Google search engine
Home Punjab News ਰਾਜਾ ਵੜਿੰਗ ਹੀ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ, ਚਰਨਜੀਤ ਸਿੰਘ ਚੰਨੀ ਨੂੰ...

ਰਾਜਾ ਵੜਿੰਗ ਹੀ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ, ਚਰਨਜੀਤ ਸਿੰਘ ਚੰਨੀ ਨੂੰ ਮਿਲੀ ਚੋਣ ਪ੍ਰਚਾਰ ਕਮੇਟੀ ਦੀ ਕਮਾਨ

ਆਲ ਇੰਡੀਆ ਕਾਂਗਰਸ ਕਮੇਟੀ (AICC) ਨੇ ਲੰਬੇ ਇੰਤਜ਼ਾਰ ਤੋਂ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਚਾਰ ਅਹਿਮ ਕਮੇਟੀਆਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੂਬਾ ਪ੍ਰਧਾਨ ਦੇ ਅਹੁਦੇ ‘ਤੇ ਬਰਕਰਾਰ ਰੱਖਿਆ ਹੈ।

ਰਾਜਾ ਵੜਿੰਗ ਦੇ ਨਾਲ ਹੁਣ ਤਿੰਨ ਵਰਕਿੰਗ ਪ੍ਰਧਾਨ ਵੀ ਕੰਮ ਕਰਨਗੇ, ਜਿਨ੍ਹਾਂ ਵਿੱਚ ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ ਅਤੇ ਸੰਗਤ ਸਿੰਘ ਗਿਲਜ਼ੀਆ ਦੇ ਨਾਮ ਸ਼ਾਮਲ ਹਨ। ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਵਿਰੋਧੀ ਧਿਰ ਦੇ ਨੇਤਾ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ।

ਸਭ ਤੋਂ ਅਹਿਮ ਮੰਨੀ ਜਾ ਰਹੀ ਚੋਣ ਪ੍ਰਚਾਰ ਕਮੇਟੀ ਦੀ ਕਮਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੌਂਪੀ ਗਈ ਹੈ। ਉਨ੍ਹਾਂ ਦੇ ਨਾਲ ਸਹਿ-ਚੇਅਰਮੈਨ ਵਜੋਂ ਰਾਣਾ ਗੁਰਜੀਤ ਸਿੰਘ, ਸੁਖਪਾਲ ਸਿੰਘ ਖਹਿਰਾ ਅਤੇ ਡਾ. ਧਰਮਵੀਰ ਗਾਂਧੀ ਨੂੰ ਸ਼ਾਮਲ ਕੀਤਾ ਗਿਆ ਹੈ।

ਪਾਰਟੀ ਨੇ ਚੋਣ ਮੈਨੇਜਮੈਂਟ ਅਤੇ ਕੋਆਰਡੀਨੇਸ਼ਨ ਕਮੇਟੀ ਦੀ ਜ਼ਿੰਮੇਵਾਰੀ ਵਿਜੇ ਇੰਦਰ ਸਿੰਗਲਾ ਨੂੰ ਦਿੱਤੀ ਹੈ। ਇਸ ਕਮੇਟੀ ਵਿੱਚ ਓ.ਪੀ. ਸੋਨੀ, ਰਜ਼ੀਆ ਸੁਲਤਾਨਾ, ਕੁਲਜੀਤ ਸਿੰਘ ਨਾਗਰਾ, ਅੰਗਦ ਸਿੰਘ ਸੈਣੀ ਅਤੇ ਭਾਰਤ ਭੂਸ਼ਣ ਆਸ਼ੂ ਸਹਿ-ਚੇਅਰਮੈਨ ਵਜੋਂ ਕੰਮ ਕਰਨਗੇ।

ਇਸ ਤੋਂ ਇਲਾਵਾ ਕੋਰ ਕਮੇਟੀ ਦੇ ਚੇਅਰਮੈਨ ਵਜੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਨਿਯੁਕਤ ਕੀਤਾ ਗਿਆ ਹੈ, ਜਦਕਿ ਮੈਨੀਫੈਸਟੋ ਕਮੇਟੀ ਦੀ ਕਮਾਨ ਸੰਸਦ ਮੈਂਬਰ ਡਾ. ਅਮਰ ਸਿੰਘ ਨੂੰ ਦਿੱਤੀ ਗਈ ਹੈ। ਇਸ ਕਮੇਟੀ ਵਿੱਚ ਗੁਰਜੀਤ ਸਿੰਘ ਔਜਲਾ, ਪਰਗਟ ਸਿੰਘ, ਹਰਦਿਆਲ ਸਿੰਘ ਕੰਬੋਜ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਸਹਿ-ਚੇਅਰਮੈਨ ਬਣਾਇਆ ਗਿਆ ਹੈ।

ਕਾਂਗਰਸ ਹਾਈਕਮਾਂਡ ਨੇ ਇਹ ਨਿਯੁਕਤੀਆਂ ਕਰਦਿਆਂ ਵੱਖ-ਵੱਖ ਧੜਿਆਂ, ਖੇਤਰਾਂ ਅਤੇ ਸਮਾਜਿਕ ਵਰਗਾਂ ਵਿੱਚ ਸੰਤੁਲਨ ਬਣਾਉਣ ਦੀ ਕੋਸ਼ਿਸ਼ ਕੀਤੀ ਹੈ, ਤਾਂ ਜੋ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਅੰਦਰ ਏਕਤਾ ਬਣੀ ਰਹੇ ਅਤੇ ਸੰਗਠਨ ਨੂੰ ਮਜ਼ਬੂਤੀ ਮਿਲ ਸਕੇ।

Exit mobile version