ਅੰਮ੍ਰਿਤਸਰ: ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਕਈ ਘੰਟਿਆਂ ਤੱਕ ਚੱਲੀ ਇਤਿਹਾਸਕ ਅਤੇ ਭਾਵੁਕ ਸੁਣਵਾਈ ਮਹੱਤਵਪੂਰਨ ਫ਼ੈਸਲਿਆਂ ਨਾਲ ਸਮਾਪਤ ਹੋਈ। ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਰਕਾਰ ਨੂੰ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਅਤੇ ਉਦੋਂ ਤੱਕ ਇਸ ਐਕਟ ’ਤੇ ਤੁਰੰਤ ਰੋਕ ਲਗਾਉਣ ਦੇ ਆਦੇਸ਼ ਜਾਰੀ ਕੀਤੇ।
ਸੁਣਵਾਈ ਦੌਰਾਨ ਪੰਜ ਸਿੰਘ ਸਾਹਿਬਾਨ ਨੇ ਕਿਹਾ ਕਿ ਪੰਜਾਬ ਦੇ ਸਮੂਹ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਦਾ ਨੈਤਿਕ ਫ਼ਰਜ਼ ਹੈ ਕਿ ਉਹ ਇੱਕ ਮਹੀਨੇ ਦੇ ਅੰਦਰ ਵਿਧਾਨ ਸਭਾ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਠਾਏ ਗਏ ਸਾਰੇ ਇਤਰਾਜ਼ਾਂ ਨੂੰ ਦੂਰ ਕਰਨ। ਇਸ ਐਲਾਨ ਨੂੰ ਹਾਲ ਵਿੱਚ ਮੌਜੂਦ ਸਾਰੇ ਵਿਧਾਇਕਾਂ ਨੇ ਸਹਿਮਤੀ ਨਾਲ ਪ੍ਰਵਾਨ ਕੀਤਾ।
ਫ਼ੈਸਲੇ ਦੇ ਐਲਾਨ ਮਗਰੋਂ ਹਾਲ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਇੱਕਸੁਰ ਹੋ ਕੇ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਨਿਰਧਾਰਤ ਸਮੇਂ ਦੇ ਅੰਦਰ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਲਈ ਯਤਨ ਕੀਤੇ ਜਾਣਗੇ।
ਮੀਟਿੰਗ ਦਾ ਸਮਾਪਨ ਵੀ ਬਹੁਤ ਹੀ ਸ਼ਾਂਤਮਈ ਅਤੇ ਅਧਿਆਤਮਕ ਮਾਹੌਲ ਵਿੱਚ ਹੋਇਆ। ਸੁਣਵਾਈ ਤੋਂ ਬਾਅਦ ਕਾਰਜਕਾਰੀ ਜਥੇਦਾਰ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ, ਮੰਤਰੀਆਂ ਅਤੇ ਵਿਧਾਇਕਾਂ ਨੇ ਇਕੱਠੇ ਗੁਰਬਾਣੀ ਦਾ ਜਾਪ ਕੀਤਾ। ਗੁਰਬਾਣੀ ਦੇ ਪਵਿੱਤਰ ਉਚਾਰਨ ਨਾਲ ਇਸ ਇਤਿਹਾਸਕ ਬੈਠਕ ਦਾ ਸਮਾਪਨ ਹੋਇਆ, ਜਿਸ ਨਾਲ ਪਿਛਲੇ ਕੁਝ ਦਿਨਾਂ ਤੋਂ ਬਣੇ ਸਿਆਸੀ ਤਣਾਅ ਵਿੱਚ ਵੀ ਕਾਫ਼ੀ ਹੱਦ ਤੱਕ ਨਰਮੀ ਆਉਂਦੀ ਦਿਖਾਈ ਦਿੱਤੀ।




