ਚੰਡੀਗੜ੍ਹ ਵਿੱਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਕੱਢੇ ਗਏ ਪ੍ਰਦਰਸ਼ਨ ਮਾਰਚ ਤੋਂ ਬਾਅਦ ਪੁਲੀਸ ਨੇ ਸਖ਼ਤ ਰੁਖ਼ ਅਪਣਾਉਂਦਿਆਂ ਪਾਰਟੀ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਅਤੇ 14 ਹੋਰ ਆਗੂਆਂ ਅਤੇ ਵਰਕਰਾਂ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਹੈ। ਪੁਲੀਸ ਦਾ ਦੋਸ਼ ਹੈ ਕਿ ਪ੍ਰਦਰਸ਼ਨ ਦੌਰਾਨ ਬੈਰੀਕੇਡ ਤੋੜਨ, ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਕਰਨ ਅਤੇ ਪੁਲੀਸ ਮੁਲਾਜ਼ਮਾਂ ਨਾਲ ਝੜਪਾਂ ਕਾਰਨ ਕਈ ਅਧਿਕਾਰੀ ਜ਼ਖ਼ਮੀ ਹੋਏ ਹਨ।
ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਤੋਂ ਇਲਾਵਾ, ਐੱਫਆਈਆਰ ਵਿੱਚ ਸਤਿੰਦਰਜੀਤ ਸਿੰਘ ਗਿੱਲ, ਕਾਬਲ ਸਿੰਘ ਭੁੱਲਰ, ਪਰਮਜੀਤ ਸਿੰਘ ਜੋਹਲ, ਚਮਕੌਰ ਸਿੰਘ ਧੁੰਨ ਅਤੇ ਇਮਾਨ ਸਿੰਘ ਖਾਰਾ ਸਮੇਤ ਹੋਰ ਆਗੂਆਂ ਦੇ ਨਾਮ ਵੀ ਸ਼ਾਮਲ ਕੀਤੇ ਗਏ ਹਨ।
ਦਰਅਸਲ, ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸਮਰਥਕਾਂ ਵੱਲੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿੱਚ ਰੋਸ ਮਾਰਚ ਕੱਢਿਆ ਗਿਆ ਸੀ। ਪ੍ਰਦਰਸ਼ਨਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਵੱਲ ਵੱਧ ਰਹੇ ਸਨ, ਪਰ ਚੰਡੀਗੜ੍ਹ-ਮੁਹਾਲੀ ਸਰਹੱਦ ‘ਤੇ ਪੁਲੀਸ ਨੇ ਉਨ੍ਹਾਂ ਨੂੰ ਰੋਕ ਲਿਆ।
ਪੁਲੀਸ ਅਨੁਸਾਰ, ਪ੍ਰਦਰਸ਼ਨਕਾਰੀਆਂ ਨੂੰ ਪਹਿਲਾਂ ਹੀ ਦੱਸ ਦਿੱਤਾ ਗਿਆ ਸੀ ਕਿ ਬੀਐੱਨਐੱਸਐੱਸ ਦੀ ਧਾਰਾ 163 ਤਹਿਤ ਇਲਾਕੇ ਵਿੱਚ ਪਾਬੰਦੀਸ਼ੁਦਾ ਹੁਕਮ ਲਾਗੂ ਹਨ ਅਤੇ ਉਨ੍ਹਾਂ ਨੂੰ ਆਪਣਾ ਪ੍ਰਦਰਸ਼ਨ ਸੈਕਟਰ-25 ਦੇ ਨਿਰਧਾਰਤ ਰੈਲੀ ਗਰਾਊਂਡ ਵਿੱਚ ਤਬਦੀਲ ਕਰਨ ਦੀ ਸਲਾਹ ਵੀ ਦਿੱਤੀ ਗਈ ਸੀ। ਇਸ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ।
ਐੱਫਆਈਆਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕੁਝ ਆਗੂਆਂ ਨੇ ਆਪਣੇ ਸਮਰਥਕਾਂ ਨੂੰ ਪੁਲੀਸ ਬੈਰੀਕੇਡ ਤੋੜ ਕੇ ਅੱਗੇ ਵਧਣ ਲਈ ਉਕਸਾਇਆ। ਪੁਲੀਸ ਦਾ ਇਹ ਵੀ ਕਹਿਣਾ ਹੈ ਕਿ ਕੁਝ ਪ੍ਰਦਰਸ਼ਨਕਾਰੀ ਤਲਵਾਰਾਂ ਅਤੇ ਹੋਰ ਰਵਾਇਤੀ ਹਥਿਆਰਾਂ ਨਾਲ ਲੈਸ ਸਨ ਅਤੇ ਉਨ੍ਹਾਂ ਨੇ ਬੈਰੀਕੇਡਾਂ ਵੱਲ ਧਾਵਾ ਬੋਲ ਦਿੱਤਾ।
ਹਾਲਾਤ ਕਾਬੂ ਤੋਂ ਬਾਹਰ ਹੁੰਦੇ ਦੇਖ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਵਾਟਰ ਕੈਨਨ ਦੀ ਵਰਤੋਂ ਕੀਤੀ। ਪੁਲੀਸ ਮੁਤਾਬਕ, ਇਸ ਦੌਰਾਨ ਕੁਝ ਲੋਕ ਵਾਟਰ ਕੈਨਨ ਵਾਲੇ ਵਾਹਨ ਉੱਪਰ ਚੜ੍ਹ ਗਏ ਅਤੇ ਉਸ ਦੀ ਨੋਜ਼ਲ ਨੂੰ ਨੁਕਸਾਨ ਪਹੁੰਚਾਇਆ। ਨਾਲ ਹੀ ਵਾਹਨ ਦੇ ਡਰਾਈਵਰ ਨਾਲ ਕੁੱਟਮਾਰ ਕਰਨ ਦੇ ਦੋਸ਼ ਵੀ ਲਗਾਏ ਗਏ ਹਨ।
ਚੰਡੀਗੜ੍ਹ ਪੁਲੀਸ ਨੇ ਇਸ ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀਆਂ ਧਾਰਾਵਾਂ 121(1), 132 ਅਤੇ 223 ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੂਜੇ ਪਾਸੇ, ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਆਗੂਆਂ ਦਾ ਕਹਿਣਾ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਰੱਖਣ ਲਈ ਮਾਰਚ ਕਰ ਰਹੇ ਸਨ ਅਤੇ ਪੁਲੀਸ ਵੱਲੋਂ ਬਲ ਦੀ ਵਰਤੋਂ ਕਰਕੇ ਪ੍ਰਦਰਸ਼ਨ ਨੂੰ ਰੋਕਿਆ ਗਿਆ।
ਹੁਣ ਇਸ ਮਾਮਲੇ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਨੂੰ ਲੈ ਕੇ ਸਿਆਸੀ ਤਣਾਅ ਹੋਰ ਵਧ ਸਕਦਾ ਹੈ।




