ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਮੁਹਿੰਮ ਵਿੱਚ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਜਾਂ ਤਸਦੀਕ ਕਰਵਾਉਣ।
ਬੰਗਲੁਰੂ ਤੋਂ ਜਾਰੀ ਆਪਣੇ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਰਹਿੰਦਾ, ਤਾਂ ਉਹ ਸਰਕਾਰ ਦੀਆਂ ਕਈ ਸਮਾਜਿਕ ਭਲਾਈ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਰਹਿ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਜਨਾਵਾਂ ਵਿੱਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਵੀ ਸ਼ਾਮਲ ਹੈ।
ਮੁੱਖ ਮੰਤਰੀ ਨੇ ਲੋਕਾਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਦੌਰਾਨ ਲੋੜੀਂਦੇ ਫਾਰਮ ਭਰਨ ਅਤੇ ਆਪਣੀ ਵੋਟਰ ਰਜਿਸਟ੍ਰੇਸ਼ਨ ਦੀ ਜਾਂਚ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਯੋਗ ਵੋਟਰ ਆਪਣਾ ਨਾਮ ਵੋਟਰ ਸੂਚੀ ਵਿੱਚ ਸੁਰੱਖਿਅਤ ਰੱਖਣ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਸਰਕਾਰੀ ਸਕੀਮ ਦਾ ਲਾਭ ਲੈਣ ਵਿੱਚ ਕੋਈ ਰੁਕਾਵਟ ਨਾ ਆਵੇ।
ਉਨ੍ਹਾਂ ਨਾਲ ਹੀ ਪੰਜਾਬ ਦੀਆਂ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਨੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਸਤਿਕਾਰ ਭੱਤਾ ਜਾਰੀ ਕਰਕੇ ਆਪਣਾ ਵਾਅਦਾ ਪੂਰਾ ਕੀਤਾ ਹੈ।




