ਅੰਮ੍ਰਿਤਸਰ: ਵਿਵਾਦਤ ਵੀਡੀਓ ਮਾਮਲੇ ਨੂੰ ਲੈ ਕੇ ਪੰਥਕ ਧਿਰਾਂ ਨੂੰ ਇੱਕ ਮੰਚ ‘ਤੇ ਲਿਆਉਣ ਦੇ ਉਦੇਸ਼ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ 5 ਜੁਲਾਈ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਵਿਸ਼ੇਸ਼ ਪੰਥਕ ਇਕੱਠ ਸੱਦਿਆ ਹੈ। ਇਸ ਲਈ ਦੇਸ਼ ਭਰ ਦੀਆਂ 100 ਤੋਂ ਵੱਧ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ, ਸਭਾ-ਸੁਸਾਇਟੀਆਂ ਅਤੇ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਨੂੰ ਸੱਦਾ ਭੇਜਿਆ ਗਿਆ ਹੈ।
ਇਹ ਇਕੱਠ ਉਸ ਪਿਛੋਕੜ ਵਿੱਚ ਹੋ ਰਿਹਾ ਹੈ ਜਦੋਂ ਵਿਵਾਦਤ ਵੀਡੀਓ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤੇ ਗਏ ਫ਼ੈਸਲੇ ਨੂੰ ਲਾਗੂ ਕਰਨ ਲਈ ਪੰਥਕ ਪੱਧਰ ‘ਤੇ ਸਹਿਮਤੀ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ।
SGPC ਵੱਲੋਂ ਇਸ ਤੋਂ ਪਹਿਲਾਂ ਆਪਣੀ ਅੰਤ੍ਰਿੰਗ ਕਮੇਟੀ ਅਤੇ ਜਨਰਲ ਹਾਊਸ ਦੀਆਂ ਮੀਟਿੰਗਾਂ ਦੌਰਾਨ ਵੀ ਇਸ ਮਾਮਲੇ ‘ਤੇ ਮਤੇ ਪਾਸ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਗੁਰਦੁਆਰਿਆਂ ਦੇ ਬਾਹਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਸਬੰਧੀ ਜਾਣਕਾਰੀ ਵਾਲੇ ਫਲੈਕਸ ਵੀ ਲਗਾਏ ਗਏ ਹਨ।
ਜਾਣਕਾਰੀ ਅਨੁਸਾਰ, SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਖ਼ੁਦ ਵੀ ਵੱਖ-ਵੱਖ ਪ੍ਰਮੁੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਸ ਇਕੱਠ ਵਿੱਚ ਸ਼ਾਮਲ ਹੋਣ ਦਾ ਸੱਦਾ ਦੇ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ SGPC ਦੇ ਮੁੱਖ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ।
ਸੂਤਰਾਂ ਮੁਤਾਬਕ, 5 ਜੁਲਾਈ ਦੇ ਇਸ ਪੰਥਕ ਇਕੱਠ ਦੌਰਾਨ ਸਿੱਖ ਜਥੇਬੰਦੀਆਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲਿਆਂ ਨੂੰ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਗਲੀ ਰਣਨੀਤੀ ਅਤੇ ਹੋਰ ਮਸਲਿਆਂ ‘ਤੇ ਵੀ ਸਾਂਝਾ ਮਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ।
ਇਸ ਦਰਮਿਆਨ, ਸੂਬੇ ਵਿੱਚ ਧਾਰਮਿਕ ਅਤੇ ਸਿਆਸੀ ਮਾਹੌਲ ਪਹਿਲਾਂ ਹੀ ਗਰਮਾਇਆ ਹੋਇਆ ਹੈ। ਇਸ ਲਈ 5 ਜੁਲਾਈ ਦਾ ਇਹ ਪੰਥਕ ਇਕੱਠ ਆਉਣ ਵਾਲੇ ਦਿਨਾਂ ਵਿੱਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
