ਸਰੀ ਦੀ ਮੇਅਰ ਬਰੈਂਡਾ ਲੌਕ ਨੇ ਅਮਰੀਕੀ ਕੌਂਸਲ ਜਨਰਲ ਨਾਲ ਕੀਤੀ ਅਹਿਮ ਮੀਟਿੰਗ, ਐਫ ਬੀ ਆਈ ਦੇ ਸਹਿਯੋਗ ਦੀ ਕੀਤੀ ਸ਼ਲਾਘਾ
ਸਰੀ, (ਮਹੇਸ਼ਇੰਦਰ ਸਿੰਘ ਮਾਂਗਟ) ਸਰੀ ਦੀ ਮੇਅਰ ਬਰੈਂਡਾ ਲੌਕ ਨੇ ਪਿਛਲੇ ਹਫ਼ਤੇ ਅਮਰੀਕਾ ਦੇ ਕੌਂਸਲ ਜਨਰਲ ਸ਼ਾਨ ਕ੍ਰੋਲੀ (Shawn Crowley) ਅਤੇ ਅਸਿਸਟੈਂਟ ਲੀਗਲ ਅਟੈਸ਼ੇ ਨਾਲ ਇੱਕ ਅਹਿਮ ਮੀਟਿੰਗ ਕੀਤੀ, ਜਿਸ ਦੌਰਾਨ ‘ਆਪਰੇਸ਼ਨ ਹਾਰਡ ਬਾਲ’ (Operation Hard Ball) ਅਤੇ ਜਬਰਨ ਵਸੂਲੀ (ਐਕਸਟੋਰਸ਼ਨ) ਤੇ ਸੰਗਠਿਤ ਅਪਰਾਧ ਖ਼ਿਲਾਫ਼ ਚੱਲ ਰਹੇ ਸਾਂਝੇ ਯਤਨਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਦੱਸਿਆ ਗਿਆ ਕਿ ਆਪਰੇਸ਼ਨ ਹਾਰਡ ਬਾਲ ਕੈਨੇਡਾ ਅਤੇ ਅਮਰੀਕਾ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵੱਲੋਂ ਸਾਂਝੇ ਤੌਰ ‘ਤੇ ਚਲਾਈ ਗਈ ਇੱਕ ਮਹੱਤਵਪੂਰਨ ਜਾਂਚ ਹੈ। ਇਸ ਜਾਂਚ ਦੇ ਨਤੀਜੇ ਵਜੋਂ ਹਾਲ ਹੀ ਵਿੱਚ 37 ਵਿਅਕਤੀਆਂ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਹਨ, ਜਿਨ੍ਹਾਂ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਕਥਿਤ ਤੌਰ ‘ਤੇ ਜੁੜੇ ਮੈਂਬਰ ਵੀ ਸ਼ਾਮਲ ਹਨ।
ਮੇਅਰ ਬਰੈਂਡਾ ਲੌਕ ਨੇ ਇਸ ਮੌਕੇ ਐਫਬੀਆਈ (FBI) ਅਤੇ ਹੋਰ ਅਮਰੀਕੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵੱਲੋਂ ਸੰਗਠਿਤ ਅਪਰਾਧ ਅਤੇ ਜਬਰਨ ਵਸੂਲੀ ਵਿਰੁੱਧ ਨਿਭਾਈ ਗਈ ਅਹਿਮ ਭੂਮਿਕਾ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸਰਹੱਦ ਪਾਰ ਅਪਰਾਧਿਕ ਗਿਰੋਹਾਂ ਨਾਲ ਨਜਿੱਠਣ ਲਈ ਕੈਨੇਡਾ ਅਤੇ ਅਮਰੀਕਾ ਦਰਮਿਆਨ ਮਜ਼ਬੂਤ ਸਹਿਯੋਗ ਅਤੇ ਜਾਣਕਾਰੀ ਦਾ ਆਦਾਨ-ਪ੍ਰਦਾਨ ਬਹੁਤ ਜ਼ਰੂਰੀ ਹੈ।
ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਦੋਵੇਂ ਦੇਸ਼ਾਂ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦਰਮਿਆਨ ਲਗਾਤਾਰ ਸਹਿਯੋਗ ਅਤੇ ਤਾਲਮੇਲ ਨਾਲ ਸੰਗਠਿਤ ਅਪਰਾਧ ‘ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕੇਗਾ ਅਤੇ ਸਥਾਨਕ ਭਾਈਚਾਰਿਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤੀ ਮਿਲੇਗੀ।




