ਪੰਜਾਬ ਵਿੱਚ ਭਰਤੀ ਪ੍ਰੀਖਿਆਵਾਂ ਅਤੇ ਪੇਪਰ ਲੀਕ ਦੇ ਕਥਿਤ ਮਾਮਲਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਸਿਆਸੀ ਹਮਲਾ ਹੋਰ ਤੇਜ਼ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇੱਕ ਸੀਨੀਅਰ ਅਕਾਲੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਸਾਹਮਣੇ ਆਏ ਪੇਪਰ ਲੀਕ ਅਤੇ ਭਰਤੀ ਘਪਲਿਆਂ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ।
ਵਫ਼ਦ ਵਿੱਚ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ ਅਤੇ ਸਿਕੰਦਰ ਸਿੰਘ ਮਲੂਕਾ ਸਮੇਤ ਕਈ ਸੀਨੀਅਰ ਆਗੂ ਸ਼ਾਮਲ ਸਨ। ਅਕਾਲੀ ਆਗੂਆਂ ਨੇ ਰਾਜਪਾਲ ਨੂੰ ਇੱਕ ਮੰਗ ਪੱਤਰ ਸੌਂਪਦਿਆਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਵੱਖ-ਵੱਖ ਭਰਤੀ ਪ੍ਰੀਖਿਆਵਾਂ ਦੌਰਾਨ ਵੱਡੇ ਪੱਧਰ ’ਤੇ ਬੇਨਿਯਮੀਆਂ ਹੋਈਆਂ ਹਨ, ਜਿਨ੍ਹਾਂ ਦੀ ਨਿਰਪੱਖ ਜਾਂਚ ਬਹੁਤ ਜ਼ਰੂਰੀ ਹੈ।
ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਕਈ ਭਰਤੀ ਪ੍ਰਕਿਰਿਆਵਾਂ ਵਿਵਾਦਾਂ ਵਿੱਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਾਇਬ ਤਹਿਸੀਲਦਾਰ ਭਰਤੀ, ਟੈੱਟ ਪ੍ਰੀਖਿਆ, ਖੇਤੀ ਵਿਕਾਸ ਅਫ਼ਸਰਾਂ ਦੀ ਭਰਤੀ ਅਤੇ ਦਸਵੀਂ-ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਨਾਲ ਜੁੜੇ ਮਾਮਲਿਆਂ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੋਸ਼ ਲਾਇਆ ਕਿ ਗਰੁੱਪ-ਬੀ ਭਰਤੀਆਂ ਵਿੱਚ ਧਾਂਦਲੀਆਂ ਹੋਈਆਂ ਹਨ ਅਤੇ ਕੁਝ ਮਾਮਲਿਆਂ ਵਿੱਚ ਹਾਈ ਕੋਰਟ ਵੱਲੋਂ ਰੋਕ ਵੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਸਾਰੇ ਮਾਮਲਿਆਂ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਈ ਜਾਂਦੀ ਹੈ ਤਾਂ ਸੱਚਾਈ ਸਾਹਮਣੇ ਆ ਸਕਦੀ ਹੈ।
ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਦੀਆਂ ਸਰਕਾਰੀ ਨੌਕਰੀਆਂ ਵਿੱਚ ਬਾਹਰੀ ਸੂਬਿਆਂ ਦੇ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਕਾਰਨ ਸੂਬੇ ਦੇ ਨੌਜਵਾਨਾਂ ਵਿੱਚ ਨਾਰਾਜ਼ਗੀ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਹੱਕਾਂ ਦੀ ਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਇਸ ਦੌਰਾਨ ਅਕਾਲੀ ਵਫ਼ਦ ਨੇ ਬਰਨਾਲਾ ਵਿੱਚ ਸਫ਼ਾਈ ਕਾਮਿਆਂ ’ਤੇ ਹੋਏ ਲਾਠੀਚਾਰਜ ਦਾ ਮਾਮਲਾ ਵੀ ਰਾਜਪਾਲ ਦੇ ਧਿਆਨ ਵਿੱਚ ਲਿਆਂਦਾ। ਸੁਖਬੀਰ ਬਾਦਲ ਨੇ ਮੰਗ ਕੀਤੀ ਕਿ ਮਹਿਲਾ ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।
ਉਨ੍ਹਾਂ ਪੰਜਾਬ ਪੁਲੀਸ ਦੀ ਕਾਰਵਾਈ ’ਤੇ ਵੀ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਪੁਲੀਸ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ। ਬਾਦਲ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਵੀ ਬਰਨਾਲਾ ਘਟਨਾ ਨਾਲ ਸਬੰਧਿਤ ਕੁਝ ਤਸਵੀਰਾਂ ਜਾਰੀ ਕਰਦਿਆਂ ਸਰਕਾਰ ’ਤੇ ਨਿਸ਼ਾਨਾ ਸਾਧਿਆ। ਸੁਖਬੀਰ ਬਾਦਲ ਨੇ ਤਨਜ਼ ਕਰਦਿਆਂ ਕਿਹਾ ਕਿ ਇੱਕ ਪਾਸੇ ਪੰਜਾਬ ਵਿੱਚ ਪੇਪਰ ਲੀਕ ਦੇ ਦੋਸ਼ ਲੱਗ ਰਹੇ ਹਨ ਅਤੇ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਦੇਸ਼ ਪੱਧਰ ’ਤੇ ਨੀਟ ਪੇਪਰ ਲੀਕ ਦੇ ਮੁੱਦੇ ’ਤੇ ਆਵਾਜ਼ ਉਠਾ ਰਹੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਸੰਸਦ ਵਿੱਚ ਪੰਜਾਬ ਦੇ ਪੇਪਰ ਲੀਕ ਮਾਮਲਿਆਂ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਹੈ।




