ਅਮਰੀਕਾ ਅਤੇ ਇਰਾਨ ਵਿਚਾਲੇ ਹੋ ਰਹੇ ਸਮਝੌਤੇ ਨੂੰ ਲੈ ਕੇ ਅਜੇ ਵੀ ਅਨਿਸ਼ਚਿਤਤਾ ਬਣੀ ਹੋਈ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸਪੱਸ਼ਟ ਕੀਤਾ ਹੈ ਕਿ ਦੋਵੇਂ ਦੇਸ਼ਾਂ ਵਿਚਾਲੇ ਹਾਲੇ ਤੱਕ ਕੋਈ ਅੰਤਿਮ ਸਮਝੌਤਾ ਨਹੀਂ ਹੋਇਆ ਅਤੇ ਕਈ ਮਹੱਤਵਪੂਰਨ ਮੁੱਦਿਆਂ ’ਤੇ ਸਹਿਮਤੀ ਬਣਨੀ ਅਜੇ ਬਾਕੀ ਹੈ।
G7 ਸੰਮੇਲਨ ਦੌਰਾਨ ਮਿਸਰ ਦੇ ਰਾਸ਼ਟਰਪਤੀ ਅਬਦਲ ਫਤਹਿ ਅਲ-ਸੀਸੀ ਨਾਲ ਮੁਲਾਕਾਤ ਮੌਕੇ ਟਰੰਪ ਨੇ ਕਿਹਾ ਕਿ ਇਸ ਸਮੇਂ ਦੋਵੇਂ ਪਾਸਿਆਂ ਵਿਚਾਲੇ ਸਿਰਫ਼ ਇੱਕ ‘ਮੈਮੋਰੈਂਡਮ ਆਫ ਅੰਡਰਸਟੈਂਡਿੰਗ’ (MoU) ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੰਤਿਮ ਸਮਝੌਤੇ ਲਈ ਹੋਰ ਗੱਲਬਾਤ ਜ਼ਰੂਰੀ ਹੈ।
ਟਰੰਪ ਨੇ ਇਰਾਨ ਨੂੰ ਸਖ਼ਤ ਸੰਦੇਸ਼ ਦਿੰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਉਹ ਸਮਝੌਤੇ ਦੀਆਂ ਸ਼ਰਤਾਂ ਦੀ ਪਾਲਣਾ ਨਹੀਂ ਕਰਦਾ ਤਾਂ ਅਮਰੀਕਾ ਦੁਬਾਰਾ ਫੌਜੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਜੇ ਇਰਾਨ ਵੱਲੋਂ ਸਮਝੌਤੇ ਦੀ ਉਲੰਘਣਾ ਕੀਤੀ ਗਈ ਤਾਂ ਬੰਬਾਰੀ ਵਰਗੇ ਕਦਮ ਮੁੜ ਚੁੱਕੇ ਜਾ ਸਕਦੇ ਹਨ।
ਅਮਰੀਕੀ ਰਾਸ਼ਟਰਪਤੀ ਨੇ ਇਹ ਵੀ ਦਾਅਵਾ ਕੀਤਾ ਕਿ ਇਰਾਨ ਨਾਲ ਬਣੀ ਸਹਿਮਤੀ ਕਾਰਨ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਭਰੋਸਾ ਵਧਿਆ ਹੈ ਅਤੇ ਇਸ ਦੇ ਸਕਾਰਾਤਮਕ ਪ੍ਰਭਾਵ ਦਿਖਾਈ ਦੇਣ ਲੱਗੇ ਹਨ। ਉਨ੍ਹਾਂ ਮੁਤਾਬਕ ਦੁਨੀਆ ਦੇ ਸਭ ਤੋਂ ਅਹਿਮ ਸਮੁੰਦਰੀ ਵਪਾਰਕ ਰਸਤਿਆਂ ਵਿੱਚੋਂ ਇੱਕ ਹਰਮੁਜ਼ ਜਲ ਮਾਰਗ ਅਗਲੇ ਇੱਕ ਜਾਂ ਦੋ ਦਿਨਾਂ ਵਿੱਚ ਪੂਰੀ ਤਰ੍ਹਾਂ ਖੁੱਲ੍ਹ ਸਕਦਾ ਹੈ, ਜਿਸ ਨਾਲ ਤੇਲ ਸਪਲਾਈ ਅਤੇ ਵਿਸ਼ਵ ਵਪਾਰ ਨੂੰ ਰਾਹਤ ਮਿਲਣ ਦੀ ਉਮੀਦ ਹੈ।
ਇਸ ਦੌਰਾਨ ਇਰਾਨ ਨੇ ਇਜ਼ਰਾਈਲ ’ਤੇ ਗੰਭੀਰ ਦੋਸ਼ ਲਗਾਏ ਹਨ। ਤੇਹਰਾਨ ਦਾ ਕਹਿਣਾ ਹੈ ਕਿ ਲੈਬਨਾਨ ਵਿੱਚ ਅਮਰੀਕੀ ਮਦਦ ਨਾਲ ਹੋਏ ਜੰਗਬੰਦੀ ਸਮਝੌਤੇ ਤੋਂ ਬਾਅਦ ਇਜ਼ਰਾਈਲ ਨੇ 84 ਵਾਰ ਉਸ ਦੀ ਉਲੰਘਣਾ ਕੀਤੀ ਹੈ। ਇਰਾਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਜਿਹੀਆਂ ਕਾਰਵਾਈਆਂ ਜਾਰੀ ਰਹੀਆਂ ਤਾਂ ਉਹ ਇਸ ਦਾ ਸਖ਼ਤ ਜਵਾਬ ਦੇਵੇਗਾ।




