HomePunjab Newsਪੰਜਾਬ ਕਾਂਗਰਸ ਵਿੱਚ ਫੁੱਟ ਦੀਆਂ ਅਟਕਲਾਂ ਬੇਬੁਨਿਆਦ, ਸਾਰੀ ਲੀਡਰਸ਼ਿਪ ਇੱਕ ਮੰਚ ’ਤੇ:...

ਪੰਜਾਬ ਕਾਂਗਰਸ ਵਿੱਚ ਫੁੱਟ ਦੀਆਂ ਅਟਕਲਾਂ ਬੇਬੁਨਿਆਦ, ਸਾਰੀ ਲੀਡਰਸ਼ਿਪ ਇੱਕ ਮੰਚ ’ਤੇ: ਭੂਪੇਸ਼ ਬਘੇਲ

ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਸੂਬਾ ਇਕਾਈ ਵਿੱਚ ਗੁੱਟਬਾਜ਼ੀ ਅਤੇ ਅੰਦਰੂਨੀ ਖਿੱਚੋਤਾਣ ਦੀਆਂ ਚਰਚਾਵਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਦਾਅਵਾ ਕੀਤਾ ਹੈ ਕਿ ਪਾਰਟੀ ਦੇ ਸਾਰੇ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਇੱਕਜੁੱਟ ਹੋ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੀਡੀਆ ਅਤੇ ਕੁਝ ਲੋਕਾਂ ਵੱਲੋਂ ਪਾਰਟੀ ਦੇ ਛੋਟੇ-ਮੋਟੇ ਮਤਭੇਦਾਂ ਨੂੰ ਬੇਲੋੜਾ ਤੌਰ ’ਤੇ ਵੱਡਾ ਕਰਕੇ ਪੇਸ਼ ਕੀਤਾ ਜਾ ਰਿਹਾ ਹੈ।

ਫ਼ਤਹਿਗੜ੍ਹ ਸਾਹਿਬ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਭੂਪੇਸ਼ ਬਘੇਲ ਨੇ ਦੱਸਿਆ ਕਿ ਉਹ ਪੰਜਾਬ ਕਾਂਗਰਸ ਦੇ ਸਾਰੇ ਸੀਨੀਅਰ ਆਗੂਆਂ, ਜਿਨ੍ਹਾਂ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹਨ, ਨਾਲ ਮੁਲਾਕਾਤ ਕਰ ਚੁੱਕੇ ਹਨ ਅਤੇ ਪਾਰਟੀ ਹਾਈਕਮਾਂਡ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਕਾਂਗਰਸੀ ਵਰਕਰਾਂ ਨੂੰ ਹੁਣ ਤੋਂ ਹੀ ਪੂਰੀ ਤਿਆਰੀ ਵਿੱਚ ਜੁਟ ਜਾਣਾ ਚਾਹੀਦਾ ਹੈ।

ਬਘੇਲ ਨੇ ਕਿਹਾ ਕਿ ਪੰਜਾਬ ਵਿੱਚ ਇਸ ਵਾਰ ਪੰਜ-ਕੋਣੀ ਸਿਆਸੀ ਮੁਕਾਬਲੇ ਦੀ ਸੰਭਾਵਨਾ ਹੈ ਅਤੇ ਲੋਕ ਆਮ ਆਦਮੀ ਪਾਰਟੀ ਦੇ ਬਦਲ ਵਜੋਂ ਕਾਂਗਰਸ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਮੌਜੂਦਾ ਸਰਕਾਰ ਪ੍ਰਤੀ ਲੋਕਾਂ ਦੀ ਨਾਰਾਜ਼ਗੀ ਵਧ ਰਹੀ ਹੈ ਅਤੇ ਕਾਂਗਰਸ ਹੀ ਇੱਕ ਮਜ਼ਬੂਤ ਬਦਲ ਵਜੋਂ ਉਭਰ ਸਕਦੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਜਿਵੇਂ ਕੇਂਦਰ ਵਿੱਚ ਭਾਜਪਾ ਬਦਲੇ ਦੀ ਰਾਜਨੀਤੀ ਕਰਦੀ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੀ ਵਿਰੋਧੀਆਂ ਖ਼ਿਲਾਫ਼ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਬਘੇਲ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਇਤਿਹਾਸ ਵਿੱਚ ਕਦੇ ਵੀ ਇਸ ਤਰ੍ਹਾਂ ਦੀ ਸਿਆਸਤ ਨਹੀਂ ਕੀਤੀ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਪਾਰਟੀ ਦੀ ਏਕਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਪੂਰੀ ਤਰ੍ਹਾਂ ਮਜ਼ਬੂਤ ਅਤੇ ਇਕਜੁੱਟ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਡੇ ਇਸ਼ਤਿਹਾਰੀ ਬਜਟ ਦੇ ਸਹਾਰੇ ਚੱਲ ਰਹੀ ਹੈ ਅਤੇ ਜਦੋਂ ਇਹ ਪ੍ਰਚਾਰ ਮੁਹਿੰਮ ਰੁਕੇਗੀ ਤਾਂ ਸਰਕਾਰ ਦੀ ਸਿਆਸੀ ਤਾਕਤ ਵੀ ਕਮਜ਼ੋਰ ਹੋ ਜਾਵੇਗੀ।

ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਅੰਦਰ ਮੌਜੂਦ ਛੋਟੇ-ਮੋਟੇ ਮਤਭੇਦਾਂ ਨੂੰ ਮੀਡੀਆ ਵੱਲੋਂ ਬੇਵਜ੍ਹਾ ਉਭਾਰਿਆ ਜਾਂਦਾ ਹੈ, ਜਦਕਿ ਦੂਜੀਆਂ ਪਾਰਟੀਆਂ ਦੇ ਅੰਦਰਲੇ ਸੰਕਟਾਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਤੋਂ ਸੀਨੀਅਰ ਆਗੂਆਂ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਦਾ ਹਮੇਸ਼ਾ ਸਤਿਕਾਰ ਕਰਦੇ ਹਨ ਅਤੇ ਪਾਰਟੀ ਪ੍ਰਤੀ ਆਪਣੀ ਵਚਨਬੱਧਤਾ ਕਾਇਮ ਰੱਖਣਗੇ।

ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਦੀ ਹਾਲੀਆ ਮੁਲਾਕਾਤ ਦਾ ਜ਼ਿਕਰ ਕਰਦਿਆਂ ਭੂਪੇਸ਼ ਬਘੇਲ ਨੇ ਕਿਹਾ ਕਿ ਇਸ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਇੱਕ ਮੰਚ ’ਤੇ ਖੜ੍ਹੀ ਹੈ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰੇਗੀ।

ਬਰਨਾਲਾ ਅਤੇ ਫ਼ਰੀਦਕੋਟ ਵਿੱਚ ਚੰਨੀ ਅਤੇ ਰਾਜਾ ਵੜਿੰਗ ਦੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਬਘੇਲ ਨੇ ਕਿਹਾ ਕਿ ਦੋਵੇਂ ਆਗੂ ਆਪਣੀਆਂ ਜ਼ਿੰਮੇਵਾਰੀਆਂ ਅਨੁਸਾਰ ਕੰਮ ਕਰ ਰਹੇ ਹਨ ਅਤੇ ਵਿਦਿਆਰਥੀਆਂ ਨਾਲ ਹੋਈਆਂ ਘਟਨਾਵਾਂ ਦੇ ਮੁੱਦੇ ’ਤੇ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ।

ਇਸ ਦੇ ਨਾਲ ਹੀ ਭੂਪੇਸ਼ ਬਘੇਲ ਨੇ ਕੇਂਦਰ ਸਰਕਾਰ ’ਤੇ ਵੀ ਨਿਸ਼ਾਨਾ ਸੇਧਦਿਆਂ ਦੋਸ਼ ਲਾਇਆ ਕਿ ਵਿਦਿਆਰਥੀਆਂ ਦੇ ਪ੍ਰਦਰਸ਼ਨਾਂ ਦੌਰਾਨ ਹੋਈਆਂ ਘਟਨਾਵਾਂ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਨਾਲ ਜੁੜੇ ਮਾਮਲੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ ਅਤੇ ਇਸ ਸਬੰਧੀ ਕੇਂਦਰ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments