼ਿਕਰਯੋਗ ਹੈ ਕਿ ਕਿਸੇ ਭਾਰਤੀ ਪ੍ਰਧਾਨ ਮੰਤਰੀ ਵੱਲੋਂ ਸਲੋਵਾਕੀਆ ਦਾ ਇਹ ਪਹਿਲਾ ਦੌਰਾ ਹੈ, ਜਿਸ ਨੂੰ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਮੰਨਿਆ ਜਾ ਰਿਹਾ ਹੈ।

Exit mobile version