ਭਾਈਚਾਰੇ, ਖੇਡਾਂ, ਕਾਰੋਬਾਰ ਅਤੇ ਸੇਵਾ ਖੇਤਰ ਵਿੱਚ ਪਾਏ ਯੋਗਦਾਨ ਦੀ ਕੀਤੀ ਸ਼ਲਾਘਾ
ਸਰੀ (ਮਹੇਸ਼ਇੰਦਰ ਸਿੰਘ ਮਾਂਗਟ) ਸਰੀ ਸੈਂਟਰਲ ਤੋਂ ਸੰਸਦ ਮੈਂਬਰ ਅਤੇ ਅੰਤਰਰਾਸ਼ਟਰੀ ਵਿਕਾਸ ਮਾਮਲਿਆਂ ਦੇ ਸਕੱਤਰ (ਮੰਤਰੀ) ਮਾਨਯੋਗ ਰਣਦੀਪ ਸਰਾਏ ਵੱਲੋਂ ਪ੍ਰਸਿੱਧ ਖੇਡ ਪ੍ਰੇਮੀ ਅਤੇ ਸਮਾਜ ਸੇਵੀ ਉਦਮ ਸਿੰਘ ਹੁੰਦਲ ਨੂੰ ਭਾਈਚਾਰੇ ਪ੍ਰਤੀ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਦੇ ਸਨਮਾਨ ਵਜੋਂ ਕਿੰਗ ਚਾਰਲਜ਼ ਤੀਜਾ ਕੋਰੋਨੇਸ਼ਨ ਪਿੰਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਉਧਮ ਸਿੰਘ ਹੁੰਦਲ ਨੇ ਕਿਹਾ ਕਿ ਇਹ ਸਨਮਾਨ ਪ੍ਰਾਪਤ ਕਰਨਾ ਉਨ੍ਹਾਂ ਲਈ ਬਹੁਤ ਹੀ ਮਾਣ ਅਤੇ ਨਿਮਰਤਾ ਵਾਲਾ ਪਲ ਹੈ। ਉਨ੍ਹਾਂ ਨੇ ਇਸ ਵਿਸ਼ੇਸ਼ ਸਨਮਾਨ ਲਈ ਮਾਨਯੋਗ ਰਣਦੀਪ ਸਰਾਏ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਾਣ ਉਨ੍ਹਾਂ ਨੂੰ ਸਮਾਜ ਦੀ ਹੋਰ ਵੱਧ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ।
ਉਨ੍ਹਾਂ ਨੇ ਆਪਣੇ ਪਰਿਵਾਰ, ਦੋਸਤਾਂ, ਸਹਿਯੋਗੀਆਂ, ਵਲੰਟੀਅਰਾਂ ਅਤੇ ਉਨ੍ਹਾਂ ਦੀ ਯਾਤਰਾ ਦੌਰਾਨ ਸਾਥ ਦੇਣ ਵਾਲੇ ਹਰ ਵਿਅਕਤੀ ਦਾ ਦਿਲੋਂ ਧੰਨਵਾਦ ਪ੍ਰਗਟਾਇਆ। ਹੁੰਦਲ ਨੇ ਕਿਹਾ ਕਿ ਉਹ ਭਵਿੱਖ ਵਿੱਚ ਵੀ ਖੇਡਾਂ, ਕਾਰੋਬਾਰ ਅਤੇ ਸਮਾਜ ਸੇਵਾ ਦੇ ਖੇਤਰਾਂ ਵਿੱਚ ਪੂਰੀ ਸਮਰਪਣ ਭਾਵਨਾ ਨਾਲ ਕੰਮ ਕਰਦੇ ਹੋਏ ਭਾਈਚਾਰੇ ਲਈ ਹੋਰ ਵੀ ਵੱਡਾ ਯੋਗਦਾਨ ਪਾਉਣ ਲਈ ਵਚਨਬੱਧ ਹਨ।
