Home Canada ਸਾਹਨੇਵਾਲ ਨਗਰ ਨਿਵਾਸੀਆਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਬਹੁਤ ਸ਼ਰਧਾ...

ਸਾਹਨੇਵਾਲ ਨਗਰ ਨਿਵਾਸੀਆਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਬਹੁਤ ਸ਼ਰਧਾ ਭਾਵਨਾ ਨਾਲ ਪਾਏ ਗਏ

ਸਰੀ (ਮਹੇਸ਼ਇੰਦਰ ਸਿੰਘ ਮਾਂਗਟ)– ਸਾਹਨੇਵਾਲ ਨਗਰ ਨਿਵਾਸੀਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਸਰਬੱਤ ਦੇ ਭਲੇ, ਚੜ੍ਹਦੀ ਕਲਾ ਅਤੇ ਸਮੂਹ ਮਨੁੱਖਤਾ ਦੀ ਭਲਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਗੁਰਦੁਆਰਾ ਸਿੰਘ ਸਭਾ ਸਰੀ ਵਿਖੇ ਬਹੁਤ ਹੀ ਸ਼ਰਧਾ, ਭਾਵਨਾ ਨਾਲ ਪਾਏ ਗਏ।

ਇਹ ਧਾਰਮਿਕ ਸਮਾਗਮ 12 ਜੂਨ ਤੋਂ ਆਰੰਭ ਹੋਇਆ ਅਤੇ 14 ਜੂਨ, ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਸਰੀ ਅਤੇ ਆਲੇ-ਦੁਆਲੇ ਦੇ ਸ਼ਹਿਰਾਂ ਵਿੱਚ ਵੱਸਦੇ ਸਾਹਨੇਵਾਲ ਨਗਰ ਨਾਲ ਸਬੰਧਤ ਪਰਿਵਾਰਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਸਮਾਗਮ ਦੌਰਾਨ ਸੰਗਤਾਂ ਨੇ ਗੁਰਬਾਣੀ ਕੀਰਤਨ ਅਤੇ ਨਾਮ ਸਿਮਰਨ ਰਾਹੀਂ ਗੁਰੂ ਚਰਨਾਂ ਵਿੱਚ ਆਪਣੀ ਸ਼ਰਧਾ ਪ੍ਰਗਟ ਕੀਤੀ। ਪ੍ਰਬੰਧਕਾਂ ਨੇ ਦੱਸਿਆ ਕਿ ਅਜਿਹੇ ਧਾਰਮਿਕ ਇਕੱਠਾਂ ਦਾ ਮੁੱਖ ਉਦੇਸ਼ ਸਿਰਫ਼ ਧਾਰਮਿਕ ਮਰਿਆਦਾ ਨੂੰ ਕਾਇਮ ਰੱਖਣਾ ਹੀ ਨਹੀਂ, ਸਗੋਂ ਵਿਦੇਸ਼ਾਂ ਵਿੱਚ ਵੱਸਦੇ ਪਰਿਵਾਰਾਂ ਨੂੰ ਇੱਕ ਮੰਚ ’ਤੇ ਇਕੱਠਾ ਕਰਕੇ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨਾ ਵੀ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਰਾਹੀਂ ਨਵੀਂ ਪੀੜ੍ਹੀ ਨੂੰ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਦਾ ਮੌਕਾ ਮਿਲਦਾ ਹੈ, ਜਦਕਿ ਪਰਿਵਾਰਿਕ ਮੈਂਬਰ ਆਪਸ ਵਿੱਚ ਮਿਲ ਬੈਠ ਕੇ ਸਾਂਝਾਂ ਨੂੰ ਹੋਰ ਗੂੜ੍ਹਾ ਬਣਾਉਂਦੇ ਹਨ।

ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ। ਇਸ ਤੋਂ ਬਾਅਦ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ, ਜਿਨ੍ਹਾਂ ਵਿੱਚ ਸੰਗਤਾਂ ਨੇ ਬੜੀ ਸ਼ਰਧਾ ਨਾਲ ਹਿੱਸਾ ਲਿਆ।

ਸਮਾਗਮ ਦੇ ਸਫਲ ਆਯੋਜਨ ਲਈ ਪ੍ਰਬੰਧਕਾਂ ਨੇ ਸਮੂਹ ਸੰਗਤਾਂ, ਸੇਵਾਦਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਇਹ ਧਾਰਮਿਕ ਸਮਾਗਮ ਚੜ੍ਹਦੀ ਕਲਾ ਨਾਲ ਸਮਾਪਤ ਹੋਏ |

 

Exit mobile version