HomePunjab News5 ਜੁਲਾਈ ਨੂੰ ਵੱਡੇ ਪੰਥਕ ਇਕੱਠ ਦੀ ਤਿਆਰੀ, ਸ਼੍ਰੋਮਣੀ ਕਮੇਟੀ ਨੇ ਸੰਗਤ...

5 ਜੁਲਾਈ ਨੂੰ ਵੱਡੇ ਪੰਥਕ ਇਕੱਠ ਦੀ ਤਿਆਰੀ, ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਕੀਤਾ ਲਾਮਬੰਦ

ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਵਾਦਤ ਵੀਡੀਓ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋਮਣੀ ਕਮੇਟੀ) ਨੇ 5 ਜੁਲਾਈ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਵਿਸ਼ਾਲ ਪੰਥਕ ਇਕੱਠ ਸੱਦਣ ਦਾ ਐਲਾਨ ਕੀਤਾ ਹੈ। ਇਹ ਇਕੱਠ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਆਦੇਸ਼ਾਂ ਦੇ ਸੰਦਰਭ ਵਿੱਚ ਸੰਗਤ ਦੀ ਰਾਇ ਅਤੇ ਅਗਲੀ ਰਣਨੀਤੀ ਤੈਅ ਕਰਨ ਲਈ ਬੁਲਾਇਆ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ ਅਤੇ ਸੰਤ ਸਮਾਜ ਦੇ ਮੁਖੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ 5 ਜੁਲਾਈ ਦੇ ਇਕੱਠ ਵਿੱਚ ਸ਼ਮੂਲੀਅਤ ਲਈ ਸੱਦਾ ਦਿੱਤਾ।

ਇਸ ਦੌਰਾਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ (96ਵੇਂ ਕਰੋੜੀ), ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਬਾਬਾ ਹਾਕਮ ਸਿੰਘ, ਰੇਸ਼ਮ ਸਿੰਘ ਬਰਨਾਲਾ ਅਤੇ ਬਾਬਾ ਜਗਜੀਤ ਸਿੰਘ ਲੋਪੋ ਵਾਲਿਆਂ ਸਮੇਤ ਕਈ ਧਾਰਮਿਕ ਆਗੂਆਂ ਨਾਲ ਮੌਜੂਦਾ ਪੰਥਕ ਮਸਲਿਆਂ ਅਤੇ ਚੁਣੌਤੀਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਬੰਧੀ ਜਾਰੀ ਕੀਤੇ ਗਏ ਆਦੇਸ਼ਾਂ ਦਾ ਸੰਦੇਸ਼ ਪੰਜਾਬ ਦੇ ਹਰ ਪਿੰਡ ਅਤੇ ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸੇ ਤਹਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਬਾਈਕਾਟ ਸਬੰਧੀ ਫਲੈਕਸ ਬੋਰਡ ਵੀ ਲਗਾਏ ਗਏ ਹਨ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਹਰ ਸਿੱਖ ਲਈ ਸਿਰਮੌਰ ਹੈ ਅਤੇ 5 ਜੁਲਾਈ ਦਾ ਪੰਥਕ ਇਕੱਠ ਕੌਮ ਦੀ ਇਕਜੁੱਟਤਾ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੋਵੇਗਾ। ਉਨ੍ਹਾਂ ਕਿਹਾ ਕਿ ਗੁਰੂ ਘਰ ਅਤੇ ਪੰਥ ਵਿਰੋਧੀ ਤਾਕਤਾਂ ਦੀ ਪਛਾਣ ਕਰਕੇ ਇਕਜੁੱਟ ਹੋ ਕੇ ਟਾਕਰਾ ਕਰਨਾ ਸਮੇਂ ਦੀ ਲੋੜ ਹੈ।

ਉੱਧਰ, ਜਥੇਦਾਰ ਗਿਆਨੀ ਟੇਕ ਸਿੰਘ ਨੇ ਸਿੱਖ ਜਥੇਬੰਦੀਆਂ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚੋਂ ਵੱਧ ਤੋਂ ਵੱਧ ਗਿਣਤੀ ਵਿੱਚ 5 ਜੁਲਾਈ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਹੁੰਚਣ। ਸੰਤ ਸਮਾਜ ਦੇ ਮਹਾਂਪੁਰਖਾਂ ਨੇ ਵੀ ਭਰੋਸਾ ਦਿੱਤਾ ਕਿ ਉਹ ਸੰਗਤ ਸਮੇਤ ਵੱਡੀ ਗਿਣਤੀ ਵਿੱਚ ਇਸ ਇਕੱਠ ਵਿੱਚ ਸ਼ਮੂਲੀਅਤ ਕਰਨਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments