Google search engine
Home Punjab News ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਸਖ਼ਤ ਹੁਕਮ, 15 ਦਿਨਾਂ ਅੰਦਰ ਮੁਲਾਜ਼ਮਾਂ ਅਤੇ...

ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਸਖ਼ਤ ਹੁਕਮ, 15 ਦਿਨਾਂ ਅੰਦਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਪੂਰਾ ਡੀ.ਏ. ਜਾਰੀ ਕਰਨ ਦੇ ਆਦੇਸ਼

ਚੰਡੀਗੜ੍ਹ: ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਹਿੰਗਾਈ ਭੱਤੇ (ਡੀ.ਏ.) ਨਾਲ ਸਬੰਧਤ ਮਾਮਲੇ ਵਿੱਚ ਅਹਿਮ ਫ਼ੈਸਲਾ ਸੁਣਾਉਂਦਿਆਂ ਪੰਜਾਬ ਸਰਕਾਰ ਨੂੰ 15 ਦਿਨਾਂ ਦੇ ਅੰਦਰ-ਅੰਦਰ ਬਕਾਇਆ ਅਤੇ ਮੁਕੰਮਲ ਡੀ.ਏ. ਦਾ ਭੁਗਤਾਨ ਕਰਨ ਦੇ ਹੁਕਮ ਦਿੱਤੇ ਹਨ।

ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀਆਂ ਸਾਰੀਆਂ ਲੈਟਰਜ਼ ਪੇਟੈਂਟ ਅਪੀਲਾਂ (ਐੱਲ.ਪੀ.ਏ.) ਨੂੰ ਖ਼ਾਰਜ ਕਰ ਦਿੱਤਾ ਹੈ ਅਤੇ ਸਰਕਾਰ ਨੂੰ ਨਿਰਧਾਰਿਤ ਸਮੇਂ ਅੰਦਰ ਅਦਾਲਤ ਵਿੱਚ ਹਲਫ਼ਨਾਮਾ ਦਾਖ਼ਲ ਕਰਨ ਲਈ ਵੀ ਕਿਹਾ ਹੈ।

ਕਾਰਜਕਾਰੀ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਵੱਲੋਂ ਪਹਿਲਾਂ ਦਿੱਤੇ ਗਏ ਫ਼ੈਸਲੇ ਨੂੰ ਬਰਕਰਾਰ ਰੱਖਦਿਆਂ ਪੰਜਾਬ ਸਰਕਾਰ ਦੀਆਂ ਦੋਵੇਂ ਅਪੀਲਾਂ—ਐੱਲ.ਪੀ.ਏ. ਨੰਬਰ 1249 ਅਤੇ 1437 (ਸਾਲ 2026)—ਨੂੰ ਰੱਦ ਕਰ ਦਿੱਤਾ।

ਅਦਾਲਤ ਦੇ ਇਸ ਫ਼ੈਸਲੇ ਨਾਲ ਸੂਬੇ ਦੇ ਲੱਖਾਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਮਿਲੀ ਹੈ, ਜਦਕਿ ਪੰਜਾਬ ਸਰਕਾਰ ਲਈ ਇਹ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਸਾਲ 2023 ਤੋਂ ਡੀ.ਏ. ਦੇ ਭੁਗਤਾਨ ਵਿੱਚ ਹੋ ਰਹੀ ਦੇਰੀ ਕਾਰਨ ਮੁਲਾਜ਼ਮ ਲਗਾਤਾਰ ਸਰਕਾਰ ਖ਼ਿਲਾਫ਼ ਆਵਾਜ਼ ਉਠਾ ਰਹੇ ਸਨ।

ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਸੀ ਕਿ ਪੰਜਾਬ ਦੇ ਸਰਕਾਰੀ ਕਰਮਚਾਰੀ ਇਸ ਵੇਲੇ ਕੇਂਦਰੀ ਕਰਮਚਾਰੀਆਂ ਦੇ ਮੁਕਾਬਲੇ 18 ਫ਼ੀਸਦੀ ਘੱਟ ਮਹਿੰਗਾਈ ਭੱਤਾ ਪ੍ਰਾਪਤ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕਈ ਵਾਰ ਸਰਕਾਰ ਨਾਲ ਮੀਟਿੰਗਾਂ ਅਤੇ ਪ੍ਰਦਰਸ਼ਨਾਂ ਦੇ ਬਾਵਜੂਦ ਮਸਲੇ ਦਾ ਕੋਈ ਹੱਲ ਨਹੀਂ ਨਿਕਲ ਸਕਿਆ ਸੀ।

ਇਸ ਮਾਮਲੇ ਵਿੱਚ ਮੁਲਾਜ਼ਮਾਂ ਦੀ ਪੱਖ ਰੱਖਣ ਵਾਲੇ ਐਡਵੋਕੇਟ ਸੰਨੀ ਸਿੰਗਲਾ ਨੇ ਦੱਸਿਆ ਕਿ ਹਾਈਕੋਰਟ ਨੇ ਆਪਣੇ ਫ਼ੈਸਲੇ ਵਿੱਚ ਸਪੱਸ਼ਟ ਕੀਤਾ ਹੈ ਕਿ ਜੇਕਰ ਸਰਕਾਰ ਇਸ ਮਹੀਨੇ ਦੇ ਅੰਤ ਤੱਕ ਡੀ.ਏ. ਦਾ ਭੁਗਤਾਨ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਉਸ ਨੂੰ ਬਕਾਇਆ ਰਕਮ ਉੱਤੇ 6 ਫ਼ੀਸਦੀ ਵਿਆਜ ਵੀ ਅਦਾ ਕਰਨਾ ਪਵੇਗਾ।

ਅਦਾਲਤ ਦੇ ਇਸ ਫ਼ੈਸਲੇ ਤੋਂ ਬਾਅਦ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਮੁਲਾਜ਼ਮ ਜਥੇਬੰਦੀਆਂ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਹ ਉਨ੍ਹਾਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਸੰਘਰਸ਼ ਦੀ ਵੱਡੀ ਜਿੱਤ ਹੈ।

ਹੁਣ ਸਭ ਦੀਆਂ ਨਜ਼ਰਾਂ ਪੰਜਾਬ ਸਰਕਾਰ ‘ਤੇ ਟਿਕੀਆਂ ਹੋਈਆਂ ਹਨ ਕਿ ਉਹ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਿਰਧਾਰਿਤ ਸਮੇਂ ਦੇ ਅੰਦਰ ਡੀ.ਏ. ਜਾਰੀ ਕਰਦੀ ਹੈ ਜਾਂ ਨਹੀਂ।

Exit mobile version