Google search engine
Home Indian ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ‘ਆਪ’ ਦਾ ਭਾਜਪਾ ‘ਤੇ ਤਿੱਖਾ ਹਮਲਾ;...

ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ‘ਆਪ’ ਦਾ ਭਾਜਪਾ ‘ਤੇ ਤਿੱਖਾ ਹਮਲਾ; ਨਸ਼ਾ, ਗੈਂਗਸਟਰ ਅਤੇ ਸਰਹੱਦੀ ਸੁਰੱਖਿਆ ‘ਤੇ ਚੁੱਕੇ ਵੱਡੇ ਸਵਾਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਤਿੱਖਾ ਸਿਆਸੀ ਹਮਲਾ ਬੋਲਦਿਆਂ ਪੰਜਾਬ ਨਾਲ ਕਥਿਤ ਵਿਤਕਰੇ ਅਤੇ ਨਸ਼ਾ ਤਸਕਰੀ ਦੇ ਮੁੱਦੇ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ। ਪਾਰਟੀ ਨੇ ਦਾਅਵਾ ਕੀਤਾ ਕਿ ਕੇਂਦਰ ਦੀਆਂ ਨੀਤੀਆਂ ਕਾਰਨ ਪੰਜਾਬ ਨਸ਼ਿਆਂ ਅਤੇ ਗੈਂਗਸਟਰਾਂ ਦਾ ਨਿਸ਼ਾਨਾ ਬਣ ਰਿਹਾ ਹੈ ਅਤੇ ਸੂਬੇ ਨੂੰ ਹਥਿਆਰਾਂ ਤੇ ਨਸ਼ਿਆਂ ਦਾ “ਡੰਪਿੰਗ ਗਰਾਊਂਡ” ਬਣਨ ਤੋਂ ਰੋਕਣ ਲਈ ਲੋੜੀਂਦੇ ਕਦਮ ਨਹੀਂ ਚੁੱਕੇ ਜਾ ਰਹੇ।

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਹੱਦ ਪਾਰੋਂ ਤਸਕਰੀ ਹੋਣ ਵਾਲੇ ਨਸ਼ਿਆਂ ਦਾ ਲਗਭਗ 80 ਫੀਸਦੀ ਹਿੱਸਾ ਪੰਜਾਬ ਵਿੱਚ ਸੁੱਟਿਆ ਜਾ ਰਿਹਾ ਹੈ, ਜਿਸ ਕਾਰਨ ਆਈਸ (ICE) ਅਤੇ ਕੋਕੀਨ ਵਰਗੇ ਖ਼ਤਰਨਾਕ ਨਸ਼ਿਆਂ ਦੀ ਆਮਦ ਵਿੱਚ ਵਾਧਾ ਹੋਇਆ ਹੈ।

ਉਨ੍ਹਾਂ ਕੇਂਦਰ ਸਰਕਾਰ ਤੋਂ ਸਵਾਲ ਕੀਤਾ ਕਿ ਜਦੋਂ ਭਾਰਤ-ਪਾਕਿਸਤਾਨ ਸਰਹੱਦ ਅਤੇ ਉਸ ਨਾਲ ਲੱਗਦਾ 50 ਕਿਲੋਮੀਟਰ ਦਾ ਖੇਤਰ ਕੇਂਦਰੀ ਸੁਰੱਖਿਆ ਏਜੰਸੀਆਂ ਦੇ ਅਧੀਨ ਹੈ ਤਾਂ ਫਿਰ ਡਰੋਨਾਂ ਰਾਹੀਂ ਨਸ਼ੇ ਅਤੇ ਹਥਿਆਰ ਪੰਜਾਬ ਤੱਕ ਕਿਵੇਂ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਕੋਲ ਡਰੋਨਾਂ ਨੂੰ ਰੋਕਣ ਦੀ ਤਕਨੀਕ ਮੌਜੂਦ ਹੈ, ਜਿਸ ਦੀ ਵਰਤੋਂ “ਆਪਰੇਸ਼ਨ ਸਿੰਧੂਰ” ਦੌਰਾਨ ਕੀਤੀ ਗਈ ਸੀ, ਪਰ ਪੰਜਾਬ ਵਿੱਚ ਇਹ ਤਕਨੀਕ ਪ੍ਰਭਾਵਸ਼ਾਲੀ ਢੰਗ ਨਾਲ ਕਿਉਂ ਨਹੀਂ ਵਰਤੀ ਜਾ ਰਹੀ।

ਡਾ. ਬਲਬੀਰ ਸਿੰਘ ਨੇ ਅਮਰੀਕੀ ਜਾਂਚ ਏਜੰਸੀ ਐੱਫ.ਬੀ.ਆਈ. ਵੱਲੋਂ ਪੰਜਾਬੀ ਗੈਂਗਸਟਰਾਂ ਅਤੇ ਅੰਤਰਰਾਸ਼ਟਰੀ ਨਸ਼ਾ ਕਾਰਟੇਲਾਂ ਬਾਰੇ ਕੀਤੇ ਗਏ ਖੁਲਾਸਿਆਂ ਦਾ ਹਵਾਲਾ ਦਿੰਦਿਆਂ, ਬਿਨਾਂ ਕਿਸੇ ਦਾ ਨਾਮ ਲਏ, ਦੋਸ਼ ਲਾਇਆ ਕਿ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਇੱਕ ਗੈਂਗਸਟਰ ਉਥੋਂ ਹੀ ਵਿਸ਼ਵ ਪੱਧਰ ਦਾ ਨਸ਼ਾ ਤਸਕਰੀ ਨੈੱਟਵਰਕ ਚਲਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਹ ਸੱਚਮੁੱਚ ਨਸ਼ਾ ਮੁਕਤ ਪੰਜਾਬ ਚਾਹੁੰਦੀ ਹੈ ਤਾਂ ਉਸ ਵਿਅਕਤੀ ਨੂੰ ਪੰਜਾਬ ਦੀ ਜੇਲ੍ਹ ਵਿੱਚ ਭੇਜਿਆ ਜਾਵੇ, ਜਿੱਥੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਾਲ ਉਸ ਦੇ ਸੁਧਾਰ ਲਈ ਵੀ ਯਤਨ ਕੀਤੇ ਜਾਣਗੇ।

ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਹਾਲ ਹੀ ਵਿੱਚ ਪਟਿਆਲਾ ਵਿੱਚ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਇੱਕ ਖੇਪ ਪਹੁੰਚੀ ਹੈ, ਜੋ ਇਸ ਗੱਲ ਵੱਲ ਇਸ਼ਾਰਾ ਕਰਦੀ ਹੈ ਕਿ ਹਥਿਆਰਾਂ ਦੀ ਤਸਕਰੀ ਦਾ ਨੈੱਟਵਰਕ ਵੱਖ-ਵੱਖ ਰਾਜਾਂ ਤੱਕ ਫੈਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸਥਿਤੀ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਵੀ ਚਿੰਤਾ ਦਾ ਵਿਸ਼ਾ ਹੈ।

ਪੰਜਾਬ ਨਾਲ ਕਥਿਤ ਵਿਤਕਰੇ ਦਾ ਇੱਕ ਹੋਰ ਮੁੱਦਾ ਚੁੱਕਦਿਆਂ ਸਿਹਤ ਮੰਤਰੀ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪੰਜਾਬ ਦੀ ਫਲੈਗਸ਼ਿਪ ਸਿਹਤ ਬੀਮਾ ਯੋਜਨਾ ਨੂੰ ਪੀ.ਜੀ.ਆਈ. ਚੰਡੀਗੜ੍ਹ ਵਿੱਚ ਲਾਗੂ ਕਰਨ ਦੀ ਮਨਜ਼ੂਰੀ ਨਹੀਂ ਦੇ ਰਹੀ, ਜਦਕਿ ਇਹ ਸੰਸਥਾ ਮੁੱਢਲੇ ਤੌਰ ‘ਤੇ ਪੰਜਾਬ ਅਤੇ ਆਸ-ਪਾਸ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਸਥਾਪਿਤ ਕੀਤੀ ਗਈ ਸੀ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਸੂਬਾ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀਆਂ ਪ੍ਰਾਪਤੀਆਂ ਵੀ ਗਿਣਵਾਈਆਂ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ, ਸਿਹਤ, ਸਿੱਖਿਆ ਅਤੇ ਸਮਾਜਿਕ ਸੁਰੱਖਿਆ ਵਿਭਾਗ ਮਿਲ ਕੇ ਨਸ਼ਿਆਂ ਦੇ ਖ਼ਿਲਾਫ਼ ਸਾਂਝੀ ਮੁਹਿੰਮ ਚਲਾ ਰਹੇ ਹਨ। ਲੋਕਾਂ ਦੇ ਸਹਿਯੋਗ ਨਾਲ ਹੁਣ ਤੱਕ 45 ਹਜ਼ਾਰ ਤੋਂ ਵੱਧ ਗੁਪਤ ਸੂਚਨਾਵਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦੇ ਆਧਾਰ ‘ਤੇ 22,800 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਰਿਕਾਰਡ 6,608 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ। ਉਨ੍ਹਾਂ ਅੰਕੜਿਆਂ ਦੀ ਤੁਲਨਾ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ 2,412 ਕਿਲੋਗ੍ਰਾਮ ਅਤੇ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ 2,817 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸਨ।

Exit mobile version