HomePunjab Newsਪੰਜਾਬ ਦੀ ਜਵਾਨੀ ਦੀ ਸੁਰੱਖਿਆ ਸਾਡਾ ਸਭ ਤੋਂ ਵੱਡਾ ਫਰਜ਼: ਭਗਵੰਤ ਮਾਨ

ਪੰਜਾਬ ਦੀ ਜਵਾਨੀ ਦੀ ਸੁਰੱਖਿਆ ਸਾਡਾ ਸਭ ਤੋਂ ਵੱਡਾ ਫਰਜ਼: ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਕਰਦਿਆਂ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਤੱਕ ਇਸ ਮੁਹਿੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ‘ਜ਼ੀਰੋ ਟੋਲਰੈਂਸ’ ਦੀ ਨੀਤੀ ਅਧੀਨ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ।

ਬਠਿੰਡਾ ਦੇ ਲੇਕ ਵਿਊ ਗੈਸਟ ਹਾਊਸ ਤੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਵਿਲੇਜ ਡਿਫੈਂਸ ਕਮੇਟੀਆਂ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਅਤੇ ਵੱਡੇ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਹੁਣ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਿੰਡ ਪੱਧਰ ਤੱਕ ਲੈ ਜਾਣ ਦੀ ਲੋੜ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਵਿਲੇਜ ਡਿਫੈਂਸ ਕਮੇਟੀਆਂ ਨੇ ਪਿਛਲੇ ਤਿੰਨ ਮਹੀਨਿਆਂ ਦੌਰਾਨ ਨਸ਼ਾ ਤਸਕਰਾਂ ਖ਼ਿਲਾਫ਼ 13 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਮਹੀਨੇ ਕਮੇਟੀਆਂ ਦੀਆਂ ਮੀਟਿੰਗਾਂ ਕਰਨ, ਘੱਟ ਸਰਗਰਮ ਖੇਤਰਾਂ ਵਿੱਚ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਅਤੇ ਸੂਚਨਾ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖਣ ਦੇ ਨਿਰਦੇਸ਼ ਦਿੱਤੇ।

ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੀ ਸਮਰੱਥਾ ਵਿੱਚ ਵੀ ਵੱਡਾ ਵਾਧਾ ਕੀਤਾ ਹੈ। ਸਰਕਾਰੀ ਕੇਂਦਰਾਂ ਵਿੱਚ ਬੈੱਡਾਂ ਦੀ ਗਿਣਤੀ 1,500 ਤੋਂ ਵਧਾ ਕੇ 5,000 ਕਰ ਦਿੱਤੀ ਗਈ ਹੈ, ਜਦਕਿ ਓਟ (OOT) ਕੇਂਦਰਾਂ ਦੀ ਗਿਣਤੀ 529 ਤੋਂ ਵਧਾ ਕੇ 565 ਕਰ ਦਿੱਤੀ ਗਈ ਹੈ। ਨਾਲ ਹੀ, ਇਨ੍ਹਾਂ ਕੇਂਦਰਾਂ ਵਿੱਚ ਲੋੜੀਂਦੀਆਂ ਦਵਾਈਆਂ ਅਤੇ ਹੋਰ ਸਹੂਲਤਾਂ ਦੀ ਨਿਰੰਤਰ ਉਪਲਬਧਤਾ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਉਨ੍ਹਾਂ ‘ਸੂਰਮਾ’ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੋ ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਨਸ਼ਿਆਂ ਤੋਂ ਦੂਰ ਰਹਿ ਰਹੇ ਵਿਅਕਤੀਆਂ ਨੂੰ ‘ਨਸ਼ਾ ਮੁਕਤੀ ਦੇ ਦੂਤ’ ਵਜੋਂ ਸਮਾਜ ਵਿੱਚ ਪ੍ਰੇਰਕ ਭੂਮਿਕਾ ਨਿਭਾਉਣ ਲਈ ਅੱਗੇ ਲਿਆਂਦਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਜੰਗ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments