Google search engine
Home Punjab News ਸ਼੍ਰੋਮਣੀ ਅਕਾਲੀ ਦਲ ਨੂੰ ਤਰਨ ਤਾਰਨ ‘ਚ ਵੱਡਾ ਝਟਕਾ, ਸੀਨੀਅਰ ਆਗੂ ਇਕਬਾਲ...

ਸ਼੍ਰੋਮਣੀ ਅਕਾਲੀ ਦਲ ਨੂੰ ਤਰਨ ਤਾਰਨ ‘ਚ ਵੱਡਾ ਝਟਕਾ, ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਫੜਿਆ ਪੱਲਾ

ਤਰਨ ਤਾਰਨ: ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਅਹਿਮ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਨੇ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਆਪਣੇ ਸਮਰਥਕਾਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਮੂਲੀਅਤ ਕਰ ਲਈ। ਉਨ੍ਹਾਂ ਦੀ ਇਹ ਸ਼ਮੂਲੀਅਤ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਹੋਈ, ਜਦਕਿ ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਨਵੇਂ ਸਾਥੀਆਂ ਦਾ ਸਵਾਗਤ ਕੀਤਾ।

ਇਕਬਾਲ ਸਿੰਘ ਸੰਧੂ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਰਹੇ ਹਨ ਅਤੇ ਤਰਨ ਤਾਰਨ ਇਲਾਕੇ ਵਿੱਚ ਪਾਰਟੀ ਦੇ ਪ੍ਰਮੁੱਖ ਆਗੂਆਂ ਵਿੱਚ ਗਿਣੇ ਜਾਂਦੇ ਸਨ। ਉਹ ਐੱਸ.ਐੱਸ. ਬੋਰਡ ਦੇ ਮੈਂਬਰ ਰਹਿ ਚੁੱਕੇ ਹਨ ਅਤੇ ਪਾਰਟੀ ਦੇ ਜਨਰਲ ਸਕੱਤਰ ਸਮੇਤ ਕਈ ਅਹਿਮ ਜ਼ਿੰਮੇਵਾਰੀਆਂ ਵੀ ਨਿਭਾ ਚੁੱਕੇ ਹਨ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਅਤੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਨਵੇਂ ਸਿਆਸੀ ਫ਼ੈਸਲੇ ਨੂੰ ਲੈ ਕੇ ਕਿਆਸ ਲਗਾਏ ਜਾ ਰਹੇ ਸਨ।

ਸ਼ਮੂਲੀਅਤ ਸਮਾਗਮ ਦੌਰਾਨ ਬਾਪੂ ਤਰਸੇਮ ਸਿੰਘ ਨੇ ਇਕਬਾਲ ਸਿੰਘ ਸੰਧੂ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਲਗਾਤਾਰ ਵੱਖ-ਵੱਖ ਵਰਗਾਂ ਦਾ ਸਮਰਥਨ ਮਿਲ ਰਿਹਾ ਹੈ ਅਤੇ ਪੰਜਾਬ ਭਰ ਵਿੱਚ ਪਾਰਟੀ ਦਾ ਆਧਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੇ ਹੱਕਾਂ, ਕਿਸਾਨਾਂ, ਨੌਜਵਾਨਾਂ, ਧਾਰਮਿਕ ਆਜ਼ਾਦੀ ਅਤੇ ਸੂਬੇ ਨਾਲ ਜੁੜੇ ਮੁੱਦਿਆਂ ਨੂੰ ਪੂਰੀ ਦ੍ਰਿੜਤਾ ਨਾਲ ਉਠਾਉਣ ਲਈ ਵਚਨਬੱਧ ਹੈ।

ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਵੀ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਸਿਆਸਤ ਇੱਕ ਨਵੇਂ ਦੌਰ ਵਿੱਚ ਦਾਖ਼ਲ ਹੋ ਰਹੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਲੋਕ ਹੁਣ ਰਵਾਇਤੀ ਸਿਆਸਤ ਤੋਂ ਅੱਗੇ ਵੱਧ ਕੇ ਅਜਿਹੀਆਂ ਸਿਆਸੀ ਧਿਰਾਂ ਨਾਲ ਜੁੜ ਰਹੇ ਹਨ ਜੋ ਪੰਜਾਬ, ਪੰਥ ਅਤੇ ਨੌਜਵਾਨੀ ਦੇ ਮੁੱਦਿਆਂ ਨੂੰ ਤਰਜੀਹ ਦੇਣ ਦੀ ਗੱਲ ਕਰਦੀਆਂ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੇਂ ਆਗੂਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਸ ਮੌਕੇ ਇਕਬਾਲ ਸਿੰਘ ਸੰਧੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਨੇ ਪੰਜਾਬ ਅਤੇ ਪੰਥ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਸਿਧਾਂਤਾਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਇਸ ਧਿਰ ਦਾ ਹਿੱਸਾ ਬਣੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਸਮਾਗਮ ਦੌਰਾਨ ਹਰਭਜਨ ਸਿੰਘ ਤੁੜ, ਅਮਰਜੀਤ ਸਿੰਘ ਵੰਨਚਿੜੀ, ਸੁਖਦੇਵ ਸਿੰਘ ਕਾਦੀਆਂ, ਗੁਰਦੇਵ ਸਿੰਘ ਸੰਧੂ, ਚਮਕੌਰ ਸਿੰਘ ਧੁੰਨ, ਦਲਜੀਤ ਸਿੰਘ ਜਵੰਦਾ, ਦਯਾ ਸਿੰਘ, ਪ੍ਰਗਟ ਸਿੰਘ, ਸ਼ਮਸ਼ੇਰ ਸਿੰਘ ਪੱਧਰੀ, ਨਰਿੰਦਰ ਸਿੰਘ ਕਲਸੀਆਂ, ਪਲਵਿੰਦਰ ਸਿੰਘ, ਰਣਜੀਤ ਸਿੰਘ ਰਾਣਾ, ਬਲਵੰਤ ਸਿੰਘ ਕੰਗ, ਪਰਮਜੀਤ ਸਿੰਘ ਜੱਲੂਪੁਰ, ਬੂਟਾ ਸਿੰਘ, ਪ੍ਰਭਜੋਤ ਸਿੰਘ ਗੁਰਦਾਸਪੁਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਰਹੀਆਂ। ਉਨ੍ਹਾਂ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਦੁਹਰਾਇਆ।

Exit mobile version