ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਅੰਦੋਲਨ ਨੇ ਸ਼ਨਿੱਚਰਵਾਰ ਨੂੰ ਉਸ ਸਮੇਂ ਨਵਾਂ ਮੋੜ ਲੈ ਲਿਆ, ਜਦੋਂ ਲੰਬੇ ਸਮੇਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਸਫ਼ਦਰਜੰਗ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲੀਸ ਨੇ ਦੱਸਿਆ ਕਿ ਇਹ ਕਦਮ ਡਾਕਟਰਾਂ ਦੀ ਸਲਾਹ ਅਤੇ ਅਦਾਲਤੀ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਚੁੱਕਿਆ ਗਿਆ ਹੈ। ਦੂਜੇ ਪਾਸੇ, ਵਾਂਗਚੁਕ ਦੇ ਸਮਰਥਕਾਂ ਨੇ ਇਸ ਕਾਰਵਾਈ ਦਾ ਵਿਰੋਧ ਕੀਤਾ ਅਤੇ ਅੰਦੋਲਨ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ।
ਜਾਣਕਾਰੀ ਅਨੁਸਾਰ, ਸੋਨਮ ਵਾਂਗਚੁਕ ਆਪਣੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਦੇ 21ਵੇਂ ਦਿਨ ਵਿੱਚ ਦਾਖ਼ਲ ਹੋ ਚੁੱਕੇ ਸਨ। ਡਾਕਟਰਾਂ ਨੇ ਉਨ੍ਹਾਂ ਦੀ ਵਿਗੜਦੀ ਸਿਹਤ ਨੂੰ ਦੇਖਦਿਆਂ ਤੁਰੰਤ ਹਸਪਤਾਲ ਲਿਜਾਣ ਦੀ ਸਿਫ਼ਾਰਸ਼ ਕੀਤੀ। ਹਸਪਤਾਲ ਪਹੁੰਚਣ ਤੋਂ ਬਾਅਦ ਵੀ ਵਾਂਗਚੁਕ ਨੇ ਦਵਾਈਆਂ ਅਤੇ ਡ੍ਰਿੱਪ ਲੈਣ ਤੋਂ ਇਨਕਾਰ ਕਰ ਦਿੱਤਾ, ਜਦਕਿ ਡਾਕਟਰਾਂ ਨੇ ਉਨ੍ਹਾਂ ਨੂੰ ਭੁੱਖ ਹੜਤਾਲ ਖ਼ਤਮ ਕਰਕੇ ਇਲਾਜ ਸ਼ੁਰੂ ਕਰਵਾਉਣ ਦੀ ਅਪੀਲ ਕੀਤੀ।
ਇਸ ਘਟਨਾ ਤੋਂ ਕੁਝ ਘੰਟਿਆਂ ਬਾਅਦ ਜੰਤਰ-ਮੰਤਰ ‘ਤੇ ਇੱਕ ਹੋਰ ਵਿਵਾਦ ਉਸ ਵੇਲੇ ਖੜ੍ਹਾ ਹੋ ਗਿਆ, ਜਦੋਂ ਇੱਕ ਮਹਿਲਾ ਨੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਉੱਤੇ ਭਾਸ਼ਣ ਦੌਰਾਨ ਸਿਆਹੀ ਵਰਗਾ ਤਰਲ ਪਦਾਰਥ ਸੁੱਟ ਦਿੱਤਾ। ਅਚਾਨਕ ਹੋਈ ਇਸ ਘਟਨਾ ਕਾਰਨ ਸਮਾਗਮ ਕੁਝ ਸਮੇਂ ਲਈ ਰੁਕ ਗਿਆ ਅਤੇ ਮੌਕੇ ‘ਤੇ ਹੰਗਾਮਾ ਮਚ ਗਿਆ। ਦੀਪਕੇ ਦੇ ਸਮਰਥਕ ਤੁਰੰਤ ਮੰਚ ਵੱਲ ਦੌੜੇ, ਜਿਸ ਨਾਲ ਸਥਿਤੀ ਤਣਾਅਪੂਰਨ ਬਣ ਗਈ।
ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਸਿਆਹੀ ਸੁੱਟਣ ਵਾਲੀ ਮਹਿਲਾ ਨੂੰ ਹਿਰਾਸਤ ਵਿੱਚ ਲੈ ਲਿਆ। ਅਧਿਕਾਰੀਆਂ ਮੁਤਾਬਕ ਮਹਿਲਾ ਦੀ ਪਛਾਣ ਅਤੇ ਇਸ ਘਟਨਾ ਪਿੱਛੇ ਦੇ ਮਨੋਰਥ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ।
ਸੋਨਮ ਵਾਂਗਚੁਕ ਨੂੰ ਹਸਪਤਾਲ ਭੇਜੇ ਜਾਣ ਤੋਂ ਤੁਰੰਤ ਬਾਅਦ ਅਭਿਜੀਤ ਦੀਪਕੇ ਨੇ ਐਲਾਨ ਕੀਤਾ ਕਿ ਉਹ ਵੀ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਰਹੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉੱਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਉਹ ਵਾਂਗਚੁਕ ਦੇ ਸਮਰਥਨ ਵਿੱਚ ਆਪਣਾ ਸੰਘਰਸ਼ ਜਾਰੀ ਰੱਖਣਗੇ।
ਦੀਪਕੇ ਨੇ ਇਹ ਵੀ ਦੋਸ਼ ਲਗਾਇਆ ਕਿ ਜੰਤਰ-ਮੰਤਰ ਤੋਂ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੌਰਾਨ ਦਿੱਲੀ ਪੁਲੀਸ ਨੇ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਅਤੇ ਕੁਝ ਕਾਰਕੁਨਾਂ ਨੂੰ ਹਿਰਾਸਤ ਵਿੱਚ ਵੀ ਲਿਆ। ਦੂਜੇ ਪਾਸੇ, ਪੁਲੀਸ ਨੇ ਕਿਹਾ ਕਿ ਸੋਨਮ ਵਾਂਗਚੁਕ ਨੂੰ ਸਿਰਫ਼ ਜ਼ਰੂਰੀ ਡਾਕਟਰੀ ਇਲਾਜ ਲਈ ਹਸਪਤਾਲ ਭੇਜਿਆ ਗਿਆ ਸੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀਪੂਰਵਕ ਸਥਾਨ ਖਾਲੀ ਕਰਨ ਦੀ ਅਪੀਲ ਕੀਤੀ ਗਈ ਸੀ।
ਦੱਸਿਆ ਜਾ ਰਿਹਾ ਹੈ ਕਿ ਸੋਨਮ ਵਾਂਗਚੁਕ 28 ਜੂਨ ਤੋਂ ਨੀਟ ਪ੍ਰੀਖਿਆ ਨਾਲ ਜੁੜੀਆਂ ਕਥਿਤ ਬੇਨਿਯਮੀਆਂ ਅਤੇ ਵਿਦਿਆਰਥੀਆਂ ਨਾਲ ਸਬੰਧਤ ਮੁੱਦਿਆਂ ਦੇ ਸਮਰਥਨ ਵਿੱਚ ਭੁੱਖ ਹੜਤਾਲ ‘ਤੇ ਸਨ। ਉਨ੍ਹਾਂ ਦੇ ਹਸਪਤਾਲ ਦਾਖ਼ਲ ਹੋਣ ਤੋਂ ਬਾਅਦ ਵੀ ਜੰਤਰ-ਮੰਤਰ ‘ਤੇ ਅੰਦੋਲਨ ਜਾਰੀ ਹੈ ਅਤੇ ਆਇਸਾ ਨਾਲ ਜੁੜੇ ਕਾਰਕੁਨ ਨੇਹਾ, ਆਮੀਨ ਅਤੇ ਮਨੀਸ਼ ਨੇ ਵੀ ਆਪਣੀ ਭੁੱਖ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
ਇਸ ਪੂਰੇ ਘਟਨਾਕ੍ਰਮ ਨੇ ਰਾਜਧਾਨੀ ਵਿੱਚ ਚੱਲ ਰਹੇ ਅੰਦੋਲਨ ਨੂੰ ਹੋਰ ਗਰਮਾ ਦਿੱਤਾ ਹੈ। ਇੱਕ ਪਾਸੇ ਵਾਂਗਚੁਕ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਜਾ ਰਹੀ ਹੈ, ਜਦਕਿ ਦੂਜੇ ਪਾਸੇ ਜੰਤਰ-ਮੰਤਰ ‘ਤੇ ਵਾਪਰੀਆਂ ਘਟਨਾਵਾਂ ਨੇ ਇਸ ਪ੍ਰਦਰਸ਼ਨ ਨੂੰ ਨਵਾਂ ਸਿਆਸੀ ਅਤੇ ਸਮਾਜਿਕ ਮੋੜ ਦੇ ਦਿੱਤਾ ਹੈ।




