ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਮੁਹਿੰਮ ਦੇ ਪਹਿਲੇ 16 ਦਿਨਾਂ ਦੌਰਾਨ ਹੀ ਇੱਕ ਕਰੋੜ ਤੋਂ ਵੱਧ ਗਣਨਾ ਫਾਰਮ ਡਿਜੀਟਾਈਜ਼ ਕਰ ਦਿੱਤੇ ਗਏ ਹਨ। ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਸੂਬੇ ਦੇ ਬੀਐੱਲਓਜ਼ ਵੱਲੋਂ 99.34 ਫ਼ੀਸਦੀ ਗਣਨਾ ਫਾਰਮ ਘਰ-ਘਰ ਪਹੁੰਚਾ ਦਿੱਤੇ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਇਕੱਠਾ ਕਰਕੇ ਡਿਜੀਟਾਈਜ਼ ਕਰਨ ਦੀ ਪ੍ਰਕਿਰਿਆ ਜੰਗੀ ਪੱਧਰ ‘ਤੇ ਚੱਲ ਰਹੀ ਹੈ।
ਵੋਟਰ ਸੂਚੀਆਂ ਦੀ ਸੁਧਾਈ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਪੰਜਾਬ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਦੋ ਰੋਜ਼ਾ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਇਨ੍ਹਾਂ ਕੈਂਪਾਂ ਦੌਰਾਨ ਬਾਕੀ ਰਹਿੰਦੇ ਗਣਨਾ ਫਾਰਮ ਭਰੇ ਅਤੇ ਇਕੱਠੇ ਕੀਤੇ ਜਾ ਰਹੇ ਹਨ, ਨਾਲ ਹੀ ਵੋਟਰ ਸੂਚੀ ਵਿੱਚ ਮੌਜੂਦ ਗਲਤੀਆਂ, ਦੁਹਰਾਈਆਂ ਐਂਟਰੀਆਂ ਅਤੇ ਹੋਰ ਖਾਮੀਆਂ ਨੂੰ ਵੀ ਦੂਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਨਾਗਰਿਕਾਂ ਨੂੰ ਆਪਣੇ ਵੋਟ ਨਾਲ ਸਬੰਧਤ ਵੇਰਵਿਆਂ ਦੀ ਜਾਂਚ ਅਤੇ ਅਪਡੇਟ ਕਰਨ ਲਈ ਵੀ ਸਹਾਇਤਾ ਦਿੱਤੀ ਜਾ ਰਹੀ ਹੈ।
ਇਸ ਵਿਸ਼ੇਸ਼ ਮੁਹਿੰਮ ਤਹਿਤ 24,453 ਬੀਐੱਲਓਜ਼ 25 ਜੂਨ ਤੋਂ 24 ਜੁਲਾਈ ਤੱਕ ਸੂਬੇ ਦੇ 2,14,61,043 ਵੋਟਰਾਂ ਤੱਕ ਪਹੁੰਚ ਬਣਾਉਣ ਵਿੱਚ ਲੱਗੇ ਹੋਏ ਹਨ। ਵਿਸ਼ੇਸ਼ ਸੁਧਾਈ ਦਾ ਕੰਮ 24 ਜੁਲਾਈ ਤੱਕ ਮੁਕੰਮਲ ਕੀਤਾ ਜਾਵੇਗਾ। ਇਸ ਤੋਂ ਬਾਅਦ 3 ਅਗਸਤ ਨੂੰ ਵੋਟਰ ਸੂਚੀਆਂ ਦਾ ਖਰੜਾ ਪ੍ਰਕਾਸ਼ਿਤ ਕੀਤਾ ਜਾਵੇਗਾ। 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਦਾਖ਼ਲ ਕੀਤੇ ਜਾ ਸਕਣਗੇ, ਜਦਕਿ ਉਨ੍ਹਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 1 ਅਕਤੂਬਰ ਨੂੰ ਜਾਰੀ ਕੀਤੀ ਜਾਵੇਗੀ।
ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਸੂਬੇ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਸ਼ੇਸ਼ ਕੈਂਪਾਂ ਵਿੱਚ ਪਹੁੰਚ ਕੇ ਆਪਣੇ ਵੇਰਵਿਆਂ ਦੀ ਪੁਸ਼ਟੀ ਕਰਵਾਉਣ, ਲੋੜੀਂਦੀਆਂ ਸੋਧਾਂ ਕਰਵਾਉਣ ਅਤੇ ਆਪਣੀ ਵੋਟ ਨੂੰ ਸੁਰੱਖਿਅਤ ਅਤੇ ਸਹੀ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਦੋ ਦਿਨਾਂ ਵਿੱਚ 30 ਲੱਖ ਤੋਂ ਵੱਧ ਫਾਰਮ ਜਮ੍ਹਾਂ
ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (ਐੱਸ.ਆਈ.ਆਰ.) ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ 11 ਅਤੇ 12 ਜੁਲਾਈ ਨੂੰ ਸੂਬੇ ਭਰ ਦੇ ਪੋਲਿੰਗ ਬੂਥਾਂ ‘ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾਏ ਹਨ। ਇਸ ਨਾਲ ਪਿਛਲੇ 18 ਦਿਨਾਂ ਵਿੱਚ ਜਮ੍ਹਾਂ ਹੋਏ ਫਾਰਮਾਂ ਦੀ ਗਿਣਤੀ 1.30 ਕਰੋੜ ਤੋਂ ਪਾਰ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਘਰ-ਘਰ ਜਾ ਕੇ ਫਾਰਮ ਇਕੱਠੇ ਕਰਨ ਦੀ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਇਹ ਪ੍ਰਕਿਰਿਆ 24 ਜੁਲਾਈ ਤੱਕ ਚੱਲੇਗੀ। ਮੁੱਖ ਚੋਣ ਅਫ਼ਸਰ ਨੇ ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਹੈ, ਜਿਨ੍ਹਾਂ ਨੇ ਅਜੇ ਤੱਕ ਆਪਣੇ ਫਾਰਮ ਜਮ੍ਹਾਂ ਨਹੀਂ ਕਰਵਾਏ, ਕਿ ਉਹ ਬਿਨਾਂ ਦੇਰੀ ਆਪਣੇ ਸਬੰਧਤ ਬੀ.ਐਲ.ਓ. ਨਾਲ ਸੰਪਰਕ ਕਰਕੇ ਫਾਰਮ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ 3 ਅਗਸਤ ਨੂੰ ਜਾਰੀ ਹੋਣ ਵਾਲੀ ਖਰੜਾ ਵੋਟਰ ਸੂਚੀ ਵਿੱਚ ਹਰ ਯੋਗ ਵੋਟਰ ਦਾ ਨਾਮ ਸ਼ਾਮਲ ਕਰਨ ਲਈ ਸਮੇਂ ਸਿਰ ਫਾਰਮ ਜਮ੍ਹਾਂ ਕਰਵਾਉਣਾ ਬਹੁਤ ਜ਼ਰੂਰੀ ਹੈ।




