Google search engine
Home Punjab News ਪੰਜਾਬ ਕਾਂਗਰਸ ‘ਚ ਵੱਡੇ ਫੇਰਬਦਲ ਦੀ ਤਿਆਰੀ, ਹਾਈਕਮਾਂਡ ਨੇ ਮੁੜ ਸੱਦੇ ਸੀਨੀਅਰ...

ਪੰਜਾਬ ਕਾਂਗਰਸ ‘ਚ ਵੱਡੇ ਫੇਰਬਦਲ ਦੀ ਤਿਆਰੀ, ਹਾਈਕਮਾਂਡ ਨੇ ਮੁੜ ਸੱਦੇ ਸੀਨੀਅਰ ਆਗੂ

ਨਵੀਂ ਦਿੱਲੀ/ਚੰਡੀਗੜ੍ਹ – ਪੰਜਾਬ ਕਾਂਗਰਸ ਵਿੱਚ ਸੰਭਾਵਿਤ ਸੰਗਠਨਾਤਮਕ ਬਦਲਾਵਾਂ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਕਾਂਗਰਸ ਹਾਈਕਮਾਂਡ ਨੇ ਵੀਰਵਾਰ ਨੂੰ ਪੰਜਾਬ ਦੇ ਸੀਨੀਅਰ ਆਗੂਆਂ ਦੀ ਇੱਕ ਹੋਰ ਅਹਿਮ ਮੀਟਿੰਗ ਸੱਦੀ ਹੈ। ਪਾਰਟੀ ਅੰਦਰੋਂ ਮਿਲ ਰਹੀ ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਦੇ ਨਵੇਂ ਢਾਂਚੇ ਅਤੇ ਅਹਿਮ ਅਹੁਦਿਆਂ ਸਬੰਧੀ ਜਲਦ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ।

ਸੂਤਰਾਂ ਮੁਤਾਬਕ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਦੀ ਰਿਹਾਇਸ਼ ‘ਤੇ ਹੋਣ ਵਾਲੀ ਇਸ ਮੀਟਿੰਗ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਮੀਟਿੰਗ ਦਾ ਮੁੱਖ ਮਕਸਦ ਪੰਜਾਬ ਇਕਾਈ ਵਿੱਚ ਸਹਿਮਤੀ ਬਣਾਉਣਾ ਅਤੇ ਨਵੇਂ ਸੰਗਠਨਾਤਮਕ ਢਾਂਚੇ ਨੂੰ ਅੰਤਿਮ ਰੂਪ ਦੇਣਾ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੀ ਸਥਿਤੀ ਅਤੇ ਹੇਠਲੇ ਪੱਧਰ ਤੱਕ ਪਾਰਟੀ ਵਰਕਰਾਂ ਦੀ ਰਾਏ ਜਾਣਨ ਲਈ ਹਾਈਕਮਾਂਡ ਵੱਲੋਂ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ। ਕਮੇਟੀ ਨੇ ਕਈ ਦਿਨਾਂ ਤੱਕ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਨ ਤੋਂ ਬਾਅਦ ਆਪਣੀ ਰਿਪੋਰਟ ਹਾਈਕਮਾਂਡ ਨੂੰ ਸੌਂਪ ਦਿੱਤੀ ਹੈ।

ਪੰਜਾਬ ਕਾਂਗਰਸ ਵਿੱਚ ਇਸ ਵੇਲੇ ਕਈ ਸੀਨੀਅਰ ਆਗੂ ਅਹਿਮ ਜ਼ਿੰਮੇਵਾਰੀਆਂ ਦੀ ਦੌੜ ਵਿੱਚ ਮੰਨੇ ਜਾ ਰਹੇ ਹਨ। ਇਨ੍ਹਾਂ ਵਿੱਚ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਦੇ ਨਾਮ ਪ੍ਰਮੁੱਖ ਹਨ।

ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਹਾਈਕਮਾਂਡ ਵੱਲੋਂ ਪੰਜਾਬ ਦੇ ਸਾਰੇ ਧੜਿਆਂ ਨੂੰ ਨਾਲ ਲੈ ਕੇ ਚੱਲਣ ਲਈ ਸੰਤੁਲਿਤ ਫਾਰਮੂਲੇ ‘ਤੇ ਕੰਮ ਕੀਤਾ ਜਾ ਰਿਹਾ ਹੈ। ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਆਗੂਆਂ ਵੱਲੋਂ ਦਿਖਾਈ ਗਈ ਇਕਜੁਟਤਾ ਨੂੰ ਵੀ ਇਸੇ ਪ੍ਰਕਿਰਿਆ ਦਾ ਹਿੱਸਾ ਮੰਨਿਆ ਜਾ ਰਿਹਾ ਹੈ।

Exit mobile version