ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਤੀਜੇ ਦਿਨ ਸਦਨ ਵਿੱਚ ਜ਼ਬਰਦਸਤ ਹੰਗਾਮਾ ਦੇਖਣ ਨੂੰ ਮਿਲਿਆ। ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧਾਂ ਦੇ ਮੁੱਦੇ ‘ਤੇ ਸੱਤਾ ਧਿਰ ਅਤੇ ਵਿਰੋਧੀ ਪਾਰਟੀਆਂ ਵਿਚਾਲੇ ਤਿੱਖੀ ਬਹਿਸ ਹੋਈ, ਜਿਸ ਕਾਰਨ ਸਪੀਕਰ ਨੂੰ ਕੁਝ ਸਮੇਂ ਲਈ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ। ਹੰਗਾਮੇ ਦੇ ਬਾਵਜੂਦ ਰੁਜ਼ਗਾਰ ਨਾਲ ਸਬੰਧਤ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋਣ ਉਪਰੰਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਪੰਜਾਬ ਸਰਕਾਰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ’ ਵਿੱਚ ਤਬਦੀਲੀਆਂ ਸਬੰਧੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰ ਰਹੀ ਹੈ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਸਦਨ ਵਿੱਚ ਬੇਅਦਬੀ ਵਿਰੋਧੀ ਐਕਟ ਵਿੱਚ ਸੋਧਾਂ ਦਾ ਮਸਲਾ ਚੁੱਕਿਆ, ਜਿਸ ਤੋਂ ਬਾਅਦ ਮਾਹੌਲ ਗਰਮਾ ਗਿਆ। ਗਨੀਵ ਕੌਰ ਦੇ ਸਮਰਥਨ ਵਿੱਚ ਕਾਂਗਰਸੀ ਵਿਧਾਇਕ ਵੀ ਖੜ੍ਹੇ ਹੋ ਗਏ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਨੇ ਸਪੀਕਰ ਦੇ ਵੈੱਲ ਵਿੱਚ ਜਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਦੇ ਮੁੱਦੇ ‘ਤੇ ਅਕਾਲੀ ਦਲ, ਕਾਂਗਰਸ ਅਤੇ ਹੋਰ ਵਿਰੋਧੀ ਧਿਰਾਂ ਇੱਕਜੁੱਟ ਨਜ਼ਰ ਆਈਆਂ। ਇਸ ਦੇ ਜਵਾਬ ਵਿੱਚ ਸੱਤਾਧਾਰੀ ਧਿਰ ਦੇ ਵਿਧਾਇਕਾਂ ਨੇ ਵੀ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਸਦਨ ਦਾ ਮਾਹੌਲ ਤਣਾਅਪੂਰਨ ਬਣ ਗਿਆ। ਹਾਲਾਤ ਨੂੰ ਕਾਬੂ ਵਿੱਚ ਕਰਨ ਲਈ ਸਪੀਕਰ ਨੇ ਕਾਰਵਾਈ ਅੱਠ ਮਿੰਟ ਲਈ ਮੁਲਤਵੀ ਕਰ ਦਿੱਤੀ।
ਇਸ ਤੋਂ ਪਹਿਲਾਂ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕ ਕਾਲੇ ਪਰਨੇ ਪਾ ਕੇ ਵਿਧਾਨ ਸਭਾ ਪਹੁੰਚੇ ਅਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਵਿਧਾਇਕਾਂ ਨੇ ਹੱਥਾਂ ਵਿੱਚ “ਮੁੱਖ ਮੰਤਰੀ ਬਾਈਕਾਟ” ਲਿਖੀਆਂ ਤਖ਼ਤੀਆਂ ਵੀ ਫੜੀਆਂ ਹੋਈਆਂ ਸਨ।
ਵਿਧਾਨ ਸਭਾ ਅੰਦਰ ਕਰੀਬ ਪੰਦਰਾਂ ਮਿੰਟ ਤੱਕ ਨਾਅਰੇਬਾਜ਼ੀ ਕਰਨ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕ ਸਦਨ ਤੋਂ ਬਾਹਰ ਚਲੇ ਗਏ।
ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜੀਰਾ ਤੋਂ ਵਿਧਾਇਕ ਨਰੇਸ਼ ਪੁਰੀ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਜੀਰਾ ਵਿਧਾਨ ਸਭਾ ਹਲਕੇ ਵਿੱਚ ਇਸ ਵੇਲੇ 10 ਆਮ ਆਦਮੀ ਕਲੀਨਿਕ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਲੋੜ ਮੁਤਾਬਕ ਇਨ੍ਹਾਂ ਕਲੀਨਿਕਾਂ ਦੀ ਗਿਣਤੀ ਵਿੱਚ ਹੋਰ ਵਾਧਾ ਵੀ ਕੀਤਾ ਜਾਵੇਗਾ।
ਮੌਨਸੂਨ ਇਜਲਾਸ ਦੇ ਤੀਜੇ ਦਿਨ ਸਦਨ ਵਿੱਚ ਹੋਏ ਹੰਗਾਮੇ ਨੇ ਪੰਜਾਬ ਦੀ ਸਿਆਸਤ ਵਿੱਚ ਬੇਅਦਬੀ ਕਾਨੂੰਨ ਅਤੇ ਧਾਰਮਿਕ ਮਾਮਲਿਆਂ ਨੂੰ ਲੈ ਕੇ ਚੱਲ ਰਹੀ ਤਿੱਖੀ ਸਿਆਸੀ ਖਿੱਚਤਾਣ ਨੂੰ ਇੱਕ ਵਾਰ ਫਿਰ ਸਾਹਮਣੇ ਲਿਆ ਦਿੱਤਾ ਹੈ।
