ਮੋਗਾ: ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੋਗਾ ਫੇਰੀ ਦੌਰਾਨ ਪਾਰਟੀ ਅੰਦਰਲੇ ਮਤਭੇਦ ਖੁੱਲ੍ਹ ਕੇ ਸਾਹਮਣੇ ਆਏ। ਥਾਪਰ ਨਰਸਿੰਗ ਹੋਮ ਵਿੱਚ ਜ਼ਿਲ੍ਹਾ ਪੱਧਰੀ ਆਗੂਆਂ ਨਾਲ ਹੋ ਰਹੀ ਮੀਟਿੰਗ ਦੌਰਾਨ ਕੁਝ ਕਾਂਗਰਸੀ ਵਰਕਰਾਂ ਨੇ ਨਾਅਰੇਬਾਜ਼ੀ ਕਰਦਿਆਂ ਲੀਡਰਸ਼ਿਪ ‘ਤੇ ਸਵਾਲ ਖੜ੍ਹੇ ਕੀਤੇ।
ਮੀਟਿੰਗ ਵਿੱਚ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰੀ ਸਿੰਘ ਖਾਈ ਅਤੇ ਰਾਜਾ ਵੜਿੰਗ ਧੜੇ ਨਾਲ ਸਬੰਧਤ ਆਗੂਆਂ ਦੀ ਮੌਜੂਦਗੀ ਦੇ ਬਾਵਜੂਦ ਧਰਮਕੋਟ ਦੇ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ, ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਅਤੇ ਚਰਨਜੀਤ ਸਿੰਘ ਚੰਨੀ ਦੇ ਸਮਰਥਕ ਮੰਨੇ ਜਾਂਦੇ ਕਈ ਆਗੂਆਂ ਨੂੰ ਸੱਦਾ ਨਾ ਮਿਲਣ ਕਾਰਨ ਨਾਰਾਜ਼ਗੀ ਦੇ ਸੁਰ ਉੱਭਰ ਕੇ ਸਾਹਮਣੇ ਆਏ।
ਭੂਪੇਸ਼ ਬਘੇਲ ਦੀ ਅਗਵਾਈ ਹੇਠ ਚੱਲ ਰਹੀ ਬੈਠਕ ਦੌਰਾਨ ਵੱਡੀ ਗਿਣਤੀ ਵਿੱਚ ਸਥਾਨਕ ਕਾਂਗਰਸੀ ਵਰਕਰ ਮੀਟਿੰਗ ਸਥਾਨ ਦੇ ਬਾਹਰ ਇਕੱਠੇ ਹੋ ਗਏ ਅਤੇ “ਚੰਨੀ ਲਿਆਓ, ਪੰਜਾਬ ਬਚਾਓ” ਦੇ ਨਾਅਰੇ ਲਗਾਉਂਦੇ ਹੋਏ ਰਾਜਾ ਵੜਿੰਗ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਕੁਝ ਵਰਕਰ ਗੇਟ ਖੋਲ੍ਹ ਕੇ ਅੰਦਰ ਵੀ ਦਾਖ਼ਲ ਹੋ ਗਏ, ਪਰ ਉਨ੍ਹਾਂ ਨੂੰ ਮੀਟਿੰਗ ਹਾਲ ਤੱਕ ਪਹੁੰਚਣ ਤੋਂ ਰੋਕ ਦਿੱਤਾ ਗਿਆ।
ਇਸ ਮੌਕੇ ਜ਼ਿਲ੍ਹਾ ਪਰਿਸ਼ਦ ਚੋਣਾਂ ਲੜ ਚੁੱਕੇ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਜਵੰਦਾ, ਜੋਧਾ ਸਿੰਘ ਦੀਨਾ ਅਤੇ ਸਰਪੰਚ ਦਿਲਬਾਗ ਸਿੰਘ ਨੇ ਕਿਹਾ ਕਿ ਮੌਜੂਦਾ ਲੀਡਰਸ਼ਿਪ ਦੇ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦਰਜ ਕਰਨੀ ਮੁਸ਼ਕਲ ਹੈ। ਉਨ੍ਹਾਂ ਦਾ ਦਾਅਵਾ ਸੀ ਕਿ ਧਰਮਕੋਟ, ਮੋਗਾ ਅਤੇ ਬਾਘਾਪੁਰਾਣਾ ਖੇਤਰਾਂ ਵਿੱਚ ਪੁਰਾਣੇ ਅਤੇ ਵਫ਼ਾਦਾਰ ਕਾਂਗਰਸੀ ਵਰਕਰਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਵਰਕਰਾਂ ਨੇ ਦੋਸ਼ ਲਗਾਇਆ ਕਿ ਜ਼ਿਲ੍ਹਾ ਪੱਧਰ ‘ਤੇ ਫ਼ੈਸਲੇ ਇੱਕ ਧੜੇ ਦੀ ਮਰਜ਼ੀ ਨਾਲ ਲਏ ਜਾ ਰਹੇ ਹਨ, ਜਿਸ ਕਾਰਨ ਪਾਰਟੀ ਅੰਦਰ ਨਾਰਾਜ਼ਗੀ ਵਧ ਰਹੀ ਹੈ। ਉਨ੍ਹਾਂ ਰਾਜਾ ਵੜਿੰਗ ਨੂੰ ਖੁੱਲ੍ਹੇ ਮੰਚ ‘ਤੇ ਆ ਕੇ ਵਰਕਰਾਂ ਨਾਲ ਗੱਲਬਾਤ ਕਰਨ ਦੀ ਚੁਣੌਤੀ ਵੀ ਦਿੱਤੀ।
ਪ੍ਰਦਰਸ਼ਨ ਕਰ ਰਹੇ ਆਗੂਆਂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੂੰ ਹਾਈਕਮਾਨ ਸਾਹਮਣੇ ਸੂਬੇ ਦੀ ਅਸਲ ਸਥਿਤੀ ਪੇਸ਼ ਕਰਨੀ ਚਾਹੀਦੀ ਹੈ ਅਤੇ ਜ਼ਮੀਨੀ ਪੱਧਰ ‘ਤੇ ਵਰਕਰਾਂ ਨਾਲ ਸਿੱਧਾ ਸੰਵਾਦ ਕਰਨਾ ਚਾਹੀਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਵਾਪਸੀ ਲਈ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਅੱਗੇ ਲਿਆਉਣਾ ਜ਼ਰੂਰੀ ਹੈ। ਵਰਕਰਾਂ ਨੇ ਇਹ ਤੱਕ ਕਿਹਾ ਕਿ ਪਾਰਟੀ ਦੀ ਏਕਤਾ ਅਤੇ ਮਜ਼ਬੂਤੀ ਲਈ ਰਾਜਾ ਵੜਿੰਗ ਨੂੰ ਆਪਣਾ ਅਹੁਦਾ ਛੱਡਣ ਬਾਰੇ ਵੀ ਸੋਚਣਾ ਚਾਹੀਦਾ ਹੈ।
ਮੋਗਾ ਵਿੱਚ ਹੋਈ ਇਸ ਘਟਨਾ ਨੇ ਇੱਕ ਵਾਰ ਫਿਰ ਪੰਜਾਬ ਕਾਂਗਰਸ ਅੰਦਰ ਚੱਲ ਰਹੀ ਖਿੱਚੋਤਾਣ ਅਤੇ ਧੜੇਬੰਦੀ ਨੂੰ ਜਨਤਕ ਕਰ ਦਿੱਤਾ ਹੈ, ਜਿਸ ਦੇ ਆਉਣ ਵਾਲੀਆਂ ਚੋਣਾਂ ‘ਤੇ ਵੀ ਅਸਰ ਪੈ ਸਕਦੇ ਹਨ।
