ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਦਾਅਵਾ ਕੀਤਾ ਹੈ ਕਿ ਕਾਂਗਰਸ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਅੰਦਰਖਾਤੇ ਇਕੱਠੇ ਹੋ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੇ ਹਨ।
ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਵਿਰੋਧੀ ਧਿਰਾਂ ਕੋਲ ਕੋਈ ਸਿਆਸੀ ਜਵਾਬ ਨਹੀਂ ਹੈ। ਇਸ ਕਾਰਨ ਉਹ ਲੋਕਾਂ ਦਾ ਧਿਆਨ ਭਟਕਾਉਣ ਅਤੇ ਮੁੱਖ ਮੰਤਰੀ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਲਈ ਇਕੱਠੇ ਹੋ ਕੇ ਰਾਜਨੀਤੀ ਕਰ ਰਹੀਆਂ ਹਨ।
ਉਨ੍ਹਾਂ ਕਾਂਗਰਸ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਪਾਰਟੀ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਦੀ ਬਜਾਏ ਆਪਣੇ ਅੰਦਰੂਨੀ ਵਿਵਾਦਾਂ ਵਿੱਚ ਫਸੀ ਹੋਈ ਹੈ। ਭਾਜਪਾ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਦੀ ਅਗਵਾਈ ਕਰਨ ਵਾਲੇ ਕਈ ਆਗੂ ਪਹਿਲਾਂ ਕਾਂਗਰਸ ਨਾਲ ਜੁੜੇ ਰਹੇ ਹਨ, ਜਿਸ ਕਾਰਨ ਦੋਵਾਂ ਪਾਰਟੀਆਂ ਵਿਚਕਾਰ ਫਰਕ ਕਰਨਾ ਔਖਾ ਹੋ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ ਨੂੰ ਲੈ ਕੇ ਵੀ ਸਵਾਲ ਉਠਾਏ।
ਆਪ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਪੰਨੂ ਨੇ ਦਾਅਵਾ ਕੀਤਾ ਕਿ ਸੂਬੇ ਦੇ ਕਰੀਬ 90 ਫੀਸਦੀ ਘਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਬਾਅਦ ਨਹਿਰੀ ਪਾਣੀ ਪਿੰਡਾਂ ਅਤੇ ਖੇਤਾਂ ਤੱਕ ਪਹੁੰਚਿਆ ਹੈ, ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਅਤੇ 34 ਲੱਖ ਤੋਂ ਵੱਧ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਚੁੱਕੀ ਹੈ। ਬਾਕੀ ਯੋਗ ਲਾਭਪਾਤਰੀਆਂ ਨੂੰ ਵੀ 1 ਅਗਸਤ ਤੋਂ ਬਕਾਇਆ ਸਮੇਤ ਰਕਮ ਜਾਰੀ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਜਿਹੜੀ ਕਾਂਗਰਸ ਪਹਿਲਾਂ ਆਮ ਆਦਮੀ ਪਾਰਟੀ ‘ਤੇ ਦਿੱਲੀ ਤੋਂ ਚੱਲਣ ਦੇ ਦੋਸ਼ ਲਗਾਉਂਦੀ ਸੀ, ਅੱਜ ਉਹ ਖ਼ੁਦ ਹਰ ਅਹਿਮ ਫ਼ੈਸਲੇ ਲਈ ਦਿੱਲੀ ਹਾਈਕਮਾਂਡ ਵੱਲ ਦੇਖ ਰਹੀ ਹੈ। ਪੰਨੂ ਨੇ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਵਿਰੋਧੀ ਧਿਰਾਂ ਦੀ ਇਸ ਸਿਆਸੀ ਰਣਨੀਤੀ ਨੂੰ ਸਮਝਦੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਜਵਾਬ ਦੇਣਗੇ।
