ਨਵੀਂ ਦਿੱਲੀ: ਈ-20 ਪੈਟਰੋਲ ਦੇ ਵਿਰੋਧ ਨੂੰ ਹੋਰ ਤੇਜ਼ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 4 ਅਗਸਤ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕੇਜਰੀਵਾਲ ਦਾ ਕਹਿਣਾ ਹੈ ਕਿ ਉਹ ਔਨਲਾਈਨ ਮੁਹਿੰਮ ਰਾਹੀਂ ਇਕੱਠੇ ਕੀਤੇ ਗਏ ਦੋ ਲੱਖ ਦਸਤਖ਼ਤਾਂ ਵਾਲਾ ਮੰਗ-ਪੱਤਰ ਪ੍ਰਧਾਨ ਮੰਤਰੀ ਦਫ਼ਤਰ ਨੂੰ ਸੌਂਪਣਗੇ।
ਦਿੱਲੀ ਦੇ ਕਾਂਸਟੀਟਿਊਸ਼ਨ ਕਲੱਬ ਆਫ ਇੰਡੀਆ ਵਿੱਚ ਕਰਵਾਏ ਗਏ ‘ਈ-20 ਖ਼ਿਲਾਫ਼ ਕੌਮੀ ਟਾਊਨ ਹਾਲ’ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਮੰਗਲਵਾਰ ਦੁਪਹਿਰ 12 ਵਜੇ ਉਹ 100 ਵਾਲੰਟੀਅਰਾਂ ਨਾਲ ਮਾਰਚ ਦੀ ਸ਼ੁਰੂਆਤ ਕਰਨਗੇ। ਉਨ੍ਹਾਂ ਨੇ ਦੇਸ਼ ਭਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ, ਉਹ ਸੋਸ਼ਲ ਮੀਡੀਆ ਰਾਹੀਂ ਆਪਣੀ ਸਹਿਮਤੀ ਜ਼ਾਹਰ ਕਰੇ।
ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਨੂੰ ਵੀ ਉੱਥੋਂ ਤੱਕ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿੱਥੋਂ ਤੱਕ ਹਾਲ ਹੀ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਦੌਰਾਨ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ।
ਆਪ ਸੁਪਰੀਮੋ ਨੇ ਕੇਂਦਰ ਸਰਕਾਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਇਹ ਦਾਅਵਾ ਕਰਦੀ ਹੈ ਕਿ ਈ-20 ਪੈਟਰੋਲ ਵਾਹਨਾਂ ਲਈ ਸੁਰੱਖਿਅਤ ਹੈ, ਤਾਂ ਉਸ ਅਧਿਐਨ ਦੀ ਪੂਰੀ ਰਿਪੋਰਟ ਜਨਤਕ ਕੀਤੀ ਜਾਵੇ, ਜਿਸ ਦੇ ਆਧਾਰ ‘ਤੇ ਇਹ ਦਾਅਵਾ ਕੀਤਾ ਜਾ ਰਿਹਾ ਹੈ।
ਕੇਜਰੀਵਾਲ ਨੇ ਕਿਹਾ, “ਕੇਂਦਰ ਸਰਕਾਰ ਕਹਿੰਦੀ ਹੈ ਕਿ ਕਈ ਅਧਿਐਨ ਹੋਏ ਹਨ ਅਤੇ ਈ-20 ਪੈਟਰੋਲ ਨਾਲ ਵਾਹਨਾਂ ਨੂੰ ਕੋਈ ਨੁਕਸਾਨ ਨਹੀਂ ਹੁੰਦਾ। ਜੇਕਰ ਅਜਿਹਾ ਹੈ ਤਾਂ ਸਰਕਾਰ ਨੂੰ ਉਹ ਰਿਪੋਰਟ ਦੇਸ਼ ਸਾਹਮਣੇ ਰੱਖਣੀ ਚਾਹੀਦੀ ਹੈ।”
ਉਨ੍ਹਾਂ ਦੋਸ਼ ਲਾਇਆ ਕਿ ਈ-20 ਪੈਟਰੋਲ ਨੂੰ ਲੈ ਕੇ ਲੋਕਾਂ ਵਿੱਚ ਗੁੱਸਾ ਵਧਦਾ ਜਾ ਰਿਹਾ ਹੈ ਅਤੇ ਸਰਕਾਰ ਅਜੇ ਤੱਕ ਕੋਈ ਅਜਿਹੀ ਵਿਗਿਆਨਕ ਰਿਪੋਰਟ ਪੇਸ਼ ਨਹੀਂ ਕਰ ਸਕੀ, ਜੋ ਇਸ ਦੀ ਸੁਰੱਖਿਆ ਨੂੰ ਸਾਬਤ ਕਰੇ।
ਇਸ ਮੌਕੇ ਕੇਜਰੀਵਾਲ ਨੇ ਕੇਂਦਰ ਸਰਕਾਰ ਅੱਗੇ ਤਿੰਨ ਮੁੱਖ ਮੰਗਾਂ ਵੀ ਰੱਖੀਆਂ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪਾਂ ‘ਤੇ ਲੋਕਾਂ ਨੂੰ ਈ-20 ਅਤੇ ਸ਼ੁੱਧ ਪੈਟਰੋਲ ਦੋਵਾਂ ਵਿੱਚੋਂ ਚੋਣ ਕਰਨ ਦਾ ਵਿਕਲਪ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਈ-20 ਪੈਟਰੋਲ ਦੀ ਕੀਮਤ ਆਮ ਪੈਟਰੋਲ ਨਾਲੋਂ ਘੱਟ ਹੋਣੀ ਚਾਹੀਦੀ ਹੈ ਅਤੇ ਪੈਟਰੋਲ ਦੀ ਕੀਮਤ 84 ਰੁਪਏ ਪ੍ਰਤੀ ਲੀਟਰ ਤੋਂ ਹੇਠਾਂ ਲਿਆਂਦੀ ਜਾਣੀ ਚਾਹੀਦੀ ਹੈ।
ਸਮਾਗਮ ਦੌਰਾਨ ਈ-20 ਪੈਟਰੋਲ ਦੇ ਕਥਿਤ ਨੁਕਸਾਨਾਂ ਨੂੰ ਦਰਸਾਉਣ ਲਈ ਵਿਸ਼ੇਸ਼ ਪ੍ਰੋਗਰਾਮ ਵੀ ਕਰਵਾਇਆ ਗਿਆ। ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ‘ਤੇ ਆਯੋਜਿਤ ਇਸ ਪ੍ਰੋਗਰਾਮ ਵਿੱਚ ਕਲਾਕਾਰ ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਵਾਜ਼ ਦੀ ਨਕਲ ਕਰਦਿਆਂ ਕੇਜਰੀਵਾਲ ਦੇ ਸਵਾਲਾਂ ਦੇ ਜਵਾਬ ਦਿੱਤੇ।
ਇਸ ਦੌਰਾਨ ਕੇਜਰੀਵਾਲ ਨੇ ਸ਼ਿਆਮ ਰੰਗੀਲਾ ਨਾਲ ਹਾਲ ਹੀ ਵਿੱਚ ਸਾਹਮਣੇ ਆਈ ਇੱਕ ਵੀਡੀਓ ਬਾਰੇ ਵੀ ਗੱਲਬਾਤ ਕੀਤੀ, ਜਿਸ ਵਿੱਚ ਪ੍ਰਧਾਨ ਮੰਤਰੀ ਵੱਲੋਂ ਆਪਣੇ ਆਲੋਚਕਾਂ ਨੂੰ ਮੁਆਫ਼ ਕਰਨ ਦੀ ਗੱਲ ਕਹੀ ਗਈ ਸੀ।
ਸਮਾਗਮ ਵਿੱਚ ਵਿਦਿਆਰਥੀਆਂ ਵੱਲੋਂ ਈ-20 ਪੈਟਰੋਲ ਦੇ ਸੰਭਾਵਿਤ ਨੁਕਸਾਨਾਂ ‘ਤੇ ਆਧਾਰਿਤ ਇੱਕ ਨਾਟਕ ਵੀ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਇੱਕ ਕਾਰ ਦੇ ਬੋਨਟ ਨੂੰ ਖੋਲ੍ਹ ਕੇ ਉਸ ਨੂੰ ਹਾਰ ਪਹਿਨਾਏ ਗਏ ਅਤੇ ਦਰਸ਼ਕਾਂ ਵੱਲੋਂ ਪ੍ਰਤੀਕਾਤਮਕ ਤੌਰ ‘ਤੇ ਕਾਰ ਨੂੰ ਸ਼ਰਧਾਂਜਲੀ ਦਿੱਤੀ ਗਈ।




