ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ‘ਗੁਰੂ ਕੀ ਗੋਲਕ’ ਦੀ ਮਾਇਆ ਕਿਸੇ ਇੱਕ ਪਰਿਵਾਰ ਦੀ ਸਿਆਸਤ ਚਮਕਾਉਣ ਲਈ ਨਹੀਂ, ਸਗੋਂ ਪੰਥ ਦੀ ਸੇਵਾ ਲਈ ਵਰਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਤਿਹਾਸਕ ਗੁਰਦੁਆਰਿਆਂ ਵਿੱਚ ਲਗਾਏ ਜਾ ਰਹੇ ਫਲੈਕਸ ਬੋਰਡਾਂ ਰਾਹੀਂ ਸਿਆਸੀ ਧੜੇਬੰਦੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਪਾਰਟੀ ਦਫ਼ਤਰ ਵਿੱਚ ਹੋਈ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 2 ਦਸੰਬਰ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮਿਆਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਿੱਚ ਮਤਾ ਲਿਆਂਦਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਨੇ ਹੁਕਮਨਾਮਿਆਂ ਦੀ ਪਾਲਣਾ ਨਹੀਂ ਕੀਤੀ, ਇਸ ਲਈ ਉਨ੍ਹਾਂ ਖ਼ਿਲਾਫ਼ ਕਾਰਵਾਈ ਅਤੇ ਸਮਾਜਿਕ ਬਾਈਕਾਟ ‘ਤੇ ਵਿਚਾਰ ਹੋਣਾ ਚਾਹੀਦਾ ਹੈ।
ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਐਗਜ਼ੈਕਟਿਵ ਮੈਂਬਰ ਮਿੱਠੂ ਸਿੰਘ ਕਾਹਨਕੇ ਸਮੇਤ ਕਈ ਸੀਨੀਅਰ ਆਗੂ ਅਤੇ ਮੈਂਬਰ ਮੌਜੂਦ ਸਨ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿਆਸੀ ਲਾਭ ਲਈ ਵਰਤਣਾ ਠੀਕ ਨਹੀਂ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਗੁਰਦੁਆਰਿਆਂ ਵਿੱਚ ਲੱਗ ਰਹੇ ਵਿਵਾਦਤ ਫਲੈਕਸ ਬੋਰਡਾਂ ‘ਤੇ ਤੁਰੰਤ ਰੋਕ ਲਗਾਈ ਜਾਵੇ।
ਉਨ੍ਹਾਂ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਵੀ ਘੇਰਦਿਆਂ ਬੇਅਦਬੀ ਮਾਮਲਿਆਂ, ਮੁੱਖ ਮੰਤਰੀ ਨਾਲ ਜੁੜੇ ਵਿਵਾਦ ਅਤੇ ਔਰਤਾਂ ਨੂੰ ₹1,000 ਮਹੀਨਾ ਦੇਣ ਦੇ ਵਾਅਦੇ ਸਬੰਧੀ ਸਵਾਲ ਉਠਾਏ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਲਿਆ ਗਿਆ ਕਰਜ਼ਾ ਚੋਣੀ ਵਾਅਦਿਆਂ ਨੂੰ ਪੂਰਾ ਕਰਨ ਲਈ ਵਰਤਿਆ ਜਾ ਰਿਹਾ ਹੈ।




