Google search engine
Home Punjab News ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਅਗਸਤ ਦੇ ਪਹਿਲੇ ਹਫ਼ਤੇ ਸੰਭਵ, ਸਰਕਾਰ...

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਅਗਸਤ ਦੇ ਪਹਿਲੇ ਹਫ਼ਤੇ ਸੰਭਵ, ਸਰਕਾਰ ਕਈ ਅਹਿਮ ਬਿੱਲਾਂ ਨਾਲ ਹੋਵੇਗੀ ਤਿਆਰ

ਪੰਜਾਬ ਸਰਕਾਰ ਅਗਸਤ ਮਹੀਨੇ ਦੇ ਪਹਿਲੇ ਹਫ਼ਤੇ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਸੱਦਣ ਦੀ ਤਿਆਰੀ ਵਿੱਚ ਹੈ। ਸਰਕਾਰੀ ਸੂਤਰਾਂ ਅਨੁਸਾਰ ਇਸ ਵਾਰ ਕਰੀਬ ਇੱਕ ਹਫ਼ਤੇ ਦਾ ਸੈਸ਼ਨ ਰੱਖਣ ਦੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਕੋਸ਼ਿਸ਼ ਇਹ ਹੈ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਹੀ ਸੈਸ਼ਨ ਦੀ ਕਾਰਵਾਈ ਮੁਕੰਮਲ ਕਰ ਲਈ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ-ਦੋ ਦਿਨਾਂ ਵਿੱਚ ਸੈਸ਼ਨ ਸਬੰਧੀ ਅਧਿਕਾਰਕ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।

ਪਹਿਲਾਂ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਸਰਕਾਰ ਕਿਸੇ ਖ਼ਾਸ ਮੁੱਦੇ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਸੈਸ਼ਨ ਬੁਲਾ ਸਕਦੀ ਹੈ, ਪਰ ਹੁਣ ਮੌਨਸੂਨ ਸੈਸ਼ਨ ਕਰਵਾਉਣ ਦੀ ਤਿਆਰੀ ਤੇਜ਼ ਹੋ ਗਈ ਹੈ। ਇਸ ਸੈਸ਼ਨ ਵਿੱਚ ਕਈ ਅਹਿਮ ਵਿਧਾਨਕ ਅਤੇ ਪ੍ਰਸ਼ਾਸਕੀ ਮਾਮਲਿਆਂ ‘ਤੇ ਚਰਚਾ ਹੋਣ ਦੇ ਨਾਲ-ਨਾਲ ਮਹੱਤਵਪੂਰਨ ਬਿੱਲ ਵੀ ਪੇਸ਼ ਕੀਤੇ ਜਾਣ ਦੀ ਉਮੀਦ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੈਸ਼ਨ ਦੇ ਏਜੰਡੇ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਅਤੇ ਸੰਬੰਧਤ ਵਿਭਾਗਾਂ ਨਾਲ ਵਿਚਾਰ-ਵਟਾਂਦਰਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਵੱਲੋਂ ਸੈਸ਼ਨ ਦੌਰਾਨ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ਅਤੇ ਹੋਰ ਸਰਕਾਰੀ ਕਾਰਜਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਜਾਰੀ ਹੈ ਤਾਂ ਜੋ ਸਦਨ ਵਿੱਚ ਮਹੱਤਵਪੂਰਨ ਫ਼ੈਸਲਿਆਂ ‘ਤੇ ਚਰਚਾ ਹੋ ਸਕੇ।

ਸਭ ਤੋਂ ਮਹੱਤਵਪੂਰਨ ਮੁੱਦਿਆਂ ਵਿੱਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ-2026 ਵਿੱਚ ਸੋਧ ਦਾ ਮਾਮਲਾ ਸ਼ਾਮਲ ਮੰਨਿਆ ਜਾ ਰਿਹਾ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 29 ਜੂਨ ਨੂੰ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦੇ ਅੰਦਰ ਐਕਟ ਵਿੱਚ ਲੋੜੀਂਦੀਆਂ ਸੋਧਾਂ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸੇ ਦਿਨ ਪੰਜਾਬ ਦੇ ਸਿੱਖ ਮੰਤਰੀ ਅਤੇ ਵਿਧਾਇਕ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ।

ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਇਸ ਮਾਮਲੇ ਵਿੱਚ ਹੋਰ ਵਿਚਾਰ-ਵਟਾਂਦਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਕੋਲ ਕੁਝ ਹੋਰ ਸਮੇਂ ਦੀ ਮੰਗ ਕਰ ਸਕਦੀ ਹੈ। ਜਥੇਦਾਰ ਵੱਲੋਂ ਦਿੱਤੀ ਗਈ ਇੱਕ ਮਹੀਨੇ ਦੀ ਮਿਆਦ 29 ਜੁਲਾਈ ਨੂੰ ਸਮਾਪਤ ਹੋ ਰਹੀ ਹੈ, ਜਿਸ ਕਾਰਨ ਇਹ ਮਸਲਾ ਮੌਨਸੂਨ ਸੈਸ਼ਨ ਦਾ ਸਭ ਤੋਂ ਚਰਚਿਤ ਵਿਸ਼ਾ ਬਣ ਸਕਦਾ ਹੈ।

ਇਸ ਤੋਂ ਇਲਾਵਾ ਸਰਕਾਰ ਪੰਜਾਬ ਰੈਗੂਲੇਸ਼ਨ ਆਫ਼ ਫ਼ੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ-2026 ਨੂੰ ਵੀ ਵਿਧਾਨ ਸਭਾ ਵਿੱਚ ਪੇਸ਼ ਕਰਕੇ ਐਕਟ ਦਾ ਰੂਪ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਆਰਡੀਨੈਂਸ ਨੂੰ ਹਾਲ ਹੀ ਵਿੱਚ ਪੰਜਾਬ ਦੇ ਰਾਜਪਾਲ ਵੱਲੋਂ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਹੁਣ ਸੰਵਿਧਾਨਕ ਪ੍ਰਕਿਰਿਆ ਅਨੁਸਾਰ ਇਸ ਨੂੰ ਸਦਨ ਵਿੱਚ ਪਾਸ ਕਰਵਾਉਣਾ ਲਾਜ਼ਮੀ ਹੋਵੇਗਾ।

ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਸ ਵਾਰ ਦਾ ਮੌਨਸੂਨ ਸੈਸ਼ਨ ਸਿਰਫ਼ ਰੁਟੀਨੀ ਕਾਰਵਾਈ ਤੱਕ ਸੀਮਤ ਨਹੀਂ ਰਹੇਗਾ, ਸਗੋਂ ਧਾਰਮਿਕ, ਸਿੱਖਿਆ ਅਤੇ ਪ੍ਰਸ਼ਾਸਕੀ ਸੁਧਾਰਾਂ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਵੀ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਲਈ ਸਾਰੇ ਸਿਆਸੀ ਦਲਾਂ ਦੀਆਂ ਨਜ਼ਰਾਂ ਹੁਣ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਅਧਿਕਾਰਕ ਐਲਾਨ ਅਤੇ ਮੌਨਸੂਨ ਸੈਸ਼ਨ ਦੇ ਅੰਤਿਮ ਏਜੰਡੇ ‘ਤੇ ਟਿਕੀਆਂ ਹੋਈਆਂ ਹਨ।

Exit mobile version