ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਆਪਣੇ ਪਹਿਲਾਂ ਤੋਂ ਲਏ ਗਏ ਫੈਸਲੇ ਅਨੁਸਾਰ ਭਾਈ ਮਰਦਾਨਾ ਜੀ ਦੇ ਪਾਕਿਸਤਾਨ ਵਸਦੇ ਵੰਸ਼ਜ਼ਾਂ ਨੂੰ ਆਰਥਿਕ ਸਹਾਇਤਾ ਜਾਰੀ ਰੱਖਦਿਆਂ 1 ਲੱਖ ਰੁਪਏ ਦੀ ਭਾਰਤੀ ਕਰੰਸੀ ਸੌਂਪੀ ਹੈ। ਇਹ ਰਕਮ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਰਾਹੀਂ ਭਾਈ ਲਾਲ ਅਤੇ ਉਨ੍ਹਾਂ ਦੇ ਸਾਥੀਆਂ ਤੱਕ ਪਹੁੰਚਾਈ ਗਈ।
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਅਜ਼ਾਦਦੀਪ ਸਿੰਘ ਨੇ ਦੱਸਿਆ ਕਿ SGPC ਵੱਲੋਂ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਲਈ ਧਰਮ ਪ੍ਰਚਾਰ ਕਮੇਟੀ ਦੇ ਫੰਡਾਂ ਵਿੱਚੋਂ ਹਰ ਮਹੀਨੇ 21 ਹਜ਼ਾਰ ਰੁਪਏ ਦੀ ਸਹਾਇਤਾ ਮਨਜ਼ੂਰ ਕੀਤੀ ਗਈ ਹੈ। ਇਸੇ ਯੋਜਨਾ ਤਹਿਤ ਸਮੇਂ-ਸਮੇਂ ‘ਤੇ ਇਹ ਰਕਮ ਪਾਕਿਸਤਾਨ ਰਹਿੰਦੇ ਪਰਿਵਾਰ ਨੂੰ ਭੇਜੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਾਈ ਮਰਦਾਨਾ ਜੀ ਦੇ ਵੰਸ਼ਜ਼ ਅੱਜ ਵੀ ਕੀਰਤਨ ਪਰੰਪਰਾ ਨਾਲ ਜੁੜੇ ਹੋਏ ਹਨ।
ਇਹ ਸਹਾਇਤਾ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਪਾਕਿਸਤਾਨ ਗਏ ਜਥੇ ਦੇ ਆਗੂ ਅਤੇ SGPC ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਅਤੇ ਮੀਤ ਸਕੱਤਰ ਅਜ਼ਾਦਦੀਪ ਸਿੰਘ ਵੱਲੋਂ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਸੌਂਪੀ ਗਈ। ਜਥਾ 30 ਜੂਨ ਨੂੰ ਭਾਰਤ ਵਾਪਸ ਪਰਤਿਆ।
ਇਸ ਦੌਰਾਨ SGPC ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਸਮਾਧ ਮਹਾਰਾਜਾ ਰਣਜੀਤ ਸਿੰਘ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਲਈ ਨਿਸ਼ਾਨ ਸਾਹਿਬ ਦੇ 7 ਨਵੇਂ ਚੋਲੇ ਵੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਟ ਕੀਤੇ ਗਏ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਹੋਰ ਅਹੁਦੇਦਾਰਾਂ ਅਤੇ ਈ.ਟੀ.ਬੀ.ਪੀ. ਦੇ ਅਧਿਕਾਰੀਆਂ ਨੂੰ ਲੋਈਆਂ, ਕਿਰਪਾਨਾਂ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਪ੍ਰਕਾਰ ਦੇ ਕੀਤੇ ਸੁਚੱਜੇ ਪ੍ਰਬੰਧਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਸ਼੍ਰੋਮਣੀ ਕਮੇਟੀ ਨੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਈ.ਟੀ.ਬੀ.ਪੀ. ਗੁਰਦੁਆਰਿਆਂ ਦੇ ਦਰਸ਼ਨਾਂ ਲਈ ਭਾਰਤ ਤੋਂ ਜਾਣ ਵਾਲੇ ਯਾਤਰੂਆਂ ਲਈ ਇਕ ਦੂਜੇ ਨਾਲ ਸਹਿਯੋਗ ਕਰਦੇ ਰਹਿਣਗੇ।
