Google search engine
Home Punjab News ਮਹਿਲਾ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦੀ ਵੱਡੀ ਰਾਹਤ

ਮਹਿਲਾ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦੀ ਵੱਡੀ ਰਾਹਤ

ਚੰਡੀਗੜ੍ਹ: 17 ਜੂਨ 2026 (ਮਨੋਜ ਵਰਮਾ): ਪੰਜਾਬ ਸਰਕਾਰ ਨੇ ਮਹਿਲਾ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਅਤੇ ਉਨ੍ਹਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਮੁਹੱਈਆ ਕਰਵਾਉਣ ਲਈ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਇਹ ਫ਼ੈਸਲਾ ਕੀਤਾ ਗਿਆ ਕਿ ਗਰੁੱਪ C ਅਤੇ D ਦੀਆਂ ਮਹਿਲਾ ਕਰਮਚਾਰੀਆਂ ਨੂੰ ਪ੍ਰੋਬੇਸ਼ਨ ਮਿਆਦ ਪੂਰੀ ਹੋਣ ਮਗਰੋਂ ਉਨ੍ਹਾਂ ਦੇ ਘਰ ਦੇ ਨੇੜੇ ਤਾਇਨਾਤ ਕੀਤਾ ਜਾਵੇਗਾ।

ਮਹਿਲਾਵਾਂ ਨੂੰ ਲੰਬੇ ਸਫ਼ਰ ਦੀ ਦਿੱਕਤ ਤੋਂ ਮਿਲੇਗੀ ਰਾਹਤ

ਨਵੀਂ ਨੀਤੀ ਅਨੁਸਾਰ ਮਹਿਲਾ ਮੁਲਾਜ਼ਮਾਂ ਦੀ ਪੋਸਟਿੰਗ ਉਨ੍ਹਾਂ ਦੇ ਨਿਵਾਸ ਸਥਾਨ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਮਹਿਲਾਵਾਂ ਨੂੰ ਲੰਬੇ ਸਫ਼ਰ ਦੀ ਦਿੱਕਤ ਤੋਂ ਰਾਹਤ ਮਿਲੇਗੀ ਅਤੇ ਉਹ ਆਪਣੇ ਪਰਿਵਾਰਕ ਤੇ ਪੇਸ਼ੇਵਰ ਫ਼ਰਜ਼ਾਂ ਵਿਚ ਬਿਹਤਰ ਸੰਤੁਲਨ ਬਣਾ ਸਕਣਗੀਆਂ।

ਮਹਿਲਾਵਾਂ ਦੀ ਕਾਰਜਕੁਸ਼ਲਤਾ ਅਤੇ ਮਨੋਬਲ ਵਿੱਚ ਵੀ ਵਾਧਾ ਹੋਵੇਗਾ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਮਹਿਲਾਵਾਂ ਲਈ ਸੁਰੱਖਿਅਤ ਅਤੇ ਸੁਵਿਧਾਜਨਕ ਕਾਰਜ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਹ ਕਦਮ ਮਹਿਲਾ ਕਰਮਚਾਰੀਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਚੁੱਕਿਆ ਗਿਆ ਹੈ, ਜਿਸ ਨਾਲ ਉਨ੍ਹਾਂ ਦੀ ਕਾਰਜਕੁਸ਼ਲਤਾ ਅਤੇ ਮਨੋਬਲ ਵਿੱਚ ਵੀ ਵਾਧਾ ਹੋਵੇਗਾ।

ਉਨ੍ਹਾਂ ਇਹ ਵੀ ਦੁਹਰਾਇਆ ਕਿ ਮਹਿਲਾਵਾਂ ਦੀ ਸੁਰੱਖਿਆ, ਸਨਮਾਨ ਅਤੇ ਭਲਾਈ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ ਅਤੇ ਇਸ ਸਬੰਧੀ ਹੋਰ ਲੋਕ-ਹਿਤੈਸ਼ੀ ਫ਼ੈਸਲੇ ਵੀ ਲਗਾਤਾਰ ਲਏ ਜਾਂਦੇ ਰਹਿਣਗੇ।

Exit mobile version