ਮਜੀਠਾ ਥਾਣੇ ਵਿੱਚ ਕਥਿਤ ਹਮਲੇ ਨਾਲ ਜੁੜੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਥਾਨਕ ਅਦਾਲਤ ਨੇ ਮਜੀਠੀਆ ਸਮੇਤ ਉਨ੍ਹਾਂ ਦੇ ਦੋ ਸਾਥੀਆਂ ਜੋਧ ਸਿੰਘ ਸਮਰਾ ਅਤੇ ਜਤਿੰਦਰ ਸਿੰਘ ਦੀ ਪੱਕੀ ਜ਼ਮਾਨਤ ਮਨਜ਼ੂਰ ਕਰ ਲਈ ਹੈ।
ਇਸ ਮਾਮਲੇ ਵਿੱਚ ਬੀਤੇ ਦਿਨ ਸੁਣਵਾਈ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ, ਜੋ ਅੱਜ ਸੁਣਾਇਆ ਗਿਆ। ਇਸ ਤੋਂ ਪਹਿਲਾਂ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਮਿਲੀ ਹੋਈ ਸੀ ਅਤੇ ਪੁਲੀਸ ਜਾਂਚ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਪੱਕੀ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ।
ਮਜੀਠੀਆ ਦੇ ਵਕੀਲ ਐਡਵੋਕੇਟ ਬੀ.ਐੱਸ. ਸਿਆਲਕਾ ਮੁਤਾਬਕ ਪੁਲੀਸ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਮਜੀਠੀਆ ਨੇ ਆਪਣਾ ਮੋਬਾਈਲ ਫੋਨ ਜਾਂਚ ਲਈ ਨਹੀਂ ਦਿੱਤਾ, ਘਟਨਾ ਵਾਲੇ ਦਿਨ ਉਨ੍ਹਾਂ ਕੋਲ ਪਿਸਤੌਲ ਸੀ ਜੋ ਬਰਾਮਦ ਨਹੀਂ ਹੋਈ, ਸਰਕਾਰੀ ਦਸਤਾਵੇਜ਼ ਪਾੜੇ ਗਏ ਅਤੇ ਕੁਝ ਹੋਰ ਸਾਥੀਆਂ ਦੇ ਫੋਨਾਂ ਦੀ ਵੀ ਲੋੜ ਹੈ।
ਬਚਾਅ ਪੱਖ ਨੇ ਅਦਾਲਤ ਵਿੱਚ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਨਾ ਤਾਂ ਮਜੀਠੀਆ ਕੋਲ ਕੋਈ ਪਿਸਤੌਲ ਸੀ, ਨਾ ਹੀ ਕੋਈ ਸਰਕਾਰੀ ਦਸਤਾਵੇਜ਼ ਨਸ਼ਟ ਕੀਤੇ ਗਏ। ਉਨ੍ਹਾਂ ਇਹ ਵੀ ਕਿਹਾ ਕਿ ਜੇ ਪੁਲੀਸ ਕੋਲ ਇਨ੍ਹਾਂ ਦਾਵਿਆਂ ਦੇ ਸਬੂਤ ਜਾਂ ਵੀਡੀਓ ਮੌਜੂਦ ਹਨ ਤਾਂ ਉਹ ਅਦਾਲਤ ਵਿੱਚ ਪੇਸ਼ ਕੀਤੇ ਜਾਣ।
ਅਦਾਲਤ ਨੇ ਪੁਲੀਸ ਨੂੰ ਸਬੂਤ ਪੇਸ਼ ਕਰਨ ਲਈ ਸਮਾਂ ਦਿੱਤਾ ਸੀ, ਪਰ ਪੁਲੀਸ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ‘ਤੇ ਫ਼ੈਸਲਾ ਰਾਖਵਾਂ ਰੱਖਿਆ ਅਤੇ ਅੱਜ ਮਜੀਠੀਆ ਅਤੇ ਉਨ੍ਹਾਂ ਦੇ ਦੋ ਸਾਥੀਆਂ ਨੂੰ ਪੱਕੀ ਜ਼ਮਾਨਤ ਦੇ ਦਿੱਤੀ।
ਜ਼ਿਕਰਯੋਗ ਹੈ ਕਿ ਇਹ ਮਾਮਲਾ ਨਗਰ ਕੌਂਸਲ ਚੋਣਾਂ ਦੌਰਾਨ ਵਾਪਰੀ ਘਟਨਾ ਨਾਲ ਜੁੜਿਆ ਹੈ। ਅਕਾਲੀ ਦਲ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਇੱਕ ਸਮਰਥਕ ਨੂੰ ਪੁਲੀਸ ਨੇ ਗੈਰ-ਕਾਨੂੰਨੀ ਤਰੀਕੇ ਨਾਲ ਹਿਰਾਸਤ ਵਿੱਚ ਲਿਆ ਸੀ, ਜਿਸ ਦੇ ਵਿਰੋਧ ਵਿੱਚ ਥਾਣੇ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਦੌਰਾਨ ਥਾਣੇ ‘ਤੇ ਕਥਿਤ ਹਮਲੇ ਦਾ ਮਾਮਲਾ ਦਰਜ ਕੀਤਾ ਗਿਆ, ਜਿਸ ਤੋਂ ਬਾਅਦ ਪੁਲੀਸ ਨੇ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ‘ਤੇ ਛਾਪੇ ਵੀ ਮਾਰੇ ਸਨ।
