HomePunjab Newsਸ੍ਰੀ ਅਕਾਲ ਤਖ਼ਤ ਦੇ ਹੁਕਮ ਤੋਂ ਬਾਅਦ CM ਮਾਨ ਦੀ ਤਸਵੀਰ ਵਾਲੇ...

ਸ੍ਰੀ ਅਕਾਲ ਤਖ਼ਤ ਦੇ ਹੁਕਮ ਤੋਂ ਬਾਅਦ CM ਮਾਨ ਦੀ ਤਸਵੀਰ ਵਾਲੇ ਕਾਰਡ ਹਟਾਏ ਗਏ

ਵਿਵਾਦਤ ਵੀਡੀਓ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਜਾਰੀ ਕੀਤੇ ਗਏ ਆਦੇਸ਼ ਦਾ ਅਸਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਖਣ ਨੂੰ ਮਿਲਿਆ। ਸ੍ਰੀ ਅਕਾਲ ਤਖਤ ਵੱਲੋਂ ਪੰਜ ਸਿੰਘ ਸਾਹਿਬਾਨ ਨੇ ਮੁੱਖ ਮੰਤਰੀ ਨੂੰ ‘ਗੁਰੂ ਦੋਖੀ’ ਅਤੇ ‘ਪੰਥ ਵਿਰੋਧੀ’ ਕਰਾਰ ਦਿੰਦਿਆਂ ਸੰਗਤ ਨੂੰ ਉਨ੍ਹਾਂ ਦਾ ਸਹਿਯੋਗ ਨਾ ਕਰਨ ਲਈ ਕਿਹਾ ਹੈ।

ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ਕੰਪਲੈਕਸ ਵਿੱਚ ਕੁਝ ਸਿੱਖ ਨੌਜਵਾਨਾਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਦੀ ਤਸਵੀਰ ਵਾਲਾ ਸ਼ਨਾਖਤੀ ਕਾਰਡ ਗਲੇ ਵਿੱਚ ਪਾਉਣ ਦੀ ਬਜਾਏ ਜੇਬ ਵਿੱਚ ਰੱਖ ਲੈਣ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਨੌਜਵਾਨ ਸੰਗਤ ਨੂੰ ਸ੍ਰੀ ਅਕਾਲ ਤਖਤ ਦੇ ਆਦੇਸ਼ ਬਾਰੇ ਜਾਣਕਾਰੀ ਦਿੰਦੇ ਨਜ਼ਰ ਆ ਰਹੇ ਹਨ। ਅਪੀਲ ਤੋਂ ਬਾਅਦ ਕਈ ਸ਼ਰਧਾਲੂਆਂ ਨੇ ਆਪਣੇ ਗਲੇ ਵਿੱਚ ਪਾਏ ਕਾਰਡ ਉਤਾਰ ਦਿੱਤੇ।

ਇਸ ਘਟਨਾ ਦੀ ਪੁਸ਼ਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਵੀ ਕੀਤੀ ਗਈ ਹੈ। ਕਮੇਟੀ ਨੇ ਸਪੱਸ਼ਟ ਕੀਤਾ ਕਿ ਇਹ ਕਦਮ ਕੁਝ ਸਿੱਖ ਯਾਤਰੂਆਂ ਵੱਲੋਂ ਆਪਣੀ ਇੱਛਾ ਨਾਲ ਚੁੱਕਿਆ ਗਿਆ, ਜੋ ਦਰਸ਼ਨਾਂ ਲਈ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਸਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖਤ ਦੇ ਆਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣੇ ਪ੍ਰਬੰਧ ਹੇਠ ਆਉਂਦੇ ਕਈ ਗੁਰਦੁਆਰਿਆਂ ਵਿੱਚ ਹੁਕਮਨਾਮੇ ਵਾਲੇ ਵੱਡੇ ਫਲੈਕਸ ਬੋਰਡ ਲਗਾਏ ਹਨ। ਇਸ ਤੋਂ ਇਲਾਵਾ ਕਮੇਟੀ ਨੇ ਮੁੱਖ ਮੰਤਰੀ ਖ਼ਿਲਾਫ਼ ਪੁਲੀਸ ਕੇਸ ਦਰਜ ਕਰਨ ਲਈ ਡੀਜੀਪੀ ਨੂੰ ਸ਼ਿਕਾਇਤ ਵੀ ਸੌਂਪੀ ਹੈ।

ਉੱਧਰ, ਇਸ ਪੂਰੇ ਮਾਮਲੇ ਨੂੰ ਲੈ ਕੇ 5 ਜੁਲਾਈ ਨੂੰ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇੱਕ ਵੱਡਾ ਪੰਥਕ ਇਕੱਠ ਸੱਦਿਆ ਗਿਆ ਹੈ, ਜਿਸ ਵਿੱਚ ਪੰਥਕ ਜਥੇਬੰਦੀਆਂ, ਸਿੰਘ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ ਅਤੇ ਹੋਰ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments