HomePunjab Newsਵਾਇਰਲ ਵੀਡੀਓ ਵਿਵਾਦ 'ਤੇ ਪੰਥਕ ਇਕੱਠ ਦਾ ਵੱਡਾ ਫ਼ੈਸਲਾ, CM ਭਗਵੰਤ ਮਾਨ...

ਵਾਇਰਲ ਵੀਡੀਓ ਵਿਵਾਦ ‘ਤੇ ਪੰਥਕ ਇਕੱਠ ਦਾ ਵੱਡਾ ਫ਼ੈਸਲਾ, CM ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਦੇ ਗੁਰਮਤੇ ਨੂੰ ਮਿਲਿਆ ਸਮਰਥਨ

ਵਾਇਰਲ ਵੀਡੀਓ ਵਿਵਾਦ ਨੂੰ ਲੈ ਕੇ ਅੱਜ ਸ੍ਰੀ ਦਰਬਾਰ ਸਾਹਿਬ ਦੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਪੰਥਕ ਇਕੱਠ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਬੰਧੀ ਜਾਰੀ ਕੀਤੇ ਗੁਰਮਤੇ ‘ਤੇ ਮੁੜ ਮੋਹਰ ਲਗਾਈ ਗਈ। ਇਕੱਠ ਵਿੱਚ ਪਾਸ ਕੀਤੇ ਮਤੇ ਰਾਹੀਂ ਇਸ ਗੁਰਮਤੇ ਨੂੰ ਗੁਰੂ ਪੰਥ ਦੀ ਸਾਂਝੀ ਆਵਾਜ਼ ਕਰਾਰ ਦਿੰਦਿਆਂ ਕਿਹਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇਣਾ ਸਿੱਖ ਪਰੰਪਰਾਵਾਂ ਅਤੇ ਮਰਿਆਦਾ ਦੇ ਉਲਟ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਦੇ ਗਏ ਇਸ ਇਕੱਠ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਹਿੱਸਾ ਲਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਬੈਠਕ ਦੌਰਾਨ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਹਿਲਾਂ ਸੁਣਾਏ ਗਏ ਫ਼ੈਸਲੇ ਦਾ ਸਮਰਥਨ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਪੰਥ ਦੀ ਸਾਂਝੀ ਰਾਏ ਉਹੀ ਹੈ ਜੋ ਗੁਰਮਤੇ ਵਿੱਚ ਪ੍ਰਗਟ ਕੀਤੀ ਗਈ ਸੀ।

ਮਤੇ ਵਿੱਚ ਦੋਸ਼ ਲਗਾਇਆ ਗਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿੱਖ ਸਿਧਾਂਤਾਂ ਅਤੇ ਮਰਿਆਦਾ ਦਾ ਨਿਰਾਦਰ ਕੀਤਾ ਗਿਆ ਹੈ। ਨਾਲ ਹੀ ਇਹ ਵੀ ਕਿਹਾ ਗਿਆ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ‘ਤੇ ਸਵਾਲ ਉਠਾਉਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਪੰਥ ਵਿਰੋਧੀ’ ਕਰਾਰ ਦੇ ਚੁੱਕੇ ਹਨ ਅਤੇ ਸਿੱਖ ਸੰਗਤ ਨੂੰ ਉਨ੍ਹਾਂ ਦਾ ਸਹਿਯੋਗ ਨਾ ਕਰਨ ਦੀ ਹਦਾਇਤ ਵੀ ਜਾਰੀ ਕੀਤੀ ਗਈ ਸੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਗੁਰਦੁਆਰਿਆਂ ਵਿੱਚ ਜਾਣਕਾਰੀ ਵਾਲੇ ਫਲੈਕਸ ਬੋਰਡ ਵੀ ਲਗਾਏ ਗਏ ਹਨ।

ਇਸ ਦੌਰਾਨ ਬੀਤੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਆਏ ਕੁਝ ਸ਼ਰਧਾਲੂਆਂ ਦੇ ਗਲਾਂ ਵਿੱਚ ਲੱਗੇ ਮੁੱਖ ਮੰਤਰੀ ਦੀ ਤਸਵੀਰ ਵਾਲੇ ਆਈਡੀ ਕਾਰਡਾਂ ‘ਤੇ ਵੀ ਕੁਝ ਸਿੱਖ ਨੌਜਵਾਨਾਂ ਨੇ ਇਤਰਾਜ਼ ਜਤਾਇਆ ਸੀ।

ਵਿਵਾਦਤ ਵੀਡੀਓ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰਵਾਈ ਗਈ ਫੋਰੈਂਸਿਕ ਜਾਂਚ ਦੀ ਰਿਪੋਰਟ ਅਨੁਸਾਰ ਵੀਡੀਓ ਨਾਲ ਕਿਸੇ ਕਿਸਮ ਦੀ ਛੇੜਛਾੜ ਜਾਂ AI ਡੀਪਫੇਕ ਹੋਣ ਦੇ ਸਬੂਤ ਨਹੀਂ ਮਿਲੇ। ਹਾਲਾਂਕਿ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਗਾਤਾਰ ਇਹ ਦਾਅਵਾ ਕਰ ਰਹੇ ਹਨ ਕਿ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਉਹ ਨਹੀਂ ਹਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ।

ਫਿਲਹਾਲ ਇਹ ਮਾਮਲਾ ਪੰਜਾਬ ਦੀ ਸਿਆਸਤ ਅਤੇ ਪੰਥਕ ਹਲਕਿਆਂ ਵਿੱਚ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments