HomePunjab News'ਪੰਜਾਬ ਫ਼ਾਰਮੂਲੇ' ਤੋਂ ਬਾਅਦ ਕਾਂਗਰਸ ਵਿੱਚ ਖ਼ਾਮੋਸ਼ੀ, ਚੰਨੀ ਤੇ ਰੰਧਾਵਾ ਦੀ ਚੁੱਪੀ...

‘ਪੰਜਾਬ ਫ਼ਾਰਮੂਲੇ’ ਤੋਂ ਬਾਅਦ ਕਾਂਗਰਸ ਵਿੱਚ ਖ਼ਾਮੋਸ਼ੀ, ਚੰਨੀ ਤੇ ਰੰਧਾਵਾ ਦੀ ਚੁੱਪੀ ਨੇ ਵਧਾਈਆਂ ਚਰਚਾਵਾਂ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵੇਂ ਸੰਗਠਨਾਤਮਕ ਪੁਨਰਗਠਨ ਤੋਂ ਬਾਅਦ ਪਾਰਟੀ ਅੰਦਰ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਹਾਈਕਮਾਂਡ ਵੱਲੋਂ ਐਲਾਨੇ ਗਏ ‘ਪੰਜਾਬ ਫ਼ਾਰਮੂਲੇ’ ਨੂੰ ਲੈ ਕੇ ਪਾਰਟੀ ਦੇ ਕਈ ਸੀਨੀਅਰ ਆਗੂਆਂ ਵਿੱਚ ਅਸੰਤੁਸ਼ਟੀ ਦੀਆਂ ਚਰਚਾਵਾਂ ਜ਼ੋਰਾਂ ‘ਤੇ ਹਨ।

ਹਾਈਕਮਾਂਡ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਉਨ੍ਹਾਂ ਦੇ ਅਹੁਦਿਆਂ ‘ਤੇ ਬਰਕਰਾਰ ਰੱਖਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਚਾਰ ਨਵੀਆਂ ਕਮੇਟੀਆਂ ਦਾ ਗਠਨ ਕਰਕੇ ਵੱਖ-ਵੱਖ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਹਨ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਹਾਲਾਂਕਿ, ਸਿਆਸੀ ਗਲਿਆਰਿਆਂ ਵਿੱਚ ਇਹ ਚਰਚਾ ਰਹੀ ਕਿ ਉਹ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਵੀ ਦਾਅਵੇਦਾਰ ਸਨ। ਇਸੇ ਤਰ੍ਹਾਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਪ੍ਰਧਾਨਗੀ ਦੀ ਦੌੜ ਵਿੱਚ ਮੰਨਿਆ ਜਾ ਰਿਹਾ ਸੀ।

ਨਵੀਆਂ ਨਿਯੁਕਤੀਆਂ ਦੇ ਐਲਾਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਹਾਈਕਮਾਂਡ ਦਾ ਧੰਨਵਾਦ ਕਰਦੀ ਕੋਈ ਪੋਸਟ ਸਾਂਝੀ ਨਾ ਕਰਨ ਕਾਰਨ ਕਈ ਤਰ੍ਹਾਂ ਦੀਆਂ ਸਿਆਸੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਹਾਲਾਂਕਿ, ਰੰਧਾਵਾ ਨੇ ਕਾਂਗਰਸ ਆਗੂ ਸਚਿਨ ਪਾਇਲਟ ਵੱਲੋਂ ਸਾਂਝੀ ਕੀਤੀ ਨਵੀਂ ਸੂਚੀ ਨੂੰ ਰੀਪੋਸਟ ਜ਼ਰੂਰ ਕੀਤਾ ਹੈ।

ਦੂਜੇ ਪਾਸੇ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਲਾਨ ਮਗਰੋਂ ਤੁਰੰਤ ਹਾਈਕਮਾਂਡ ਦਾ ਧੰਨਵਾਦ ਕੀਤਾ। ਇਸੇ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੰਤਰੀ ਪਰਗਟ ਸਿੰਘ ਵੱਲੋਂ ਵੀ ਕੋਈ ਧੰਨਵਾਦੀ ਪੋਸਟ ਸਾਹਮਣੇ ਨਹੀਂ ਆਈ।

ਪਾਰਟੀ ਦੇ ਅੰਦਰੂਨੀ ਹਲਕਿਆਂ ਵਿੱਚ ਇਹ ਚਰਚਾ ਹੈ ਕਿ ਕਈ ਸੀਨੀਅਰ ਆਗੂ ਹਾਈਕਮਾਂਡ ਦੇ ਫ਼ੈਸਲੇ ਨਾਲ ਪੂਰੀ ਤਰ੍ਹਾਂ ਸੰਤੁਸ਼ਟ ਨਹੀਂ ਹਨ। ਸੂਤਰਾਂ ਮੁਤਾਬਕ, ਕੁਝ ਆਗੂਆਂ ਦੇ ਸਮਰਥਕਾਂ ਵਿੱਚ ਵੀ ਨਿਰਾਸ਼ਾ ਦੇਖੀ ਜਾ ਰਹੀ ਹੈ। ਅਜਿਹੇ ਹਾਲਾਤਾਂ ਵਿੱਚ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਸੰਗਠਨਾਤਮਕ ਪੁਨਰਗਠਨ ਦੇ ਬਾਵਜੂਦ ਪੰਜਾਬ ਕਾਂਗਰਸ ਅੰਦਰ ਧੜੇਬੰਦੀ ਦੀ ਸਿਆਸਤ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments