Google search engine
Home Punjab News ਕਰਤਾਰਪੁਰ ਲਾਂਘੇ ਨੂੰ ਲੈ ਕੇ ਵਧੀ ਚਿੰਤਾ, ਐਡਵੋਕੇਟ ਧਾਮੀ ਨੇ ਕੇਂਦਰ ਨੂੰ...

ਕਰਤਾਰਪੁਰ ਲਾਂਘੇ ਨੂੰ ਲੈ ਕੇ ਵਧੀ ਚਿੰਤਾ, ਐਡਵੋਕੇਟ ਧਾਮੀ ਨੇ ਕੇਂਦਰ ਨੂੰ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਕੀਤੀ ਅਪੀਲ

ਅੰਮ੍ਰਿਤਸਰ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਮੁੜ ਨਾ ਖੋਲ੍ਹਣ ਸਬੰਧੀ ਕੇਂਦਰ ਸਰਕਾਰ ਦੇ ਰੁਖ਼ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਸਰਕਾਰ ਨੂੰ ਕੋਈ ਵੀ ਫ਼ੈਸਲਾ ਲੈਂਦੇ ਸਮੇਂ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਪਹਿਲ ਦੇਣੀ ਚਾਹੀਦੀ ਹੈ।

ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਵੱਲੋਂ ਸੰਸਦ ਵਿੱਚ ਦਿੱਤੇ ਗਏ ਬਿਆਨ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸਿੱਖ ਇਤਿਹਾਸ ਅਤੇ ਆਸਥਾ ਦਾ ਕੇਂਦਰ ਹੈ। ਇਹ ਉਹ ਪਵਿੱਤਰ ਧਰਤੀ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ ਸਾਲ ਬਿਤਾਏ ਅਤੇ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ।

ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿੱਚ ਵੱਸਦੇ ਸਿੱਖਾਂ ਲਈ ਇਸ ਅਸਥਾਨ ਦੇ ਦਰਸ਼ਨ ਕਰਨਾ ਕੇਵਲ ਧਾਰਮਿਕ ਯਾਤਰਾ ਨਹੀਂ, ਸਗੋਂ ਉਨ੍ਹਾਂ ਦੀ ਆਤਮਿਕ ਸ਼ਰਧਾ ਅਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਅਰਦਾਸ ਨਾਲ ਜੁੜਿਆ ਹੋਇਆ ਹੈ। ਲਾਂਘੇ ਦੇ ਲੰਮੇ ਸਮੇਂ ਤੋਂ ਬੰਦ ਰਹਿਣ ਕਾਰਨ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚ ਰਹੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਭਾਰਤ ਅਤੇ ਪਾਕਿਸਤਾਨ ਦੇ ਲੋਕਾਂ ਵਿਚਕਾਰ ਸ਼ਾਂਤੀ, ਭਾਈਚਾਰੇ ਅਤੇ ਆਪਸੀ ਸਾਂਝ ਦਾ ਪ੍ਰਤੀਕ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਦੀ ਸੁਰੱਖਿਆ ਯਕੀਨੀ ਬਣਾਉਣਾ ਹਰ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ, ਪਰ ਇਸ ਦੇ ਨਾਲ-ਨਾਲ ਧਾਰਮਿਕ ਆਜ਼ਾਦੀ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਵੀ ਉਨ੍ਹਾਂ ਹੀ ਜ਼ਰੂਰੀ ਹੈ।

ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸੁਰੱਖਿਆ ਦੇ ਲੋੜੀਂਦੇ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਮਾਮਲੇ ਦੀ ਜਲਦ ਸਮੀਖਿਆ ਕੀਤੀ ਜਾਵੇ ਅਤੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਬਾਰੇ ਸਕਾਰਾਤਮਕ ਫ਼ੈਸਲਾ ਲਿਆ ਜਾਵੇ, ਤਾਂ ਜੋ ਸੰਗਤਾਂ ਆਪਣੇ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ।

ਇਸ ਦੌਰਾਨ ਹਲਕਾ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਵੀ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਆਲੋਚਨਾ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲਾਂਘੇ ਨੂੰ ਬੰਦ ਰੱਖਣ ਦਾ ਫ਼ੈਸਲਾ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੇ ਉਲਟ ਹੈ ਅਤੇ ਕੇਂਦਰ ਨੂੰ ਇਸ ਬਾਰੇ ਮੁੜ ਵਿਚਾਰ ਕਰਨਾ ਚਾਹੀਦਾ ਹੈ।

ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਦੇਸ਼ ਦੀ ਵੰਡ ਤੋਂ ਬਾਅਦ ਸਿੱਖਾਂ ਦੇ ਕਈ ਇਤਿਹਾਸਕ ਗੁਰਧਾਮ ਸਰਹੱਦ ਦੇ ਦੂਜੇ ਪਾਸੇ ਰਹਿ ਗਏ ਸਨ। ਅਜਿਹੇ ਹਾਲਾਤਾਂ ਵਿੱਚ ਕਰਤਾਰਪੁਰ ਲਾਂਘਾ ਸਿੱਖ ਭਾਈਚਾਰੇ ਲਈ ਆਪਣੇ ਵਿਰਸੇ ਅਤੇ ਧਾਰਮਿਕ ਸਥਾਨਾਂ ਨਾਲ ਜੁੜਨ ਦਾ ਮਹੱਤਵਪੂਰਨ ਸਾਧਨ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅੱਜ ਤੱਕ ਕੇਂਦਰ ਦੀਆਂ ਸਰਕਾਰਾਂ ਵੱਲੋਂ ਅਜਿਹੇ ਕੋਈ ਢੁੱਕਵੇਂ ਕਦਮ ਨਹੀਂ ਚੁੱਕੇ ਗਏ, ਜਿਨ੍ਹਾਂ ਨਾਲ ਸਿੱਖ ਸੰਗਤ ਆਪਣੇ ਵਿਛੜੇ ਗੁਰਧਾਮਾਂ ਦੇ ਦਰਸ਼ਨ ਆਸਾਨੀ ਨਾਲ ਕਰ ਸਕੇ।

ਉਨ੍ਹਾਂ ਕਿਹਾ ਕਿ ਦੇਸ਼ ਅਤੇ ਵਿਦੇਸ਼ ਵਿੱਚ ਵੱਸਦੀਆਂ ਲੱਖਾਂ ਸਿੱਖ ਸੰਗਤਾਂ ਦੀਆਂ ਉਮੀਦਾਂ ਕਰਤਾਰਪੁਰ ਲਾਂਘੇ ਨਾਲ ਜੁੜੀਆਂ ਹੋਈਆਂ ਹਨ ਅਤੇ ਸਰਕਾਰ ਨੂੰ ਇਸ ਸੰਵੇਦਨਸ਼ੀਲ ਮਾਮਲੇ ਦਾ ਹੱਲ ਜਲਦ ਕੱਢਣਾ ਚਾਹੀਦਾ ਹੈ।

Exit mobile version