ਭਾਰਤ ਅਤੇ ਆਸਟ੍ਰੇਲੀਆ ਨੇ ਰਣਨੀਤਕ ਸਾਂਝ ਨੂੰ ਨਵੀਂ ਮਜ਼ਬੂਤੀ ਦਿੰਦਿਆਂ ਯੂਰੇਨੀਅਮ ਸਪਲਾਈ ਸਬੰਧੀ ਅਹਿਮ ਸਮਝੌਤੇ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਮੈਲਬੌਰਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਵਿਚਾਲੇ ਹੋਈ ਦੋਪੱਖੀ ਮੀਟਿੰਗ ਤੋਂ ਬਾਅਦ ਦੋਵਾਂ ਦੇਸ਼ਾਂ ਨੇ ਰੱਖਿਆ, ਊਰਜਾ, ਵਪਾਰ, ਪੁਲਾੜ ਅਤੇ ਕਰਿਟੀਕਲ ਮਿਨਰਲਜ਼ ਸਮੇਤ ਕਈ ਮਹੱਤਵਪੂਰਨ ਖੇਤਰਾਂ ਵਿੱਚ ਨਵੇਂ ਸਮਝੌਤਿਆਂ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਦੱਸਿਆ ਕਿ ਦੋਵੇਂ ਦੇਸ਼ ਮਿਲ ਕੇ ਇੱਕ ਕਰਿਟੀਕਲ ਮਿਨਰਲਜ਼ ਕੌਰੀਡੋਰ ਵਿਕਸਤ ਕਰਨਗੇ, ਜਿਸ ਨਾਲ ਭਵਿੱਖ ਦੀਆਂ ਉਦਯੋਗਿਕ ਅਤੇ ਤਕਨੀਕੀ ਲੋੜਾਂ ਨੂੰ ਮਜ਼ਬੂਤੀ ਮਿਲੇਗੀ। ਇਸ ਤੋਂ ਇਲਾਵਾ ਭਾਰਤ ਦੇ ਗਗਨਯਾਨ ਪੁਲਾੜ ਮਿਸ਼ਨ ਨੂੰ ਸਹਿਯੋਗ ਦੇਣ ਲਈ ਕੋਕੋਸ ਟਾਪੂ ’ਤੇ ਸਪੇਸ ਟ੍ਰੈਕਿੰਗ ਟਰਮੀਨਲ ਵੀ ਸਥਾਪਤ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਆਸਟ੍ਰੇਲੀਆ ਵੱਲੋਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਵਰਤੋਂ ’ਤੇ ਲਗਾਈਆਂ ਪਾਬੰਦੀਆਂ ਦੀ ਵੀ ਸਰਾਹਨਾ ਕੀਤੀ। ਦੌਰੇ ਦੌਰਾਨ ਉਨ੍ਹਾਂ ਨੇ ਮੈਲਬੌਰਨ ਵਿੱਚ ਭਾਰਤੀ ਭਾਈਚਾਰੇ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਦੋਵਾਂ ਦੇਸ਼ਾਂ ਦੇ ਮਜ਼ਬੂਤ ਸਬੰਧਾਂ ’ਤੇ ਵੀ ਜ਼ੋਰ ਦਿੱਤਾ।
