ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਸਥਿਤ ਸਰਕਾਰੀ ਮਿਡਲ ਸਕੂਲ ਵਿੱਚ ਵਿਦਿਆਰਥਣਾਂ ਨਾਲ ਕਥਿਤ ਗ਼ਲਤ ਵਿਹਾਰ ਅਤੇ ਧਮਕੀਆਂ ਦੇਣ ਦੇ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਮਾਜਿਕ ਸਿੱਖਿਆ ਦੇ ਇੱਕ ਅਧਿਆਪਕ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਤੋਂ ਬਾਅਦ ਮੁੱਢਲੀ ਜਾਂਚ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਸਰਕਾਰੀ ਮਿਡਲ ਸਕੂਲ ਮੋਠਾਂਵਾਲੀ ਦੀ ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਕੁਝ ਵਿਦਿਆਰਥਣਾਂ ਨੇ ਦੋਸ਼ ਲਗਾਇਆ ਕਿ ਸੰਬੰਧਤ ਅਧਿਆਪਕ ਨੇ ਉਨ੍ਹਾਂ ਨਾਲ ਕਥਿਤ ਤੌਰ ‘ਤੇ ਅਣਉਚਿਤ ਵਿਹਾਰ ਕੀਤਾ। ਵਿਦਿਆਰਥਣਾਂ ਦਾ ਇਹ ਵੀ ਦਾਅਵਾ ਹੈ ਕਿ ਉਨ੍ਹਾਂ ਨੂੰ ਚੁੱਪ ਰਹਿਣ ਲਈ ਡਰਾਇਆ-ਧਮਕਾਇਆ ਗਿਆ ਅਤੇ ਕਿਹਾ ਗਿਆ ਕਿ ਜੇਕਰ ਕਿਸੇ ਨੂੰ ਇਸ ਬਾਰੇ ਦੱਸਿਆ ਤਾਂ ਉਨ੍ਹਾਂ ਨੂੰ ਪ੍ਰੀਖਿਆ ਵਿੱਚ ਫੇਲ੍ਹ ਕਰ ਦਿੱਤਾ ਜਾਵੇਗਾ।
ਸ਼ਿਕਾਇਤ ਸਾਹਮਣੇ ਆਉਣ ਤੋਂ ਬਾਅਦ ਸਿੱਖਿਆ ਮੰਤਰੀ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਮੋਗਾ ਵੱਲੋਂ ਤੁਰੰਤ ਮੁੱਢਲੀ ਜਾਂਚ ਕੀਤੀ ਗਈ। ਇਸ ਜਾਂਚ ਦੀ ਰਿਪੋਰਟ ਦੇ ਆਧਾਰ ‘ਤੇ ਸਿੱਖਿਆ ਵਿਭਾਗ ਨੇ ਸੰਬੰਧਤ ਅਧਿਆਪਕ ਨੂੰ ਮੁਅੱਤਲ ਕਰਦੇ ਹੋਏ ਅਗਲੀ ਵਿਭਾਗੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਮੁਅੱਤਲੀ ਦੀ ਮਿਆਦ ਦੌਰਾਨ ਅਧਿਆਪਕ ਨੂੰ ਸੇਵਾ ਨਿਯਮਾਂ ਮੁਤਾਬਕ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਇਸ ਸਮੇਂ ਦੌਰਾਨ ਉਸ ਦੀ ਹਾਜ਼ਰੀ ਦਫ਼ਤਰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਮੋਗਾ ਵਿਖੇ ਲੱਗੇਗੀ ਅਤੇ ਸਿੱਖਿਆ ਵਿਭਾਗ ਦੇ ਅਗਲੇ ਹੁਕਮਾਂ ਤੱਕ ਉਹ ਉੱਥੇ ਹੀ ਤਾਇਨਾਤ ਰਹੇਗਾ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਰ ਵਿਦਿਆਰਥੀ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਭਰੋਸੇ ਨਾਲ ਖਿਲਵਾੜ ਕਰਨ ਵਾਲੇ ਜਾਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਕਿਸੇ ਵੀ ਵਿਦਿਆਰਥੀ ਨੂੰ ਡਰਾਉਣ-ਧਮਕਾਉਣ ਵਾਲੇ ਵਿਅਕਤੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਸ ਮਾਮਲੇ ਦੀ ਸਮਾਂਬੱਧ ਅਤੇ ਨਿਯਮਾਂ ਅਨੁਸਾਰ ਵਿਸਥਾਰਪੂਰਵਕ ਜਾਂਚ ਕਰਵਾਈ ਜਾ ਰਹੀ ਹੈ। ਜੇਕਰ ਜਾਂਚ ਦੌਰਾਨ ਦੋਸ਼ ਸਾਬਤ ਹੁੰਦੇ ਹਨ ਤਾਂ ਸੰਬੰਧਤ ਅਧਿਆਪਕ ਖ਼ਿਲਾਫ਼ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸਿੱਖਿਆ ਮੰਤਰੀ ਨੇ ਇਹ ਭਰੋਸਾ ਵੀ ਦਿੱਤਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਜੁੜੀ ਹਰ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ ਅਤੇ ਸਕੂਲਾਂ ਵਿੱਚ ਅਜਿਹਾ ਮਾਹੌਲ ਯਕੀਨੀ ਬਣਾਇਆ ਜਾਵੇਗਾ, ਜਿੱਥੇ ਹਰ ਬੱਚਾ ਆਪਣੇ ਆਪ ਨੂੰ ਸੁਰੱਖਿਅਤ ਅਤੇ ਨਿਡਰ ਮਹਿਸੂਸ ਕਰ ਸਕੇ।
