HomePunjab Newsਲੈਂਡ ਪੂਲਿੰਗ ਨੀਤੀ ਖ਼ਿਲਾਫ਼ ਕਿਸਾਨਾਂ ਦਾ ਵੱਡਾ ਐਕਸ਼ਨ; ਪੰਜਾਬ ਭਰ ਦੇ ਟੌਲ...

ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਕਿਸਾਨਾਂ ਦਾ ਵੱਡਾ ਐਕਸ਼ਨ; ਪੰਜਾਬ ਭਰ ਦੇ ਟੌਲ ਪਲਾਜ਼ੇ 5 ਘੰਟਿਆਂ ਲਈ ਕੀਤੇ ਪਰਚੀ ਮੁਕਤ

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਅਤੇ ਬੈਂਕਾਂ ਵੱਲੋਂ ਕਥਿਤ ਧੋਖਾਧੜੀ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ/ਡੱਲੇਵਾਲ) ਦੇ ਸੂਬਾਈ ਸੱਦੇ ‘ਤੇ ਅੱਜ ਸੂਬੇ ਭਰ ਦੇ ਕਿਸਾਨਾਂ ਨੇ ਵੱਡਾ ਰੋਸ ਪ੍ਰਦਰਸ਼ਨ ਕੀਤਾ। ਇਸ ਤਹਿਤ ਪੰਜਾਬ ਦੇ ਵੱਖ-ਵੱਖ ਟੌਲ ਪਲਾਜ਼ਿਆਂ ਨੂੰ ਸਵੇਰੇ 11:00 ਵਜੇ ਤੋਂ ਸ਼ਾਮ 4:00 ਵਜੇ ਤੱਕ ਪਰਚੀ ਮੁਕਤ ਕਰ ਦਿੱਤਾ ਗਿਆ, ਜਿਸ ਕਾਰਨ ਵਾਹਨ ਚਾਲਕਾਂ ਨੂੰ ਬਿਨਾਂ ਟੌਲ ਫੀਸ ਦੇ ਲੰਘਣ ਦੀ ਸਹੂਲਤ ਮਿਲੀ।

ਯੂਨੀਅਨ ਦੇ ਐਲਾਨ ਅਨੁਸਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਟੌਲ ਪਲਾਜ਼ਿਆਂ ‘ਤੇ ਧਰਨੇ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਕਿਸਾਨਾਂ ਦੇ ਹਿੱਤਾਂ ਦੇ ਖ਼ਿਲਾਫ਼ ਹੈ ਅਤੇ ਇਸ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।

ਇਸੇ ਤਹਿਤ ਬਨੂੜ ਤੋਂ ਜ਼ੀਰਕਪੁਰ ਜਾਂਦੇ ਕੌਮੀ ਮਾਰਗ ‘ਤੇ ਸਥਿਤ ਅਜ਼ੀਜ਼ਪੁਰ ਟੌਲ ਪਲਾਜ਼ਾ ਨੂੰ ਸਵੇਰੇ 11:00 ਵਜੇ ਕਿਸਾਨਾਂ ਨੇ ਪੂਰੀ ਤਰ੍ਹਾਂ ਪਰਚੀ ਮੁਕਤ ਕਰ ਦਿੱਤਾ। ਟੌਲ ਪਲਾਜ਼ਾ ‘ਤੇ ਸ਼ੁਰੂ ਕੀਤੇ ਗਏ ਧਰਨੇ ਵਿੱਚ ਯੂਨੀਅਨ ਦੇ ਸੂਬਾਈ ਆਗੂ ਮਾਨ ਸਿੰਘ ਰਾਜਪੁਰਾ, ਤਰਲੋਚਨ ਸਿੰਘ ਨੰਡਿਆਲੀ, ਗੁਰਮੀਤ ਸਿੰਘ ਸਿਆਊ ਸਮੇਤ ਹੋਰ ਪ੍ਰਮੁੱਖ ਆਗੂ ਵੀ ਸ਼ਾਮਲ ਹੋਏ। ਧਰਨੇ ਦੌਰਾਨ ਕਿਸਾਨਾਂ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਆਵਾਜ਼ ਉਠਾਈ।

ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਬੀ.ਕੇ.ਯੂ. (ਡੱਲੇਵਾਲ) ਜ਼ਿਲ੍ਹਾ ਪਟਿਆਲਾ ਵੱਲੋਂ ਪਟਿਆਲਾ-ਰਾਜਪੁਰਾ ਸੜਕ ‘ਤੇ ਸਥਿਤ ਧਰੇੜੀ ਜੱਟਾਂ ਟੌਲ ਪਲਾਜ਼ਾ ‘ਤੇ ਵੀ ਧਰਨਾ ਦਿੱਤਾ ਗਿਆ। ਕਿਸਾਨਾਂ ਨੇ ਟੌਲ ਪਲਾਜ਼ਾ ਨੂੰ ਵਾਹਨਾਂ ਲਈ ਪਰਚੀ ਮੁਕਤ ਕਰਦੇ ਹੋਏ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕੀਤਾ। ਧਰਨੇ ਦੀ ਅਗਵਾਈ ਜ਼ਿਲ੍ਹਾ ਕਨਵੀਨਰ ਜਗਦੀਪ ਸਿੰਘ ਅਲੂਣਾ ਨੇ ਕੀਤੀ।

ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਨਾ ਲਿਆ ਅਤੇ ਕਿਸਾਨਾਂ ਨਾਲ ਜੁੜੇ ਹੋਰ ਮਸਲਿਆਂ ਦਾ ਜਲਦ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਅਤੇ ਜ਼ਮੀਨਾਂ ਨੂੰ ਬਚਾਉਣ ਲਈ ਲੜਿਆ ਜਾ ਰਿਹਾ ਹੈ ਅਤੇ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments