ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਪੰਜਾਬ ਦੌਰੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਉੱਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਦੌਰੇ ਨੂੰ ਪੂਰੀ ਤਰ੍ਹਾਂ ਨਾਕਾਮ ਕਰਾਰ ਦਿੱਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਇਸ ਦੌਰੇ ਦੌਰਾਨ ਪੰਜਾਬ ਨਾਲ ਜੁੜੇ ਕਿਸੇ ਵੀ ਅਹਿਮ ਮੁੱਦੇ ਦਾ ਹੱਲ ਪੇਸ਼ ਨਹੀਂ ਕੀਤਾ ਗਿਆ ਅਤੇ ਨਾ ਹੀ ਸੂਬੇ ਨੂੰ ਕੋਈ ਵੱਡੀ ਰਾਹਤ ਜਾਂ ਐਲਾਨ ਮਿਲਿਆ।
‘ਆਪ’ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੰਬੋਧਨ ਵਿੱਚ ਪੰਜਾਬ ਦੇ ਲੋਕਾਂ ਦੀਆਂ ਅਸਲ ਸਮੱਸਿਆਵਾਂ ਦਾ ਕੋਈ ਜ਼ਿਕਰ ਨਹੀਂ ਸੀ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਦੇ ਹੱਕਾਂ ਦੀ ਅਣਦੇਖੀ ਕਰ ਰਹੀ ਹੈ ਅਤੇ ਸੂਬੇ ਦੇ ਬਕਾਇਆ ਫੰਡ, ਸਰਹੱਦੀ ਸੁਰੱਖਿਆ, ਕਿਸਾਨਾਂ ਦੀਆਂ ਮੰਗਾਂ ਅਤੇ ਵਿਕਾਸ ਨਾਲ ਜੁੜੇ ਮੁੱਦਿਆਂ ਨੂੰ ਲਟਕਾਇਆ ਜਾ ਰਿਹਾ ਹੈ।
ਧਾਲੀਵਾਲ ਨੇ ਕਿਹਾ ਕਿ ਪੇਂਡੂ ਵਿਕਾਸ ਫੰਡ (ਆਰ.ਡੀ.ਐੱਫ.) ਸਮੇਤ ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਅਜੇ ਤੱਕ ਜਾਰੀ ਨਹੀਂ ਕੀਤੇ ਗਏ। ਉਨ੍ਹਾਂ ਦਾ ਦਾਅਵਾ ਹੈ ਕਿ ਕੇਂਦਰ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਲਏ ਜਾ ਰਹੇ ਕਰਜ਼ਿਆਂ ਦੀ ਆਲੋਚਨਾ ਕਰਦਾ ਹੈ, ਜਦਕਿ ਦੂਜੇ ਪਾਸੇ ਸੂਬੇ ਦੇ ਬਣਦੇ ਹੱਕਾਂ ਦੀ ਰਕਮ ਰੋਕ ਕੇ ਵਿਕਾਸ ਕਾਰਜਾਂ ਵਿੱਚ ਰੁਕਾਵਟ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਏ ਗਏ ਕਰਜ਼ੇ ਹਸਪਤਾਲਾਂ, ਸਕੂਲਾਂ, ਸੜਕਾਂ, ਸਿਹਤ ਸਹੂਲਤਾਂ, ਪੈਨਸ਼ਨਾਂ ਅਤੇ ਹੋਰ ਲੋਕ ਭਲਾਈ ਯੋਜਨਾਵਾਂ ਉੱਤੇ ਖਰਚੇ ਜਾ ਰਹੇ ਹਨ।
ਨਸ਼ਿਆਂ ਦੇ ਮੁੱਦੇ ਉੱਤੇ ਵੀ ‘ਆਪ’ ਨੇ ਕੇਂਦਰ ਨੂੰ ਘੇਰਿਆ। ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਦੀਆਂ ਜੜ੍ਹਾਂ ਪਿਛਲੀਆਂ ਅਕਾਲੀ-ਭਾਜਪਾ ਸਰਕਾਰਾਂ ਦੇ ਸਮੇਂ ਨਾਲ ਜੁੜੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ਰਾਹੀਂ ਹੋ ਰਹੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਕਈ ਵਾਰ ਐਂਟੀ-ਡਰੋਨ ਤਕਨਾਲੋਜੀ ਲਗਾਉਣ ਦੀ ਮੰਗ ਕੀਤੀ ਗਈ, ਪਰ ਕੇਂਦਰ ਸਰਕਾਰ ਨੇ ਇਸ ਸਬੰਧੀ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕਿਆ।
ਕਿਸਾਨਾਂ ਨਾਲ ਜੁੜੇ ਮੁੱਦਿਆਂ ਦਾ ਜ਼ਿਕਰ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਦੌਰੇ ਦੌਰਾਨ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ੇ, ਖੇਤੀਬਾੜੀ ਸੰਕਟ ਜਾਂ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਪੰਜਾਬ ਦੀ ਖੇਤੀ ਉੱਤੇ ਪੈਣ ਵਾਲੇ ਸੰਭਾਵਿਤ ਪ੍ਰਭਾਵ ਬਾਰੇ ਕੋਈ ਸਪਸ਼ਟ ਗੱਲ ਨਹੀਂ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਹੜ੍ਹ ਰਾਹਤ ਲਈ ਐਲਾਨੇ ਗਏ 1,600 ਕਰੋੜ ਰੁਪਏ ਵੀ ਅਜੇ ਤੱਕ ਪੰਜਾਬ ਨੂੰ ਜਾਰੀ ਨਹੀਂ ਕੀਤੇ ਗਏ।
ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਪੱਧਰ ਉੱਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਕੇ ਅਤੇ ਹੋਰ ਰਾਹਤ ਯੋਜਨਾਵਾਂ ਲਾਗੂ ਕਰਕੇ ਕਿਸਾਨਾਂ ਦੀ ਮਦਦ ਕੀਤੀ ਹੈ, ਜਦਕਿ ਕੇਂਦਰ ਸਰਕਾਰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀ ਹੈ।
ਉਨ੍ਹਾਂ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਇਸ ਦੌਰੇ ਦੌਰਾਨ ਪੰਜਾਬ ਲਈ ਕੋਈ ਨਵਾਂ ਪ੍ਰੋਜੈਕਟ, ਵਿੱਤੀ ਸਹਾਇਤਾ ਜਾਂ ਵਿਸ਼ੇਸ਼ ਪੈਕੇਜ ਲੈ ਕੇ ਨਹੀਂ ਆਏ। ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਦੌਰੇ ਤੋਂ ਵੱਡੀਆਂ ਉਮੀਦਾਂ ਸਨ, ਪਰ ਕੇਂਦਰ ਵੱਲੋਂ ਕੋਈ ਠੋਸ ਐਲਾਨ ਨਾ ਹੋਣ ਕਾਰਨ ਲੋਕਾਂ ਵਿੱਚ ਨਿਰਾਸ਼ਾ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ ਭਾਜਪਾ ਦੇ ਆਗੂਆਂ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਪ੍ਰਧਾਨ ਮੰਤਰੀ ਦੇ ਇਸ ਦੌਰੇ ਨਾਲ ਸੂਬੇ ਨੂੰ ਅਸਲ ਵਿੱਚ ਕੀ ਹਾਸਲ ਹੋਇਆ।




