ਉੱਤਰਾਖੰਡ ਦੇ ਕਰਨਪ੍ਰਯਾਗ ਵਿਖੇ ਹੋਏ ਵਿਵਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਨਿਹੰਗ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨਾਲ ਸਬੰਧਿਤ ਸਿੱਖ ਆਗੂਆਂ ਦਾ ਇੱਕ ਵਫ਼ਦ ਅੱਜ ਦੇਹਰਾਦੂਨ ਵਿਖੇ ਸੂਬੇ ਦੇ ਡੀਜੀਪੀ ਦੀਪਮ ਸੇਠ ਨਾਲ ਮਿਲਿਆ। ਵਫ਼ਦ ਨੇ ਪੁਲੀਸ ਵੱਲੋਂ ਦਰਜ ਕੀਤੇ ਮਾਮਲੇ ਵਿੱਚ ਇੱਕਪਾਸੜ ਕਾਰਵਾਈ ਅਤੇ ਨੌਜਵਾਨਾਂ ਨੂੰ ਬਿਨਾਂ ਦਸਤਾਰ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੇ ਮਾਮਲੇ ਉੱਤੇ ਗੰਭੀਰ ਇਤਰਾਜ਼ ਜਤਾਇਆ।
ਵਫ਼ਦ ਵਿੱਚ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ, ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ, ਦਲੇਰ ਸਿੰਘ ਡੋਡ, ਰਸ਼ਪਾਲ ਸਿੰਘ ਸੋਸਨ ਅਤੇ ਗੰਗਵੀਰ ਸਿੰਘ ਸਮੇਤ ਹੋਰ ਆਗੂ ਸ਼ਾਮਲ ਸਨ। ਉੱਤਰਾਖੰਡ ਦੇ ਮੁੱਖ ਮੰਤਰੀ ਦੇ ਦੌਰੇ ’ਤੇ ਹੋਣ ਕਾਰਨ ਇਹ ਮੁਲਾਕਾਤ ਉਨ੍ਹਾਂ ਦੇ ਨਿਰਦੇਸ਼ਾਂ ਅਨੁਸਾਰ ਡੀਜੀਪੀ ਨਾਲ ਕਰਵਾਈ ਗਈ।
ਜ਼ਿਕਰਯੋਗ ਹੈ ਕਿ 16 ਜੂਨ ਨੂੰ ਕਰਨਪ੍ਰਯਾਗ ਵਿੱਚ ਇੱਕ ਮਾਮੂਲੀ ਗੱਲ ਨੂੰ ਲੈ ਕੇ ਸਥਾਨਕ ਲੋਕਾਂ ਅਤੇ ਨਿਹੰਗ ਸਿੱਖ ਨੌਜਵਾਨਾਂ ਵਿਚਾਲੇ ਝੜਪ ਹੋ ਗਈ ਸੀ। ਇਸ ਮਾਮਲੇ ਵਿੱਚ ਪੁਲੀਸ ਵੱਲੋਂ ਸਿਰਫ਼ ਨਿਹੰਗ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਉਨ੍ਹਾਂ ਨੂੰ ਬਿਨਾਂ ਦਸਤਾਰ ਅਦਾਲਤ ਵਿੱਚ ਪੇਸ਼ ਕਰਨ ਦੀ ਘਟਨਾ ’ਤੇ ਸਿੱਖ ਜਥੇਬੰਦੀਆਂ ਅਤੇ ਧਾਰਮਿਕ ਆਗੂਆਂ ਵੱਲੋਂ ਤਿੱਖਾ ਪ੍ਰਤੀਕਰਮ ਦਿੱਤਾ ਗਿਆ ਸੀ।
ਵਫ਼ਦ ਮੁਤਾਬਕ ਡੀਜੀਪੀ ਦੀਪਮ ਸੇਠ ਨੇ ਭਰੋਸਾ ਦਿਵਾਇਆ ਹੈ ਕਿ ਬਿਨਾਂ ਮੈਡੀਕਲ ਸਬੂਤਾਂ ਦੇ ਲਗਾਈ ਗਈ ਧਾਰਾ 307 ਅਤੇ ਹੋਰ ਵਿਵਾਦਤ ਧਾਰਾਵਾਂ ਦੀ ਸਮੀਖਿਆ ਕਰਕੇ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਆਗੂਆਂ ਨੇ ਉਮੀਦ ਜਤਾਈ ਕਿ ਨੌਜਵਾਨਾਂ ਨੂੰ ਜਲਦੀ ਇਨਸਾਫ਼ ਮਿਲੇਗਾ, ਪਰ ਨਾਲ ਹੀ ਚੇਤਾਵਨੀ ਵੀ ਦਿੱਤੀ ਕਿ ਜੇਕਰ ਮਾਮਲੇ ਵਿੱਚ ਪੱਖਪਾਤ ਜਾਂ ਦੇਰੀ ਹੋਈ ਤਾਂ ਸਿੱਖ ਜਥੇਬੰਦੀਆਂ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਣਗੀਆਂ।




