ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਇੱਕ ਵੀ ਪ੍ਰੀਖਿਆ ਦਾ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪ੍ਰੀਖਿਆ ਪ੍ਰਣਾਲੀ ਨੂੰ ਪਾਰਦਰਸ਼ੀ ਬਣਾਉਣ ਅਤੇ ਨਕਲ ਮਾਫ਼ੀਆ ‘ਤੇ ਸਖ਼ਤ ਕਾਰਵਾਈ ਕਰਨ ਦੀ ਨੀਤੀ ਅਪਣਾਈ ਹੈ, ਜਿਸ ਕਾਰਨ ਨੌਜਵਾਨਾਂ ਦਾ ਸਰਕਾਰੀ ਭਰਤੀ ਅਤੇ ਪ੍ਰੀਖਿਆਵਾਂ ਉੱਤੇ ਭਰੋਸਾ ਮਜ਼ਬੂਤ ਹੋਇਆ ਹੈ।
ਮੁੱਖ ਮੰਤਰੀ ਇਹ ਵਿਚਾਰ ਸਰਕਾਰੀ ਸਕੂਲਾਂ ਦੇ ਨੀਟ-ਯੂਜੀ (NEET-UG) ਪ੍ਰੀਖਿਆ ਵਿੱਚ ਸਫ਼ਲ ਰਹੇ 882 ਵਿਦਿਆਰਥੀਆਂ ਦੇ ਸਨਮਾਨ ਲਈ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕਰ ਰਹੇ ਸਨ। ਸਨਮਾਨਿਤ ਹੋਣ ਵਾਲੇ ਵਿਦਿਆਰਥੀਆਂ ਵਿੱਚ 660 ਲੜਕੀਆਂ ਅਤੇ 222 ਲੜਕੇ ਸ਼ਾਮਲ ਸਨ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਫ਼ਲਤਾ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਆਏ ਸਕਾਰਾਤਮਕ ਬਦਲਾਅ ਦਾ ਸਬੂਤ ਹੈ।
ਭਗਵੰਤ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਫਾਰਮੇਸੀ ਦੀ ਇੱਕ ਪ੍ਰੀਖਿਆ ਦੌਰਾਨ ਨਕਲ ਦਾ ਮਾਮਲਾ ਸਾਹਮਣੇ ਆਇਆ ਸੀ, ਪਰ ਪੇਪਰ ਸ਼ੁਰੂ ਹੋਣ ਤੋਂ ਸਿਰਫ਼ ਦਸ ਮਿੰਟਾਂ ਦੇ ਅੰਦਰ ਹੀ ਨਕਲ ਕਰਨ ਵਾਲੇ ਅਤੇ ਨਕਲ ਕਰਵਾਉਣ ਵਾਲੇ ਸਾਰੇ ਲੋਕਾਂ ਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਦੋਸ਼ੀ ਇਸ ਵੇਲੇ ਜੇਲ੍ਹਾਂ ਵਿੱਚ ਹਨ, ਜਿਸ ਨਾਲ ਇਹ ਸਾਬਤ ਹੁੰਦਾ ਹੈ ਕਿ ਪੰਜਾਬ ਸਰਕਾਰ ਨਕਲ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤ ਰਹੀ।
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਨੀਟ-ਯੂਜੀ ਦੀ ਕੌਮੀ ਪੱਧਰ ਦੀ ਪ੍ਰੀਖਿਆ ਪੇਪਰ ਲੀਕ ਕਾਰਨ ਪ੍ਰਭਾਵਿਤ ਨਾ ਹੁੰਦੀ ਤਾਂ ਪੰਜਾਬ ਤੋਂ ਕਾਮਯਾਬ ਵਿਦਿਆਰਥੀਆਂ ਦੀ ਗਿਣਤੀ ਇੱਕ ਹਜ਼ਾਰ ਤੋਂ ਵੀ ਵੱਧ ਹੋ ਸਕਦੀ ਸੀ। ਉਨ੍ਹਾਂ ਦੱਸਿਆ ਕਿ ਕਈ ਵਿਦਿਆਰਥੀ ਦੁਬਾਰਾ ਕਰਵਾਈ ਗਈ ਪ੍ਰੀਖਿਆ ਵਿੱਚ ਸ਼ਾਮਲ ਨਹੀਂ ਹੋ ਸਕੇ, ਜਿਸ ਕਾਰਨ ਉਨ੍ਹਾਂ ਦੇ ਸੁਪਨਿਆਂ ਨੂੰ ਝਟਕਾ ਲੱਗਿਆ।
ਉਨ੍ਹਾਂ ਦੇਸ਼ ਵਿੱਚ ਵਾਰ-ਵਾਰ ਪੇਪਰ ਲੀਕ ਹੋਣ ਦੇ ਮਾਮਲਿਆਂ ‘ਤੇ ਚਿੰਤਾ ਜਤਾਉਂਦਿਆਂ ਕਿਹਾ ਕਿ 2017, 2019, 2022, 2024 ਅਤੇ 2026 ਵਿੱਚ ਨੀਟ ਵਰਗੀ ਮਹੱਤਵਪੂਰਨ ਪ੍ਰੀਖਿਆ ਦੇ ਪੇਪਰ ਲੀਕ ਹੋਣ ਕਾਰਨ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋਇਆ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੌਜਵਾਨਾਂ ਦਾ ਮਨੋਬਲ ਤੋੜ ਦਿੰਦੀਆਂ ਹਨ ਅਤੇ ਕਈ ਪਰਿਵਾਰਾਂ ਨੂੰ ਨਾ ਭਰਨ ਵਾਲਾ ਘਾਟਾ ਝੱਲਣਾ ਪੈਂਦਾ ਹੈ। ਉਨ੍ਹਾਂ ਆਤਮਹੱਤਿਆ ਕਰਨ ਵਾਲੇ ਵਿਦਿਆਰਥੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਿਸੇ ਵੀ ਮੁਆਵਜ਼ੇ ਨਾਲ ਉਨ੍ਹਾਂ ਦੀ ਜ਼ਿੰਦਗੀ ਦਾ ਮੁੱਲ ਨਹੀਂ ਚੁਕਾਇਆ ਜਾ ਸਕਦਾ।
ਸਿੱਖਿਆ ਖੇਤਰ ਵਿੱਚ ਹੋਏ ਸੁਧਾਰਾਂ ਬਾਰੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ 2021 ਵਿੱਚ ਪੰਜਾਬ ਦੀ ਸਿੱਖਿਆ ਰੈਂਕਿੰਗ ਦੇਸ਼ ਵਿੱਚ 27ਵੇਂ ਸਥਾਨ ‘ਤੇ ਸੀ, ਪਰ ਹੁਣ ਸੂਬਾ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਨਵੀਆਂ ਇਮਾਰਤਾਂ ਬਣਾਈਆਂ ਗਈਆਂ ਹਨ, ਸਮਾਰਟ ਕਲਾਸਰੂਮ ਤਿਆਰ ਕੀਤੇ ਗਏ ਹਨ, ਸਕੂਲਾਂ ਨੂੰ ਵਾਈ-ਫਾਈ ਨਾਲ ਜੋੜਿਆ ਗਿਆ ਹੈ ਅਤੇ ਵਿਦਿਆਰਥੀਆਂ ਲਈ ਮੁਫ਼ਤ ਕੋਚਿੰਗ ਦੀ ਵਿਵਸਥਾ ਵੀ ਕੀਤੀ ਗਈ ਹੈ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਸਿੱਖਿਆ ਦੀ ਗੁਣਵੱਤਾ ਹੋਰ ਬਿਹਤਰ ਬਣਾਈ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਹੁਣ ਤੱਕ 68,585 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਇਨ੍ਹਾਂ ਭਰਤੀਆਂ ਵਿੱਚ ਨਾ ਕਿਸੇ ਤੋਂ ਰਿਸ਼ਵਤ ਲਈ ਗਈ ਅਤੇ ਨਾ ਹੀ ਕਿਸੇ ਦੀ ਸਿਫ਼ਾਰਸ਼ ਚੱਲੀ। ਉਨ੍ਹਾਂ ਕਿਹਾ ਕਿ ਹਰ ਨਿਯੁਕਤੀ ਪੂਰੀ ਤਰ੍ਹਾਂ ਯੋਗਤਾ ਅਤੇ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ, ਜਿਸ ਨਾਲ ਸਰਕਾਰੀ ਭਰਤੀ ਪ੍ਰਣਾਲੀ ਵਿੱਚ ਪਾਰਦਰਸ਼ਤਾ ਆਈ ਹੈ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਤਮ-ਵਿਸ਼ਵਾਸ ਹੀ ਸਫ਼ਲਤਾ ਦੀ ਸਭ ਤੋਂ ਵੱਡੀ ਕੁੰਜੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਮਿਹਨਤ ‘ਤੇ ਭਰੋਸਾ ਰੱਖਣ, ਹਮੇਸ਼ਾ ਨਿਮਰ ਰਹਿਣ ਅਤੇ ਹੰਕਾਰ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਹੀ ਰੰਗਲੇ ਪੰਜਾਬ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਤਾਕਤ ਨਾਲ ਹੀ ਸੂਬਾ ਹਰ ਖੇਤਰ ਵਿੱਚ ਨਵੀਆਂ ਉਚਾਈਆਂ ਹਾਸਲ ਕਰੇਗਾ।
ਉਨ੍ਹਾਂ ਕਿਹਾ ਕਿ ਜ਼ੈੱਨ-ਜੀ (Gen-Z) ਨੇ ਇਹ ਸਾਬਤ ਕੀਤਾ ਹੈ ਕਿ ਜੇ ਨੌਜਵਾਨ ਇਕੱਠੇ ਹੋ ਜਾਣ ਤਾਂ ਵੱਡੇ ਤੋਂ ਵੱਡੇ ਫ਼ੈਸਲੇ ਬਦਲ ਸਕਦੇ ਹਨ। ਪੰਜਾਬੀਆਂ ਦੀ ਮਿਹਨਤ ਅਤੇ ਯੋਗਦਾਨ ਤੋਂ ਬਿਨਾਂ ਦੇਸ਼ ਦਾ ਵਿਕਾਸ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਚਾਹੇ ਦੇਸ਼ ਦੀ ਆਜ਼ਾਦੀ ਦੀ ਲੜਾਈ ਹੋਵੇ, ਕਾਰਗਿਲ ਯੁੱਧ, ਖੇਤੀਬਾੜੀ, ਸਿੱਖਿਆ ਜਾਂ ਖੇਡਾਂ—ਹਰ ਖੇਤਰ ਵਿੱਚ ਪੰਜਾਬ ਨੇ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਾਕੀ ਅਤੇ ਲੜਕਿਆਂ ਅਤੇ ਲੜਕੀਆਂ ਦੀ ਕ੍ਰਿਕਟ ਟੀਮਾਂ ਦੇ ਕਪਤਾਨ ਵੀ ਪੰਜਾਬ ਨਾਲ ਸਬੰਧਤ ਹਨ, ਜੋ ਸੂਬੇ ਲਈ ਮਾਣ ਦੀ ਗੱਲ ਹੈ।
ਮੁੱਖ ਮੰਤਰੀ ਨੇ ਆਪਣੇ ਰਾਜਨੀਤਿਕ ਸਫ਼ਰ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਹਮੇਸ਼ਾ ਆਪਣੀ ਅੰਤਰ-ਆਤਮਾ ਦੀ ਆਵਾਜ਼ ਸੁਣਨ ਅਤੇ ਆਪਣੇ ਫ਼ੈਸਲਿਆਂ ‘ਤੇ ਭਰੋਸਾ ਰੱਖਣ। ਉਨ੍ਹਾਂ ਕਿਹਾ ਕਿ ਜਦੋਂ ਉਹ ਰਾਜਨੀਤੀ ਵਿੱਚ ਆਏ ਸਨ ਤਾਂ ਕਈ ਲੋਕ ਉਨ੍ਹਾਂ ਦਾ ਮਖੌਲ ਉਡਾਉਂਦੇ ਸਨ, ਪਰ ਅੱਜ ਉਹੀ ਲੋਕ ਉਨ੍ਹਾਂ ਦੀ ਲੋਕਪ੍ਰਿਯਤਾ ਤੋਂ ਘਬਰਾਏ ਹੋਏ ਹਨ, ਕਿਉਂਕਿ ਪੰਜਾਬ ਦੀ ਜਨਤਾ ਨੇ ਬਦਲਾਅ ਨੂੰ ਚੁਣਿਆ ਹੈ।
ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਫ਼ਲ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਸਨ।
