ਮੁਕਤਸਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਗੜ੍ਹ ਮੁਕਤਸਰ ਵਿੱਚ ਸੋਮਵਾਰ ਨੂੰ ਉਸ ਵੇਲੇ ਸਿਆਸੀ ਹਲਚਲ ਤੇਜ਼ ਹੋ ਗਈ, ਜਦੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਰਾਜਾ ਵੜਿੰਗ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਖ਼ਿਲਾਫ਼ ਪੋਸਟਰ ਅਤੇ ਹੋਰਡਿੰਗਜ਼ ਨਜ਼ਰ ਆਏ। ਇਹ ਸਾਰਾ ਮਾਮਲਾ ਕਾਂਗਰਸ ਦੇ ‘ਹਰ ਬੂਥ, ਕਾਂਗਰਸ ਮਜ਼ਬੂਤ’ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਕੁਝ ਘੰਟੇ ਪਹਿਲਾਂ ਸਾਹਮਣੇ ਆਇਆ, ਜਿਸ ਕਾਰਨ ਪਾਰਟੀ ਦੇ ਅੰਦਰੂਨੀ ਮਾਹੌਲ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਗਏ ਹਨ।
ਸ਼ਹਿਰ ਵਿੱਚ ਲੱਗੇ ਪੋਸਟਰਾਂ ਉੱਤੇ “ਬਘੇਲ ਗੋ ਬੈਕ”, “ਚੰਨੀ ਨੂੰ ਵਾਪਸ ਲਿਆਓ” ਅਤੇ “ਰਾਜਾ ਤੇ ਬਘੇਲ ਨੂੰ ਹਟਾਓ, ਕਾਂਗਰਸ ਬਚਾਓ” ਵਰਗੇ ਨਾਅਰੇ ਲਿਖੇ ਹੋਏ ਸਨ। ਕੁਝ ਪੋਸਟਰਾਂ ਵਿੱਚ ਭੁਪੇਸ਼ ਬਘੇਲ ਨੂੰ ‘ਸਾਈਮਨ’ ਵਜੋਂ ਦਰਸਾਇਆ ਗਿਆ ਸੀ ਅਤੇ ਉਨ੍ਹਾਂ ਖ਼ਿਲਾਫ਼ ਤਿੱਖੇ ਸੰਦੇਸ਼ ਲਿਖੇ ਗਏ ਸਨ।
ਇਸ ਤੋਂ ਇਲਾਵਾ ਕੁਝ ਹੋਰ ਪੋਸਟਰਾਂ ‘ਤੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਨਾਅਰੇ ਲਗਾਏ ਗਏ ਸਨ। “ਸੁਣੋ ਰਾਹੁਲ ਜੀ, ਸਰਕਾਰ ਬਣਾਉਣ ਲਈ ਚੰਨੀ ਨੂੰ ਵਾਪਸ ਲਿਆਓ” ਵਰਗੇ ਸੰਦੇਸ਼ਾਂ ਨੇ ਸੂਬੇ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।
ਖ਼ਾਸ ਗੱਲ ਇਹ ਹੈ ਕਿ ਜਿਸ ਪ੍ਰੋਗਰਾਮ ਤੋਂ ਪਹਿਲਾਂ ਇਹ ਪੋਸਟਰ ਸਾਹਮਣੇ ਆਏ ਹਨ, ਉਸ ਵਿੱਚ ਭੁਪੇਸ਼ ਬਘੇਲ, ਰਾਜਾ ਵੜਿੰਗ ਅਤੇ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੇ ਸ਼ਾਮਲ ਹੋਣਾ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਨ੍ਹਾਂ ਪੋਸਟਰਾਂ ਦੇ ਪਿੱਛੇ ਕੌਣ ਹੈ ਅਤੇ ਨਾ ਹੀ ਕਾਂਗਰਸ ਹਾਈਕਮਾਨ ਜਾਂ ਸੂਬਾ ਲੀਡਰਸ਼ਿਪ ਵੱਲੋਂ ਇਸ ਮਾਮਲੇ ‘ਤੇ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਆਈ ਹੈ।
ਇਸੇ ਦੌਰਾਨ ਕਾਂਗਰਸ ਵੱਲੋਂ ਬਠਿੰਡਾ ਵਿੱਚ ਵੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਵੱਡਾ ਸਮਾਗਮ ਕਰਵਾਇਆ ਜਾ ਰਿਹਾ ਹੈ। ਪਾਰਟੀ ਆਗੂਆਂ ਦਾ ਦਾਅਵਾ ਹੈ ਕਿ ਇਸ ਮੁਹਿੰਮ ਦਾ ਮਕਸਦ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਾ ਹੈ, ਪਰ ਮੁਕਤਸਰ ਵਿੱਚ ਲੱਗੇ ਇਨ੍ਹਾਂ ਪੋਸਟਰਾਂ ਨੇ ਪਾਰਟੀ ਅੰਦਰ ਚੱਲ ਰਹੀ ਖਿੱਚੋਤਾਣ ਨੂੰ ਮੁੜ ਚਰਚਾ ਦੇ ਕੇਂਦਰ ਵਿੱਚ ਲਿਆ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੰਗਰੂਰ, ਪਟਿਆਲਾ, ਬਰਨਾਲਾ ਅਤੇ ਮਾਨਸਾ ਵਿੱਚ ਹੋਏ ਕਾਂਗਰਸੀ ਸਮਾਗਮਾਂ ਦੌਰਾਨ ਵੀ ਧੜੇਬੰਦੀ ਖੁੱਲ੍ਹ ਕੇ ਸਾਹਮਣੇ ਆਈ ਸੀ। ਕਈ ਮੌਕਿਆਂ ‘ਤੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚਕਾਰ ਅਸਹਿਮਤੀ ਦੀਆਂ ਖ਼ਬਰਾਂ ਵੀ ਸਾਹਮਣੇ ਆ ਚੁੱਕੀਆਂ ਹਨ।
ਹੁਣ ਦੇਖਣਾ ਇਹ ਹੋਵੇਗਾ ਕਿ ਮੁਕਤਸਰ ਵਿੱਚ ਉੱਠੇ ਇਸ ਨਵੇਂ ਵਿਵਾਦ ਦਾ ਕਾਂਗਰਸ ਦੀ ਅੰਦਰੂਨੀ ਰਾਜਨੀਤੀ ਅਤੇ ਆਉਣ ਵਾਲੀਆਂ ਚੋਣੀ ਤਿਆਰੀਆਂ ‘ਤੇ ਕੀ ਅਸਰ ਪੈਂਦਾ ਹੈ।




