ਮੋਗਾ ਦੇ ਕੋਟ ਈਸੇ ਖਾਂ ਵਿਖੇ ‘ਵਾਰਿਸ ਪੰਜਾਬ ਦੇ’ (ਅਕਾਲੀ ਦਲ) ਵੱਲੋਂ ਪਹਿਲੀ ਵਾਰ ਇੱਕ ਵਿਸ਼ਾਲ ਪੰਥਕ ਇਕੱਠ ਕਰਵਾਇਆ ਗਿਆ, ਜਿਸ ਵਿੱਚ ਪਾਰਟੀ ਆਗੂਆਂ ਅਤੇ ਸਮਰਥਕਾਂ ਦੀ ਵੱਡੀ ਗਿਣਤੀ ਨੇ ਸ਼ਮੂਲੀਅਤ ਕੀਤੀ। ਇਹ ਇਕੱਠ ਆਮ ਆਦਮੀ ਪਾਰਟੀ ਛੱਡ ਕੇ ‘ਵਾਰਿਸ ਪੰਜਾਬ ਦੇ’ ਨਾਲ ਜੁੜੇ ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ, ਜਿੱਥੇ ਪਾਰਟੀ ਦੀ ਭਵਿੱਖੀ ਰਣਨੀਤੀ ਅਤੇ ਪੰਜਾਬ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਸਾਂਝੇ ਕੀਤੇ ਗਏ।
ਇਸ ਸਮਾਗਮ ਵਿੱਚ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਯੂਥ ਵਿੰਗ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਅਤੇ ਪਾਰਟੀ ਦੇ ਕਈ ਹੋਰ ਸੀਨੀਅਰ ਆਗੂਆਂ ਨੇ ਹਾਜ਼ਰੀ ਭਰੀ। ਇਸ ਤੋਂ ਇਲਾਵਾ ਹਲਕੇ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਕਾਰਕੁਨਾਂ ਨੇ ਵੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ।
ਸੰਬੋਧਨ ਦੌਰਾਨ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਸਿੱਖ ਭਾਈਚਾਰੇ ਨਾਲ ਵੱਖ-ਵੱਖ ਪੱਧਰਾਂ ‘ਤੇ ਵਿਤਕਰਾ ਹੋਣ ਕਾਰਨ ਕੌਮ ਵਿੱਚ ਨਿਰਾਸ਼ਾ ਅਤੇ ਬੇਗਾਨਗੀ ਦੀ ਭਾਵਨਾ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਵੱਖਰੀ ਪਛਾਣ ਨੂੰ ਸਵੀਕਾਰ ਕੀਤੇ ਬਿਨਾਂ ਇਨ੍ਹਾਂ ਮਸਲਿਆਂ ਦਾ ਸਥਾਈ ਹੱਲ ਸੰਭਵ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਹਮੇਸ਼ਾ ਸ਼ਾਂਤੀ, ਭਾਈਚਾਰੇ ਅਤੇ ਆਪਸੀ ਸਾਂਝ ਦੇ ਹਾਮੀ ਰਹੇ ਹਨ, ਪਰ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਅਤੇ ਕੁਰਬਾਨੀਆਂ ਦੇਣ ਦੀ ਪਰੰਪਰਾ ਵੀ ਸਿੱਖ ਇਤਿਹਾਸ ਦਾ ਅਹਿਮ ਹਿੱਸਾ ਹੈ।
ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਸੰਬੋਧਨ ਵਿੱਚ ਦਾਅਵਾ ਕੀਤਾ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਵਿੱਚ ਪੰਥਕ ਸਰਕਾਰ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਨੂੰ ਸੱਤਾ ਸੰਭਾਲਣ ਦਾ ਮੌਕਾ ਮਿਲਦਾ ਹੈ ਤਾਂ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ, ਨੌਜਵਾਨਾਂ ਦੇ ਵਿਦੇਸ਼ਾਂ ਵੱਲ ਵੱਧ ਰਹੇ ਪ੍ਰਵਾਸ ਨੂੰ ਰੋਕਣ, ਸੂਬੇ ਦੇ ਪਾਣੀਆਂ ਦੀ ਰੱਖਿਆ ਕਰਨ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਪਹਿਲ ਦਿੱਤੀ ਜਾਵੇਗੀ।
ਇਯਾਲੀ ਨੇ ਇਹ ਵੀ ਕਿਹਾ ਕਿ ਪਾਰਟੀ ਹਰ ਧਰਮ ਅਤੇ ਹਰ ਭਾਈਚਾਰੇ ਦਾ ਸਤਿਕਾਰ ਕਰਦੀ ਹੈ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅੰਮ੍ਰਿਤਪਾਲ ਸਿੰਘ ਸਮੇਤ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਚਰਚਿਤ ਫ਼ਿਲਮ ‘ਸੱਤਲੁਜ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਫ਼ਿਲਮ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਸਲਿਆਂ ਅਤੇ ਪੰਜਾਬ ਦੇ ਇਤਿਹਾਸਕ ਦੌਰ ਦੀਆਂ ਘਟਨਾਵਾਂ ਨੂੰ ਦਰਸਾਉਣ ਦਾ ਯਤਨ ਕਰਦੀ ਹੈ।
ਪ੍ਰੋਗਰਾਮ ਦੇ ਪ੍ਰਬੰਧਕ ਜਸਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਧਰਮਕੋਟ ਹਲਕੇ ਦੇ ਲੋਕ ਪੰਥ ਅਤੇ ਪੰਜਾਬ ਦੀ ਭਲਾਈ ਲਈ ਪਾਰਟੀ ਦਾ ਪੂਰਾ ਸਾਥ ਦੇਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਅੰਮ੍ਰਿਤਪਾਲ ਸਿੰਘ ਦੀ ਸੋਚ ਅਤੇ ਪਾਰਟੀ ਦੇ ਉਦੇਸ਼ਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰ ਇਕਜੁੱਟ ਹੋ ਕੇ ਕੰਮ ਕਰਨਗੇ ਅਤੇ ਆਉਣ ਵਾਲੇ ਸਮੇਂ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
