ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਦੀ ਯੋਜਨਾ ਅਜੇ ਤੱਕ ਸਿਰੇ ਨਹੀਂ ਚੜ੍ਹ ਸਕੀ। ਕਈ ਸਾਲਾਂ ਤੋਂ ਚੱਲ ਰਹੇ ਇਸ ਮਾਮਲੇ ਨੇ ਇੱਕ ਵਾਰ ਫਿਰ ਸਿਆਸੀ ਅਤੇ ਧਾਰਮਿਕ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ।
ਬੀਤੇ ਦਿਨ ਪੰਜਾਬ ਵਿਧਾਨ ਸਭਾ ਵਿੱਚ ਇਸ ਮੁੱਦੇ ਨੂੰ ਲੈ ਕੇ ਹੋਈ ਚਰਚਾ ਤੋਂ ਬਾਅਦ ਐੱਸਜੀਪੀਸੀ ਦੇ ਆਪਣੇ ਚੈਨਲ ਦੀ ਸਥਾਪਨਾ ਦਾ ਮਾਮਲਾ ਮੁੜ ਸੁਰਖੀਆਂ ਵਿੱਚ ਆ ਗਿਆ। ਵਿਧਾਨ ਸਭਾ ਵਿੱਚ ਕੁਝ ਵਿਧਾਇਕਾਂ ਵੱਲੋਂ ਦੋਸ਼ ਲਾਇਆ ਗਿਆ ਕਿ ਸ਼੍ਰੋਮਣੀ ਕਮੇਟੀ ਨੇ ਨਿੱਜੀ ਚੈਨਲ ਤੋਂ ਬਕਾਇਆ ਰਕਮ ਦੀ ਵਸੂਲੀ ਨਹੀਂ ਕੀਤੀ। ਹਾਲਾਂਕਿ, ਐੱਸਜੀਪੀਸੀ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਉਨ੍ਹਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਕੁਝ ਸਾਲ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਸੀ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਆਪਣਾ ਵੱਖਰਾ ਚੈਨਲ ਸਥਾਪਤ ਕੀਤਾ ਜਾਵੇ। ਇਸ ਦੇ ਨਾਲ ਹੀ ਨਿੱਜੀ ਚੈਨਲ ਨੂੰ ਦਿੱਤੇ ਗਏ ਪ੍ਰਸਾਰਣ ਅਧਿਕਾਰ ਵਾਪਸ ਲੈਣ ਲਈ ਵੀ ਕਿਹਾ ਗਿਆ ਸੀ।
ਇਸ ਹੁਕਮ ਤੋਂ ਬਾਅਦ ਐੱਸਜੀਪੀਸੀ ਨੇ ਗੁਰਬਾਣੀ ਦੇ ਪ੍ਰਸਾਰਣ ਲਈ ਆਪਣਾ ਯੂ-ਟਿਊਬ ਚੈਨਲ ਤਾਂ ਸ਼ੁਰੂ ਕਰ ਦਿੱਤਾ, ਪਰ ਸੈਟੇਲਾਈਟ ਚੈਨਲ ਦੀ ਸਥਾਪਨਾ ਅਜੇ ਵੀ ਅਧੂਰੀ ਹੈ।
ਸ਼੍ਰੋਮਣੀ ਕਮੇਟੀ ਦੇ ਸੂਤਰਾਂ ਅਨੁਸਾਰ, ਇਸ ਸਬੰਧੀ ਕੇਂਦਰ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨਾਲ ਕਈ ਵਾਰ ਸੰਪਰਕ ਕੀਤਾ ਗਿਆ ਅਤੇ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਹੋਈਆਂ। ਇਸ ਦੇ ਬਾਵਜੂਦ ਨਿੱਜੀ ਸੈਟੇਲਾਈਟ ਚੈਨਲਾਂ ਲਈ ਬਣਾਏ ਗਏ ਕੁਝ ਨਿਯਮਾਂ ਅਤੇ ਤਕਨੀਕੀ ਸ਼ਰਤਾਂ ਕਾਰਨ ਐੱਸਜੀਪੀਸੀ ਨੂੰ ਹੁਣ ਤੱਕ ਮਨਜ਼ੂਰੀ ਨਹੀਂ ਮਿਲ ਸਕੀ।
ਸੂਤਰਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਸਕਾਰਾਤਮਕ ਭਰੋਸਾ ਤਾਂ ਦਿੱਤਾ ਗਿਆ ਸੀ, ਪਰ ਅਜੇ ਤੱਕ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਇਸ ਕਾਰਨ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਐੱਸਜੀਪੀਸੀ ਦਾ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਦਾ ਸੁਪਨਾ ਅਜੇ ਵੀ ਅਧੂਰਾ ਹੈ।
ਇਸ ਮਾਮਲੇ ਨੇ ਹੁਣ ਸਿਆਸੀ ਰੂਪ ਵੀ ਧਾਰ ਲਿਆ ਹੈ। ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਇਸ ਸਬੰਧੀ ਸਾਰੀ ਜਾਣਕਾਰੀ ਅਤੇ ਕੇਂਦਰ ਸਰਕਾਰ ਨਾਲ ਹੋਈ ਪੱਤਰ-ਵਿਹਾਰ ਨੂੰ ਜਨਤਕ ਕੀਤਾ ਜਾਵੇ, ਤਾਂ ਜੋ ਸੰਗਤ ਨੂੰ ਅਸਲ ਸਥਿਤੀ ਬਾਰੇ ਪੂਰੀ ਜਾਣਕਾਰੀ ਮਿਲ ਸਕੇ।
ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਪ੍ਰਸਾਰਣ ਸਿਰਫ਼ ਤਕਨੀਕੀ ਜਾਂ ਪ੍ਰਸ਼ਾਸਨਿਕ ਮਾਮਲਾ ਨਹੀਂ, ਸਗੋਂ ਇਹ ਕਰੋੜਾਂ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਮੁੱਦਾ ਹੈ, ਜਿਸ ਬਾਰੇ ਪਾਰਦਰਸ਼ਤਾ ਬਹੁਤ ਜ਼ਰੂਰੀ ਹੈ।




