ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਅਹਿਮ ਮੀਟਿੰਗ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪੰਜਾਬ ਦੇ ਪਾਣੀਆਂ ਦੀ ਸੰਭਾਲ ਅਤੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ 13 ਜੁਲਾਈ ਨੂੰ ਚੰਡੀਗੜ੍ਹ ਵਿੱਚ ਵੱਡਾ ਮੋਟਰਸਾਈਕਲ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ।
ਮੀਟਿੰਗ ਵਿੱਚ ਪੰਜਾਬ ਦੇ ਭੂ-ਜਲ ਦੀ ਤੇਜ਼ੀ ਨਾਲ ਹੋ ਰਹੀ ਗਿਰਾਵਟ ਅਤੇ ਪ੍ਰਦੂਸ਼ਣ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਿਆ ਗਿਆ। ਆਗੂਆਂ ਨੇ ਕਿਹਾ ਕਿ ਪਾਣੀ ਦੇ ਦੂਸ਼ਿਤ ਹੋਣ ਕਾਰਨ ਕੈਂਸਰ ਸਮੇਤ ਕਈ ਬਿਮਾਰੀਆਂ ਵੱਧ ਰਹੀਆਂ ਹਨ, ਜਦਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਦਿੱਤਾ ਜਾ ਰਿਹਾ ਹੈ। ਰਾਜੇਵਾਲ ਨੇ ਦਾਅਵਾ ਕੀਤਾ ਕਿ ਜੇਕਰ ਮੌਜੂਦਾ ਹਾਲਾਤ ਜਾਰੀ ਰਹੇ ਤਾਂ ਭਵਿੱਖ ਵਿੱਚ ਪੀਣ ਅਤੇ ਖੇਤੀ ਲਈ ਯੋਗ ਪਾਣੀ ਦੀ ਭਾਰੀ ਕਮੀ ਪੈ ਸਕਦੀ ਹੈ।
ਭਾਰਤ-ਅਮਰੀਕਾ ਵਪਾਰ ਸਮਝੌਤੇ ਬਾਰੇ ਬੋਲਦਿਆਂ ਬਲਵੀਰ ਸਿੰਘ ਰਾਜੇਵਾਲ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਅਮਰੀਕੀ ਉਤਪਾਦਾਂ ਲਈ ਭਾਰਤੀ ਬਾਜ਼ਾਰ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਕਿਸਾਨਾਂ ਨੂੰ ਵੱਡੀ ਸਰਕਾਰੀ ਸਬਸਿਡੀ ਮਿਲਦੀ ਹੈ, ਜਦਕਿ ਭਾਰਤ ਦੇ ਛੋਟੇ ਕਿਸਾਨ ਪਹਿਲਾਂ ਹੀ ਆਰਥਿਕ ਦਬਾਅ ਹੇਠ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਜੇ ਇਹ ਸਮਝੌਤਾ ਲਾਗੂ ਹੋਇਆ ਤਾਂ ਦੇਸ਼ ਦੇ ਕਿਸਾਨਾਂ ਲਈ ਮੁਕਾਬਲਾ ਕਰਨਾ ਮੁਸ਼ਕਲ ਹੋ ਜਾਵੇਗਾ।
ਰਾਜੇਵਾਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਭਾਰਤ ਸਰਕਾਰ ਨੇ ਅਮਰੀਕਾ ਨਾਲ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦਿੱਤਾ ਤਾਂ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਇਕੱਠੇ ਹੋ ਕੇ ਅਗਲੇ ਹੀ ਦਿਨ ਪੂਰੇ ਭਾਰਤ ਵਿੱਚ ਚੱਕਾ ਜਾਮ ਕਰਨਗੀਆਂ।
ਮੀਟਿੰਗ ਦੌਰਾਨ ਯੂਰੀਆ ਖਾਦ ਦੇ ਕਥਿਤ ਘਪਲੇ ਦਾ ਮੁੱਦਾ ਵੀ ਉਠਾਇਆ ਗਿਆ। ਰਾਜੇਵਾਲ ਨੇ ਦਾਅਵਾ ਕੀਤਾ ਕਿ ਸਹਿਕਾਰੀ ਪਸ਼ੂ ਖੁਰਾਕ ਫੈਕਟਰੀਆਂ ਤੋਂ ਇਲਾਵਾ ਹੋਰ ਉਦਯੋਗਾਂ ਵਿੱਚ ਵੀ ਯੂਰੀਆ ਦੀ ਗੈਰ-ਕਾਨੂੰਨੀ ਵਰਤੋਂ ਅਤੇ ਵੱਡੇ ਪੱਧਰ ‘ਤੇ ਘਪਲੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਸੀਬੀਆਈ ਨੂੰ ਪੱਤਰ ਭੇਜਿਆ ਗਿਆ ਹੈ ਅਤੇ ਜਲਦ ਹੀ ਇੱਕ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਕੇਂਦਰੀ ਏਜੰਸੀਆਂ ਤੋਂ ਜਾਂਚ ਦੀ ਮੰਗ
