ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਦੇ ਦੌਰੇ ‘ਤੇ ਆਉਣਗੇ। ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਦੌਰੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਸਬੰਧੀ ਤਿਆਰੀਆਂ ਜਾਰੀ ਹਨ।
ਇਸ ਦੌਰਾਨ ਰਵਨੀਤ ਬਿੱਟੂ ਨੇ ਫ਼ਿਲਮ ‘ਸਤਲੁਜ’ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਨੇ ਫ਼ਿਲਮ ਦੇ ਨਿਰਮਾਤਾਵਾਂ ‘ਤੇ ਦੋਸ਼ ਲਗਾਇਆ ਕਿ ਉਹ ਪੰਜਾਬ ਦੀ ਸ਼ਾਂਤੀ ਨੂੰ ਪ੍ਰਭਾਵਿਤ ਕਰਨ ਵਾਲਾ ਬਿਰਤਾਂਤ ਪੇਸ਼ ਕਰ ਰਹੇ ਹਨ।
ਬਿੱਟੂ ਨੇ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਿਸੇ ਵੀ ਤਰੀਕੇ ਨਾਲ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਫ਼ਿਲਮ ਰਾਹੀਂ ਅਜਿਹੇ ਵਿਸ਼ਿਆਂ ਨੂੰ ਉਭਾਰਿਆ ਗਿਆ ਹੈ, ਜਿਨ੍ਹਾਂ ਨੂੰ ਉਹ ਅਤਿਵਾਦ ਨਾਲ ਜੁੜੇ ਬਿਰਤਾਂਤ ਵਜੋਂ ਦੇਖਦੇ ਹਨ।
