ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੰਬੰਧਿਤ ਕਥਿਤ ਇਤਰਾਜ਼ਯੋਗ ਵੀਡੀਓ ਮਾਮਲੇ ’ਤੇ ਵਿਚਾਰ ਕੀਤਾ ਗਿਆ। ਸਿੰਘ ਸਾਹਿਬਾਨ ਵੱਲੋਂ ਪੇਸ਼ ਕੀਤੀਆਂ ਗਈਆਂ ਫੋਰੈਂਸਿਕ ਜਾਂਚ ਰਿਪੋਰਟਾਂ ਦੇ ਆਧਾਰ ’ਤੇ ਮੁੱਖ ਮੰਤਰੀ ਨੂੰ ‘ਗੁਰੂ ਦੋਖੀ’ ਅਤੇ ‘ਪੰਥ ਵਿਰੋਧੀ’ ਕਰਾਰ ਦਿੱਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਫੈਸਲਾ ਸੁਣਾਉਂਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਲਾਨ ਕੀਤਾ ਕਿ 29 ਜੂਨ ਨੂੰ ਪੰਜਾਬ ਸਰਕਾਰ ਦੀ ਸਮੁੱਚੀ ਕੈਬਨਿਟ ਅਤੇ ਸਾਰੇ ਸਿੱਖ ਵਿਧਾਇਕਾਂ ਨੂੰ, ਭਾਵੇਂ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਸਬੰਧਤ ਹੋਣ, ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕੀਤਾ ਗਿਆ ਹੈ।
ਜਥੇਦਾਰ ਗੜਗੱਜ ਨੇ ਦੱਸਿਆ ਕਿ ਵਿਵਾਦਿਤ ਵੀਡੀਓ ਦੀ ਜਾਂਚ ਭਾਰਤ ਦੀਆਂ ਦੋ ਮਾਨਤਾ ਪ੍ਰਾਪਤ ਫੋਰੈਂਸਿਕ ਲੈਬੋਰਟਰੀਆਂ ਤੋਂ ਕਰਵਾਈ ਗਈ ਸੀ। ਉਨ੍ਹਾਂ ਕਿਹਾ ਕਿ ਰਿਪੋਰਟਾਂ ਅਨੁਸਾਰ ਵੀਡੀਓ ਨਾਲ ਕਿਸੇ ਕਿਸਮ ਦੀ ਛੇੜਛਾੜ ਨਹੀਂ ਕੀਤੀ ਗਈ ਅਤੇ ਨਾ ਹੀ ਇਹ ਆਰਟੀਫ਼ੀਸ਼ੀਅਲ ਇੰਟੈਲੀਜੈਂਸ (AI) ਦੀ ਮਦਦ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਨਾਲ ਸੰਬੰਧਿਤ ਤਸਵੀਰਾਂ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਇਤਰਾਜ਼ਯੋਗ ਹਰਕਤ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।ਇਸ ਦੌਰਾਨ ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਵੱਲੋਂ ਗੁਰਦੁਆਰਿਆਂ ਦੀਆਂ ਗੋਲਕਾਂ ਸਬੰਧੀ ਦਿੱਤੇ ਗਏ ਇੱਕ ਬਿਆਨ ’ਤੇ ਵੀ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਆਪਣੇ ਦਾਅਵੇ ਨੂੰ ਸਾਬਤ ਕਰਨ ਦੀ ਚੁਣੌਤੀ ਦਿੱਤੀ।
ਅਸਤੀਫ਼ੇ ਦੀ ਮੰਗ ਤੇਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਬਾਅਦ ਵੱਖ-ਵੱਖ ਰਾਜਨੀਤਿਕ ਅਤੇ ਧਾਰਮਿਕ ਆਗੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫੋਰੈਂਸਿਕ ਜਾਂਚ ਵਿੱਚ ਵੀਡੀਓ ਦੇ ਅਸਲ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਨੈਤਿਕਤਾ ਦੇ ਆਧਾਰ ’ਤੇ ਮੁੱਖ ਮੰਤਰੀ ਨੂੰ ਅਹੁਦਾ ਛੱਡ ਦੇਣਾ ਚਾਹੀਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕਾਂਗਰਸੀ ਆਗੂ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਇਕ ਪਰਗਟ ਸਿੰਘ ਨੇ ਵੱਖ-ਵੱਖ ਬਿਆਨਾਂ ਰਾਹੀਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਗਈ ਇਹ ਕਾਰਵਾਈ ਪੰਜਾਬ ਦੀ ਰਾਜਨੀਤੀ ਅਤੇ ਸਿੱਖ ਪੰਥ ਦੇ ਇਤਿਹਾਸ ਵਿੱਚ ਮਹੱਤਵਪੂਰਨ ਘਟਨਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣ ਅਤੇ ਨੈਤਿਕ ਆਧਾਰ ’ਤੇ ਅਸਤੀਫ਼ਾ ਦੇਣ ਦੀ ਅਪੀਲ ਕੀਤੀ।
ਉਧਰ, ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਵੀ ਮੁੱਖ ਮੰਤਰੀ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਫੋਰੈਂਸਿਕ ਰਿਪੋਰਟਾਂ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਅਹੁਦੇ ’ਤੇ ਬਣੇ ਰਹਿਣ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕਾਨੂੰਨ ਅਤੇ ਨੈਤਿਕਤਾ ਦੇ ਮਾਪਦੰਡ ਹਰ ਨਾਗਰਿਕ ਲਈ ਇੱਕੋ ਜਿਹੇ ਹੋਣੇ ਚਾਹੀਦੇ ਹਨ।
