Google search engine
Home Punjab News ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਸੋਮਵਾਰ ਤੋਂ, ਕਾਨੂੰਨ-ਵਿਵਸਥਾ ਤੋਂ ਲੈ ਕੇ...

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਸੋਮਵਾਰ ਤੋਂ, ਕਾਨੂੰਨ-ਵਿਵਸਥਾ ਤੋਂ ਲੈ ਕੇ ਬੇਅਦਬੀ ਬਿੱਲ ਤੱਕ ਗੂੰਜਣਗੇ ਕਈ ਅਹਿਮ ਮੁੱਦੇ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ, ਜੋ 10 ਅਗਸਤ ਤੱਕ ਚੱਲੇਗਾ। ਇਸ ਵਾਰ ਦਾ ਇਜਲਾਸ ਸਿਆਸੀ ਤੌਰ ‘ਤੇ ਕਾਫ਼ੀ ਗਰਮ ਰਹਿਣ ਦੀ ਸੰਭਾਵਨਾ ਹੈ, ਕਿਉਂਕਿ ਕਾਂਗਰਸ, ਭਾਜਪਾ ਅਤੇ ਹੋਰ ਵਿਰੋਧੀ ਧਿਰਾਂ ਨੇ ਕਾਨੂੰਨ-ਵਿਵਸਥਾ, ਕਥਿਤ ਪੇਪਰ ਲੀਕ, ਸਰਕਾਰੀ ਮੁਲਾਜ਼ਮਾਂ ਦੇ ਬਕਾਇਆ ਮਹਿੰਗਾਈ ਭੱਤੇ, ਬਰਨਾਲਾ ਲਾਠੀਚਾਰਜ ਅਤੇ ਬੇਅਦਬੀ ਵਿਰੋਧੀ ਕਾਨੂੰਨ ਵਰਗੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ।

ਇਜਲਾਸ ਦੀ ਸ਼ੁਰੂਆਤ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਵੇਗੀ। ਇਸ ਤੋਂ ਬਾਅਦ ਸਦਨ ਵਿੱਚ ਕਈ ਮਹੱਤਵਪੂਰਨ ਬਿੱਲ ਅਤੇ ਮਸਲੇ ਚਰਚਾ ਦਾ ਕੇਂਦਰ ਬਣਨਗੇ।

ਸਰਕਾਰ ਵੱਲੋਂ ਇਸ ਇਜਲਾਸ ਦੌਰਾਨ ‘ਪੰਜਾਬ ਰੈਗੂਲੇਸ਼ਨ ਆਫ਼ ਫ਼ੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪੇਸ਼ ਕੀਤਾ ਜਾਵੇਗਾ। ਇਸ ਬਿੱਲ ਦਾ ਮਕਸਦ ਪ੍ਰਾਈਵੇਟ ਸਕੂਲਾਂ ਵੱਲੋਂ ਫ਼ੀਸਾਂ ਵਿੱਚ ਕੀਤੇ ਜਾਣ ਵਾਲੇ ਵਾਧੇ ਨੂੰ ਨਿਯਮਤ ਕਰਨਾ ਹੈ।

ਸਰਕਾਰ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ ਨਿੱਜੀ ਸਕੂਲ ਹਰ ਸਾਲ ਵੱਧ ਤੋਂ ਵੱਧ ਪੰਜ ਫ਼ੀਸਦੀ ਤੱਕ ਹੀ ਫ਼ੀਸ ਵਧਾ ਸਕਣਗੇ। ਇਸ ਦੇ ਨਾਲ ਹੀ ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ 15 ਫ਼ੀਸਦੀ ਤੋਂ ਵੱਧ ਫ਼ੀਸ ਵਸੂਲੀ ਹੈ, ਉਨ੍ਹਾਂ ਨੂੰ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ।

ਸਰਕਾਰ ਦਾ ਦਾਅਵਾ ਹੈ ਕਿ ਇਸ ਫ਼ੈਸਲੇ ਨਾਲ ਪੰਜਾਬ ਦੇ 7,800 ਤੋਂ ਵੱਧ ਨਿੱਜੀ ਸਕੂਲਾਂ ਵਿੱਚ ਪੜ੍ਹ ਰਹੇ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ।

ਦੂਜੇ ਪਾਸੇ, ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਸੂਬੇ ਵਿੱਚ ਕਥਿਤ ਤੌਰ ‘ਤੇ ਵਿਗੜ ਰਹੀ ਕਾਨੂੰਨ-ਵਿਵਸਥਾ, ਪੇਪਰ ਲੀਕ ਦੇ ਮਾਮਲਿਆਂ, ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਅਤੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ ਮਹਿੰਗਾਈ ਭੱਤੇ ਦੇ ਮੁੱਦਿਆਂ ਨੂੰ ਵਿਧਾਨ ਸਭਾ ਵਿੱਚ ਜ਼ੋਰਦਾਰ ਢੰਗ ਨਾਲ ਉਠਾਏਗੀ।

ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਵਿੱਚ ਨਕਲ ਦੇ ਮਾਮਲੇ ਤੋਂ ਬਾਅਦ ਵਿਰੋਧੀ ਧਿਰ ਲਗਾਤਾਰ ਸਰਕਾਰ ਨੂੰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹੋਏ ਕਥਿਤ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਘੇਰ ਰਹੀ ਹੈ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਇੱਕ ਵੀ ਪ੍ਰੀਖਿਆ ਦਾ ਪੇਪਰ ਲੀਕ ਨਹੀਂ ਹੋਇਆ।

ਇਸ ਤੋਂ ਇਲਾਵਾ, 22 ਜੁਲਾਈ ਨੂੰ ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ ਵੀ ਸਦਨ ਵਿੱਚ ਗੂੰਜਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਇਸ ਮੁੱਦੇ ‘ਤੇ ਸਰਕਾਰ ਤੋਂ ਜਵਾਬ ਮੰਗ ਸਕਦੀ ਹੈ।

ਮੌਨਸੂਨ ਇਜਲਾਸ ਦੌਰਾਨ ਬੇਅਦਬੀ ਵਿਰੋਧੀ ਕਾਨੂੰਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਵੀ ਚਰਚਾ ਦਾ ਕੇਂਦਰ ਰਹੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪਹਿਲਾਂ ਹੀ ਸਰਕਾਰ ਵੱਲੋਂ ਦਿੱਤੇ ਗਏ ਜਵਾਬ ਨੂੰ ਅਸੰਤੁਸ਼ਟੀਜਨਕ ਕਰਾਰ ਦੇ ਚੁੱਕੇ ਹਨ।

ਜਥੇਦਾਰ ਨੇ ਇਸ ਮੁੱਦੇ ‘ਤੇ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨ ਲਈ ਪੰਜ ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਵੀ ਕੀਤਾ ਹੈ। ਉੱਥੇ ਹੀ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਦਾ ਕਹਿਣਾ ਹੈ ਕਿ ਇਸ ਕਾਨੂੰਨ ਦਾ ਮਕਸਦ ਸਿਰਫ਼ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਸਖ਼ਤ ਸਜ਼ਾ ਦਿਵਾਉਣਾ ਹੈ ਅਤੇ ਸਰਕਾਰ ਦਾ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦੇਣ ਦਾ ਕੋਈ ਇਰਾਦਾ ਨਹੀਂ ਹੈ।

ਸਿਆਸੀ ਟਕਰਾਅ, ਵਿਰੋਧੀ ਧਿਰ ਦੇ ਹਮਲਿਆਂ ਅਤੇ ਅਹਿਮ ਬਿੱਲਾਂ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦਾ ਇਹ ਮੌਨਸੂਨ ਇਜਲਾਸ ਕਾਫ਼ੀ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Exit mobile version