ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖ਼ਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਦਰਮਿਆਨ ਫ਼ਰੀਦਕੋਟ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਸਰਬਜੀਤ ਸਿੰਘ ਖ਼ਾਲਸਾ ਨੇ ਇੱਕ ਮਹੱਤਵਪੂਰਨ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਹਰੀਕੇ ਪੱਤਣ ਵਿਖੇ ਸਤਲੁਜ ਦਰਿਆ ਦੇ ਨੇੜੇ ਜਸਵੰਤ ਸਿੰਘ ਖ਼ਾਲੜਾ ਦੀ ਯਾਦਗਾਰ ਬਣਾਉਣ ਲਈ ਆਪਣੇ ਐੱਮਪੀ ਲੈਂਡ (MPLAD) ਫੰਡ ਵਿੱਚੋਂ 1 ਕਰੋੜ ਰੁਪਏ ਦੀ ਰਕਮ ਦੇਣਗੇ।
ਜਿਸ ਸਥਾਨ ਲਈ ਇਹ ਯਾਦਗਾਰ ਬਣਾਉਣ ਦੀ ਗੱਲ ਕੀਤੀ ਗਈ ਹੈ, ਉਸ ਬਾਰੇ ਆਮ ਤੌਰ ‘ਤੇ ਇਹ ਮੰਨਿਆ ਜਾਂਦਾ ਹੈ ਕਿ ਉੱਥੇ ਹੀ ਜਸਵੰਤ ਸਿੰਘ ਖ਼ਾਲੜਾ ਦੀ ਮ੍ਰਿਤਕ ਦੇਹ ਨੂੰ ਖ਼ੁਰਦ-ਬੁਰਦ ਕੀਤਾ ਗਿਆ ਸੀ। ਇਸ ਯਾਦਗਾਰ ਦਾ ਉਦੇਸ਼ ਉਨ੍ਹਾਂ ਦੀ ਮਨੁੱਖੀ ਅਧਿਕਾਰਾਂ ਲਈ ਦਿੱਤੀ ਗਈ ਕੁਰਬਾਨੀ ਅਤੇ ਵਿਰਾਸਤ ਨੂੰ ਸਨਮਾਨ ਦੇਣਾ ਹੈ।
ਸਰਬਜੀਤ ਸਿੰਘ ਖ਼ਾਲਸਾ ਨੇ ਇਹ ਐਲਾਨ ਆਪਣੇ ਫੇਸਬੁੱਕ ਪੋਸਟ ਰਾਹੀਂ ਕੀਤਾ। ਉਨ੍ਹਾਂ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਕਿ ਐੱਮਪੀ ਲੈਂਡ (MPLAD) ਫੰਡ ਦੇ ਨਿਯਮਾਂ ਅਨੁਸਾਰ ਇਹ ਰਕਮ ਕਿਸੇ ਨਿੱਜੀ ਮਲਕੀਅਤ ਵਾਲੀ ਜ਼ਮੀਨ ‘ਤੇ ਖਰਚ ਨਹੀਂ ਕੀਤੀ ਜਾ ਸਕਦੀ। ਇਸ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹਰੀਕੇ ਪੱਤਣ ਵਿਖੇ ਇਸ ਯਾਦਗਾਰ ਲਈ ਤੁਰੰਤ ਸਰਕਾਰੀ ਜ਼ਮੀਨ ਅਲਾਟ ਕੀਤੀ ਜਾਵੇ, ਤਾਂ ਜੋ ਇਹ ਪ੍ਰੋਜੈਕਟ ਅਮਲੀ ਰੂਪ ਧਾਰ ਸਕੇ।
ਇਸ ਮਾਮਲੇ ‘ਤੇ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨਾਲ ਸਿੱਧਾ ਸੰਪਰਕ ਨਹੀਂ ਹੋ ਸਕਿਆ, ਪਰ ਉਨ੍ਹਾਂ ਦੇ ਨਜ਼ਦੀਕੀ ਸਹਿਯੋਗੀ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਫ਼ਰੀਦਕੋਟ ਜ਼ਿਲ੍ਹਾ ਪ੍ਰਧਾਨ ਦਲੇਰ ਸਿੰਘ ਦੋਦ ਨੇ ਦੱਸਿਆ ਕਿ ਸੰਸਦ ਮੈਂਬਰ ਨੇ ਯਾਦਗਾਰ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਦੋ ਸਾਲਾਂ ਵਿੱਚ 50-50 ਲੱਖ ਰੁਪਏ ਦੀਆਂ ਦੋ ਕਿਸ਼ਤਾਂ ਰਾਹੀਂ ਜਾਰੀ ਕੀਤੀ ਜਾ ਸਕਦੀ ਹੈ, ਪਰ ਇਸ ਲਈ ਸੂਬਾ ਸਰਕਾਰ ਵੱਲੋਂ ਜ਼ਮੀਨ ਮੁਹੱਈਆ ਕਰਵਾਉਣਾ ਲਾਜ਼ਮੀ ਹੋਵੇਗਾ।
ਇਸੇ ਦੌਰਾਨ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਖ਼ਾਲਸਾ ਨੇ ਵੀ ਇਸ ਪਹਿਲਕਦਮੀ ਦਾ ਸਮਰਥਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਯਾਦਗਾਰ ਲਈ ਸਰਕਾਰੀ ਜ਼ਮੀਨ ਉਪਲਬਧ ਨਹੀਂ ਕਰਵਾਉਂਦੀ ਤਾਂ ਪਾਰਟੀ ਹਰੀਕੇ ਪੱਤਣ ਨੇੜੇ ਕਿਸੇ ਹੋਰ ਉਚਿਤ ਸਥਾਨ ‘ਤੇ ਇਹ ਯਾਦਗਾਰ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਜਸਵੰਤ ਸਿੰਘ ਖ਼ਾਲੜਾ ਦਾ ਇੱਕ ਬੁੱਤ ਪਹਿਲਾਂ ਹੀ ਤਰਨਤਾਰਨ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਖ਼ਾਲੜਾ ਵਿਖੇ ਸਥਾਪਤ ਕੀਤਾ ਜਾ ਚੁੱਕਾ ਹੈ। ਹੁਣ ਹਰੀਕੇ ਪੱਤਣ ਵਿਖੇ ਪ੍ਰਸਤਾਵਿਤ ਯਾਦਗਾਰ ਨੂੰ ਉਨ੍ਹਾਂ ਦੀ ਸ਼ਹਾਦਤ ਅਤੇ ਮਨੁੱਖੀ ਅਧਿਕਾਰਾਂ ਲਈ ਕੀਤੇ ਗਏ ਸੰਘਰਸ਼ ਦੀ ਸਥਾਈ ਨਿਸ਼ਾਨੀ ਵਜੋਂ ਦੇਖਿਆ ਜਾ ਰਿਹਾ ਹੈ।




