ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਸੰਯੁਕਤ ਰਾਜ ਅਮਰੀਕਾ ਮੁੜ ਹਰਮੁਜ਼ ਜਲ ਮਾਰਗ (ਸਟਰੇਟ ਆਫ਼ ਹੋਰਮੁਜ਼) ਵਿੱਚ ਇਰਾਨ ਦੀ ਆਰਥਿਕ ਅਤੇ ਫ਼ੌਜੀ ਘੇਰਾਬੰਦੀ ਕਰੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਸਮੁੰਦਰੀ ਰਸਤੇ ਰਾਹੀਂ ਸੁਰੱਖਿਅਤ ਲੰਘਣ ਵਾਲੇ ਵਪਾਰਕ ਜਹਾਜ਼ਾਂ ਤੋਂ ਟ੍ਰਾਂਜ਼ਿਟ ਫੀਸ ਵੀ ਵਸੂਲੀ ਜਾਵੇਗੀ। ਟਰੰਪ ਨੇ ਇਹ ਐਲਾਨ ਸੋਮਵਾਰ ਨੂੰ ਸੋਸ਼ਲ ਮੀਡੀਆ ‘ਤੇ ਕੀਤੀ ਇੱਕ ਪੋਸਟ ਰਾਹੀਂ ਕੀਤਾ।
ਇਹ ਫ਼ੈਸਲਾ ਹਰਮੁਜ਼ ਜਲ ਮਾਰਗ ਵਿੱਚ ਅਮਰੀਕਾ ਅਤੇ ਇਰਾਨ ਦਰਮਿਆਨ ਹੋਈ ਤਾਜ਼ਾ ਗੋਲੀਬਾਰੀ ਅਤੇ ਵਧਦੇ ਤਣਾਅ ਤੋਂ ਬਾਅਦ ਸਾਹਮਣੇ ਆਇਆ ਹੈ। ਅਮਰੀਕੀ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਇਸ ਰਣਨੀਤਕ ਸਮੁੰਦਰੀ ਰਸਤੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਇਰਾਨ ਦੇ ਪ੍ਰਭਾਵ ਨੂੰ ਸੀਮਤ ਕਰਨ ਲਈ ਸਖ਼ਤ ਕਦਮ ਚੁੱਕਣ ਲਾਜ਼ਮੀ ਹਨ।
ਹਰਮੁਜ਼ ਜਲ ਮਾਰਗ ਨੂੰ ਦੁਨੀਆ ਦੇ ਸਭ ਤੋਂ ਅਹਿਮ ਊਰਜਾ ਵਪਾਰਕ ਰਸਤਿਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਜੰਗੀ ਤਣਾਅ ਸ਼ੁਰੂ ਹੋਣ ਤੋਂ ਪਹਿਲਾਂ ਵਿਸ਼ਵ ਭਰ ਦੇ ਕੁੱਲ ਤੇਲ ਅਤੇ ਕੁਦਰਤੀ ਗੈਸ ਦੀ ਲਗਭਗ 20 ਫ਼ੀਸਦੀ ਸਪਲਾਈ ਇਸੇ ਰਸਤੇ ਰਾਹੀਂ ਹੁੰਦੀ ਸੀ। ਇਰਾਨ ਵੱਲੋਂ ਇਸ ਖੇਤਰ ਵਿੱਚ ਆਪਣਾ ਪ੍ਰਭਾਵ ਵਧਾਉਣ ਤੋਂ ਬਾਅਦ ਇਸ ਜਲ ਮਾਰਗ ਦੀ ਰਣਨੀਤਕ ਮਹੱਤਤਾ ਹੋਰ ਵੀ ਵੱਧ ਗਈ ਹੈ।
ਇਸ ਤੋਂ ਪਹਿਲਾਂ ਹਰਮੁਜ਼ ਜਲ ਮਾਰਗ ਵਿੱਚ ਤਿੰਨ ਸਮੁੰਦਰੀ ਜਹਾਜ਼ਾਂ ‘ਤੇ ਹੋਏ ਹਮਲਿਆਂ ਤੋਂ ਬਾਅਦ ਅਮਰੀਕਾ ਨੇ ਇਰਾਨ ਦੇ ਟਿਕਾਣਿਆਂ ‘ਤੇ ਜਵਾਬੀ ਕਾਰਵਾਈ ਕੀਤੀ ਸੀ। ਟਰੰਪ ਪ੍ਰਸ਼ਾਸਨ ਨੇ ਇਰਾਨ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚਾ ਤੇਲ ਵੇਚਣ ਲਈ ਦਿੱਤੀ ਗਈ ਵਿਸ਼ੇਸ਼ ਛੂਟ ਵੀ ਰੱਦ ਕਰ ਦਿੱਤੀ ਸੀ। ਇਸ ਦੇ ਜਵਾਬ ਵਿੱਚ ਇਰਾਨ ਨੇ ਬਹਿਰੀਨ ਅਤੇ ਕੁਵੈਤ ਵਿੱਚ ਮੌਜੂਦ ਅਮਰੀਕੀ ਫ਼ੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ, ਜਿਸ ਨਾਲ ਖੇਤਰ ਵਿੱਚ ਤਣਾਅ ਹੋਰ ਵੱਧ ਗਿਆ।
ਉੱਧਰ ਭਾਰਤ ਨੇ ਹਰਮੁਜ਼ ਜਲ ਮਾਰਗ ਵਿੱਚ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਘਟਨਾਵਾਂ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਪੱਛਮੀ ਏਸ਼ੀਆ ਵਿੱਚ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਭਾਰਤ ਨੇ ਸਾਰੀਆਂ ਧਿਰਾਂ ਨੂੰ ਸੰਜਮ ਵਰਤਣ ਅਤੇ ਗੱਲਬਾਤ ਰਾਹੀਂ ਤਣਾਅ ਘਟਾਉਣ ਦੀ ਅਪੀਲ ਕੀਤੀ ਹੈ।
ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਹਰਮੁਜ਼ ਜਲ ਮਾਰਗ ਵਿੱਚ ਤਣਾਅ ਹੋਰ ਵਧਦਾ ਹੈ ਤਾਂ ਇਸ ਦਾ ਸਿੱਧਾ ਅਸਰ ਵਿਸ਼ਵ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ, ਊਰਜਾ ਸਪਲਾਈ ਅਤੇ ਸਮੁੰਦਰੀ ਵਪਾਰ ‘ਤੇ ਪੈ ਸਕਦਾ ਹੈ। ਅਮਰੀਕਾ ਅਤੇ ਇਰਾਨ ਵਿਚਾਲੇ ਵਧ ਰਹੀਆਂ ਤਿਆਰੀਆਂ ਕਾਰਨ ਪੂਰੇ ਪੱਛਮੀ ਏਸ਼ੀਆ ਵਿੱਚ ਮੁੜ ਵੱਡੇ ਟਕਰਾਅ ਦੀਆਂ ਚਿੰਤਾਵਾਂ ਵੀ ਜ਼ੋਰ ਫੜ ਰਹੀਆਂ ਹਨ।




