HomePunjab Newsਵਿਧਾਨ ਸਭਾ ਦੇ ਸਿਫ਼ਰ ਕਾਲ ਦੌਰਾਨ ਗੂੰਜੇ ਬੰਦੀ ਸਿੰਘਾਂ, ਗੁਰਬਾਣੀ ਪ੍ਰਸਾਰਨ ਅਤੇ...

ਵਿਧਾਨ ਸਭਾ ਦੇ ਸਿਫ਼ਰ ਕਾਲ ਦੌਰਾਨ ਗੂੰਜੇ ਬੰਦੀ ਸਿੰਘਾਂ, ਗੁਰਬਾਣੀ ਪ੍ਰਸਾਰਨ ਅਤੇ ਮੁਲਾਜ਼ਮਾਂ ਦੇ ਡੀਏ ਦੇ ਮੁੱਦੇ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਸਿਫ਼ਰ ਕਾਲ ਦੌਰਾਨ ਅੱਜ ਸਦਨ ਵਿੱਚ ਬੰਦੀ ਸਿੰਘਾਂ ਦੀ ਰਿਹਾਈ, ਗੁਰਬਾਣੀ ਦੇ ਸਿੱਧੇ ਪ੍ਰਸਾਰਨ, ਸਰਕਾਰੀ ਮੁਲਾਜ਼ਮਾਂ ਦੇ ਡੀਏ, ਵਿਕਾਸ ਕਾਰਜਾਂ ਅਤੇ ਹੋਰ ਕਈ ਅਹਿਮ ਮਸਲੇ ਛਾਏ ਰਹੇ। ਵੱਖ-ਵੱਖ ਪਾਰਟੀਆਂ ਦੇ ਵਿਧਾਇਕਾਂ ਨੇ ਸਰਕਾਰ ਦੇ ਸਾਹਮਣੇ ਆਪਣੇ-ਆਪਣੇ ਹਲਕਿਆਂ ਅਤੇ ਜਨਤਾ ਨਾਲ ਜੁੜੇ ਮੁੱਦੇ ਉਠਾਉਂਦੇ ਹੋਏ ਕਈ ਘਪਲਿਆਂ ਦੀ ਜਾਂਚ ਦੀ ਮੰਗ ਵੀ ਕੀਤੀ।

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸਦਨ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉਠਾਉਂਦਿਆਂ ਸਰਕਾਰਾਂ ਦੇ ਦੋਹਰੇ ਰਵੱਈਏ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਵਰਗੇ ਬੰਦੀ ਸਿੰਘਾਂ ਨੂੰ ਪੈਰੋਲ ਤੱਕ ਨਹੀਂ ਮਿਲ ਰਹੀ, ਜਦਕਿ ਦੂਜੇ ਪਾਸੇ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ।

ਇਆਲੀ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਮਾਮਲਾ ਵੀ ਚੁੱਕਿਆ। ਉਨ੍ਹਾਂ ਦੋਸ਼ ਲਗਾਇਆ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਤਬਦੀਲ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਉਨ੍ਹਾਂ ਨੂੰ ਸੰਸਦ ਦੇ ਮੌਨਸੂਨ ਇਜਲਾਸ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਹਾਈ ਕੋਰਟ ਵਿੱਚ ਇਸ ਮਾਮਲੇ ਸਬੰਧੀ ਲੰਬੀਆਂ ਤਰੀਕਾਂ ਲੈ ਰਹੀ ਹੈ ਅਤੇ ਸੰਸਦੀ ਕੋਟੇ ਦੇ ਫੰਡ ਵੀ ਜਾਰੀ ਨਹੀਂ ਕੀਤੇ ਜਾ ਰਹੇ।

ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਗੁਰਬਾਣੀ ਦੇ ਸਿੱਧੇ ਪ੍ਰਸਾਰਨ ਨਾਲ ਜੁੜਿਆ ਮੁੱਦਾ ਚੁੱਕਿਆ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਨਿੱਜੀ ਚੈਨਲ ਨੂੰ ਪ੍ਰਸਾਰਨ ਦੇ ਅਧਿਕਾਰ ਦਿੱਤੇ ਗਏ ਹਨ, ਜਦਕਿ ਸਾਲ 2023 ਤੋਂ ਉਸ ਚੈਨਲ ਵੱਲ ਕਮੇਟੀ ਦੇ ਕਰੀਬ ਛੇ ਕਰੋੜ ਰੁਪਏ ਬਕਾਇਆ ਹਨ। ਗਿਆਸਪੁਰਾ ਨੇ ਲੇਖਾਕਾਰ ਸਤਿੰਦਰ ਕੋਹਲੀ ਤੋਂ ਸਾਢੇ ਸੱਤ ਕਰੋੜ ਰੁਪਏ ਦੀ ਵਸੂਲੀ ਨਾ ਹੋਣ ਦਾ ਮਾਮਲਾ ਵੀ ਸਦਨ ਵਿੱਚ ਉਠਾਇਆ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਗੁਰੂ ਰਵਿਦਾਸ ਜੀ ਦੀ ਜਨਮ ਜਯੰਤੀ ਦੇ ਮੱਦੇਨਜ਼ਰ ਹੁਸ਼ਿਆਰਪੁਰ ਸ਼ਹਿਰ ਦਾ ਨਾਮ ਬਦਲ ਕੇ “ਸ੍ਰੀ ਗੁਰੂ ਰਵਿਦਾਸ ਨਗਰ” ਰੱਖਣ ਦੀ ਮੰਗ ਕੀਤੀ। ਉੱਥੇ ਹੀ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਵਣਾਂਵਾਲੀ ਨੇ ਟਿਊਬਵੈੱਲ ਕੁਨੈਕਸ਼ਨਾਂ ਦੀ ਵੰਡ ਸਬੰਧੀ ਸੁਝਾਅ ਦਿੰਦਿਆਂ ਕਿਹਾ ਕਿ ਮੋਟਰ ਕੁਨੈਕਸ਼ਨਾਂ ਨੂੰ ਅੱਧੀ-ਅੱਧੀ ਹਾਰਸ ਪਾਵਰ ਵਿੱਚ ਵੰਡ ਕੇ ਨਵੇਂ ਕੁਨੈਕਸ਼ਨ ਜਾਰੀ ਕੀਤੇ ਜਾਣ।

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਇਮਾਰਤੀ ਸਮੱਗਰੀ ਦੇ ਨਿਰਧਾਰਿਤ ਭਾਅ ਮਾਰਕੀਟ ਨਾਲੋਂ ਕਾਫ਼ੀ ਘੱਟ ਹਨ, ਜਿਸ ਕਾਰਨ ਵਿਕਾਸ ਕੰਮ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਸਰਕਾਰ ਨੂੰ ਇਹ ਦਰਾਂ ਮੁੜ ਤੈਅ ਕਰਨ ਦੀ ਅਪੀਲ ਕੀਤੀ।

ਭਾਜਪਾ ਦੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਪਠਾਨਕੋਟ ਦੇ ਵਿਕਾਸ ਨਾਲ ਜੁੜੇ ਮੁੱਦੇ ਉਠਾਏ, ਜਦਕਿ ਜੰਗੀ ਲਾਲ ਮਹਾਜਨ ਨੇ ਨਵੇਂ ਬਣੇ 26 ਖੇਡ ਮੈਦਾਨਾਂ ਦੀ ਜਾਂਚ ਦੀ ਮੰਗ ਕੀਤੀ। ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਜੇਸੀਟੀ ਮਿੱਲ ਦੇ ਕਰਮਚਾਰੀਆਂ ਦੇ ਬਕਾਏ ਜਲਦੀ ਅਦਾ ਕਰਨ ਦੀ ਮੰਗ ਕੀਤੀ, ਜਦਕਿ ਬਸਪਾ ਵਿਧਾਇਕ ਡਾ. ਨਛੱਤਰ ਪਾਲ ਨੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਬਣ ਰਹੇ ਮੈਡੀਕਲ ਕਾਲਜ ਦਾ ਕੰਮ ਸ਼ੁਰੂ ਨਾ ਹੋਣ ਦਾ ਮੁੱਦਾ ਚੁੱਕਿਆ।

ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀਏ ਦਾ ਮਸਲਾ ਸਦਨ ਵਿੱਚ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ ਸਾਢੇ ਸੱਤ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਚਾਰ ਸਾਲਾਂ ਦਾ ਬਕਾਇਆ ਡੀਏ, ਜੋ ਲਗਭਗ 14 ਹਜ਼ਾਰ ਕਰੋੜ ਰੁਪਏ ਬਣਦਾ ਹੈ, 6 ਫ਼ੀਸਦੀ ਵਿਆਜ ਸਮੇਤ 15 ਦਿਨਾਂ ਅੰਦਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਬਾਜਵਾ ਨੇ ਸਰਕਾਰ ਤੋਂ ਸਪੱਸ਼ਟ ਕਰਨ ਦੀ ਮੰਗ ਕੀਤੀ ਕਿ ਕੀ ਉਹ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰੇਗੀ ਜਾਂ ਫਿਰ ਇਸ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments